3 girls missing from Faridkot found in Maharashtra, the whole matter will be unraveled
ਫਰੀਦਕੋਟ ਤੋਂ ਲਾਪਤਾ ਹੋਈਆਂ 3 ਕੁੜੀਆਂ ਮਹਾਰਾਸ਼ਟਰ ‘ਚ ਮਿਲੀਆਂ, ਪੂਰਾ ਮਾਮਲਾ ਜਾਣ ਉਡਣਗੇ ਹੋਸ਼
ਫਰੀਦਕੋਟ (ਆਵਾਜ਼ਿ ਕੌਮ ਬਿਊਰੋ)-ਫਰੀਦਕੋਟ ਪੁਲਸ ਨੇ ਇਕ ਅਤਿ-ਸੰਵੇਦਨਸ਼ੀਲ ਮਾਮਲੇ ਨੂੰ ਟਰੇਸ ਕਰਦਿਆਂ ਮਹਾਰਾਸ਼ਟਰ ਤੋਂ 3 ਨਾਬਾਲਗ ਲੜਕੀਆਂ ਨੂੰ ਸਹੀ-ਸਲਾਮਤ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਮਾਮਲੇ ’ਚ ਪੁਲਸ ਵੱਲੋਂ ਇਕ ਔਰਤ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਐੱਸ.ਪੀ. (ਇਨਵੈਸਟੀਗੇਸ਼ਨ) ਨਰਿੰਦਰ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ. ਐੱਸ. ਪੀ. ਫਰੀਦਕੋਟ ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਨ੍ਹਾਂ ਦੀ ਰਹਿਨੁਮਾਈ ਹੇਠ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਵਿਸ਼ੇਸ਼ ਪੁਲਸ ਟੀਮਾਂ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਐੱਸ. ਐੱਚ. ਓ. ਅਕਲਪ੍ਰੀਤ ਸਿੰਘ ਥਾਣਾ ਸਿਟੀ-2 ਦੀ ਅਗਵਾਈ ਹੇਠ ਟੀਮਾਂ ਨੇ ਤਕਨੀਕੀ ਅਤੇ ਮਨੁੱਖੀ ਇੰਟੈਲੀਜੈਂਸ ਦੀ ਮਦਦ ਨਾਲ ਲੜਕੀਆਂ ਦੀ ਭਾਲ ਸ਼ੁਰੂ ਕੀਤੀ। ਐੱਸ.ਪੀ. ਨੇ ਦੱਸਿਆ ਕਿ ਪੁਲਸ ਟੀਮਾਂ ਨੇ ਲਗਾਤਾਰ ਜਾਣਕਾਰੀ ਇਕੱਤਰ ਕਰਦਿਆਂ ਮਹਾਰਾਸ਼ਟਰ ’ਚ ਵਿਸ਼ੇਸ਼ ਕਾਰਵਾਈ ਕੀਤੀ। ਪੁਲਸ ਵੱਲੋਂ ਦੋ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ, ਜਿਨ੍ਹਾਂ ਨੇ ਯੋਜਨਾਬੱਧ ਢੰਗ ਨਾਲ ਕਾਰਵਾਈ ਕਰਦਿਆਂ ਤਿੰਨੋਂ ਨਾਬਾਲਗ ਲੜਕੀਆਂ ਨੂੰ ਸਹੀ-ਸਲਾਮਤ ਬਰਾਮਦ ਕਰ ਲਿਆ। ਉਨ੍ਹਾਂ ਦੱਸਿਆ ਕਿ ਨਾਬਾਲਗ ਲੜਕੀਆਂ ਦੀ ਪਹਿਚਾਣ ਗੁਪਤ ਰੱਖੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਸੁਰੱਖਿਅਤ ਤੌਰ ’ਤੇ ਪੁਲਸ ਦੀ ਹਿਰਾਸਤ ’ਚ ਲਿਆ ਗਿਆ ਹੈ। ਇਸ ਮਾਮਲੇ ’ਚ ਪੁਲਸ ਵੱਲੋਂ ਅਸ਼ਵਨੀ ਕੌਰ ਅਤੇ ਆਸ਼ੀਸ਼ ਨੂੰ ਟਰੇਸ ਕਰ ਕੇ ਕਾਬੂ ਕੀਤਾ ਗਿਆ ਹੈ। ਐੱਸ. ਪੀ. ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਮੁਕੱਦਮਾ ਨੰਬਰ 405 ਥਾਣਾ ਸਿਟੀ-2 ਫਰੀਦਕੋਟ ਵਿਖੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਉੱਚ ਪੱਧਰੀ ਜਾਂਚ ਜਾਰੀ ਹੈ ਅਤੇ ਪੁਲਸ ਵੱਲੋਂ ਇਸ ਗੱਲ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਮਾਮਲੇ ਨਾਲ ਹੋਰ ਕਿਹੜੇ ਵਿਅਕਤੀ ਜਾਂ ਅੰਤਰ-ਰਾਜੀ ਕੜੀਆਂ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਕਾਨੂੰਨ ਅਨੁਸਾਰ ਬਣਦੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਐੱਸ.ਪੀ. ਨੇ ਕਿਹਾ ਕਿ ਨਾਬਾਲਗ ਬੱਚਿਆਂ ਦੀ ਸੁਰੱਖਿਆ ਫਰੀਦਕੋਟ ਪੁਲਸ ਦੀ ਪ੍ਰਮੁੱਖ ਤਰਜੀਹ ਹੈ ਅਤੇ ਅਜਿਹੇ ਸੰਵੇਦਨਸ਼ੀਲ ਮਾਮਲਿਆਂ ’ਚ ਪੁਲਸ ਵੱਲੋਂ ਤੁਰੰਤ ਅਤੇ ਪੇਸ਼ੇਵਰ ਢੰਗ ਨਾਲ ਕਾਰਵਾਈ ਕੀਤੀ ਜਾ ਰਹੀ ਹੈ।

