328 Holy Saroop Case: Important guidelines given to SGPC by the Executive Jathedar of Akal Takht Sahib
328 ਪਾਵਨ ਸਰੂਪ ਮਾਮਲਾ: ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਅਹਿਮ ਦਿਸ਼ਾ-ਨਿਰਦੇਸ਼

ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਵੱਲੋਂ 328 ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਹਿਮ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਬੁਲਾਰੇ ਸਰਦਾਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸਰਕਾਰ ਵੱਲੋਂ 228 ਸਰੂਪਾਂ ਦੇ ਮਾਮਲੇ ਵਿੱਚ ਦਰਜ ਕੀਤੀ ਗਈ ਐਫਆਈਆਰ ਅਤੇ ਬਣਾਈ ਗਈ ਸਿੱਟ ਨੂੰ 328 ਸਰੂਪਾਂ ਨਾਲ ਸੰਬੰਧਿਤ ਸਾਰੇ ਉਪਲਬਧ ਦਸਤਾਵੇਜ਼ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਅਗਵਾਈ ਹੇਠ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਇਸ ਮਾਮਲੇ ਨੂੰ ਲੈ ਕੇ ਵੱਡਾ ਵਾਵੇਲਾ ਤੇ ਰਾਮਰੌਲਾ ਪੈਦਾ ਕੀਤਾ ਜਾ ਰਿਹਾ ਸੀ, ਜਿਸ ਕਾਰਨ ਸੰਗਤ ਵਿੱਚ ਭਰਮ ਪੈਦਾ ਹੋਇਆ ਕਿ ਸ਼੍ਰੋਮਣੀ ਕਮੇਟੀ ਸ਼ਾਇਦ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਭਰਮ ਨੂੰ ਦੂਰ ਕਰਨ ਲਈ ਹੀ ਅਕਾਲ ਤਖਤ ਸਾਹਿਬ ਵੱਲੋਂ ਇਹ ਸਪਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਸਰਦਾਰ ਗਰੇਵਾਲ ਨੇ ਯਾਦ ਦਿਵਾਇਆ ਕਿ ਪਿਛਲੇ ਸਮੇਂ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਇਹ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪਿਆ ਗਿਆ ਸੀ, ਜਿਸ ਤੋਂ ਬਾਅਦ ਗਿਆਨੀ ਈਸ਼ਰ ਸਿੰਘ ਜੀ ਦੀ ਅਗਵਾਈ ਹੇਠ ਜਾਂਚ ਕੀਤੀ ਗਈ। ਇਸ ਜਾਂਚ ਦੌਰਾਨ 16 ਵਿਅਕਤੀਆਂ ਨੂੰ ਦੋਸ਼ੀ ਪਾਇਆ ਗਿਆ ਅਤੇ ਉਨ੍ਹਾਂ ਨੂੰ ਸਜ਼ਾਵਾਂ ਦਿੱਤੀਆਂ ਗਈਆਂ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਨੇ ਪੂਰੀ ਤਰ੍ਹਾਂ ਲਾਗੂ ਕੀਤਾ। ਇੱਥੋਂ ਤੱਕ ਕਿ ਹਾਈਕੋਰਟ ਤੋਂ ਬਹਾਲ ਹੋ ਕੇ ਆਏ ਚਾਰ ਕਰਮਚਾਰੀਆਂ ਦੀ ਬਹਾਲੀ ਵੀ ਸ਼੍ਰੋਮਣੀ ਕਮੇਟੀ ਨੇ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੇ ਮੱਦੇਨਜ਼ਰ ਸਵੀਕਾਰ ਨਹੀਂ ਕੀਤੀ।
ਉਨ੍ਹਾਂ ਦੱਸਿਆ ਕਿ ਸਿੰਘ ਸਾਹਿਬ ਨੇ ਇਸ ਮੌਕੇ ਉਨ੍ਹਾਂ ਲੋਕਾਂ ਨੂੰ ਵੀ ਸਖ਼ਤ ਤੌਰ ’ਤੇ ਤਾੜਨਾ ਕੀਤੀ ਹੈ ਜੋ ਗੁਰੂ ਗ੍ਰੰਥ ਸਾਹਿਬ ਜੀ ਵਰਗੇ ਅਤਿ ਸੰਵੇਦਨਸ਼ੀਲ ਮਾਮਲੇ ’ਤੇ ਬੇਲੋੜਾ ਵਿਵਾਦ ਖੜਾ ਕਰਕੇ ਅਪਮਾਨਜਨਕ ਜਾਂ ਉੱਚੀ-ਨੀਵੀਂ ਭਾਸ਼ਾ ਵਰਤ ਰਹੇ ਹਨ। ਨਾਲ ਹੀ ਉਸ ਜਾਂਚ ਰਿਪੋਰਟ ਦਾ ਵੀ ਹਵਾਲਾ ਦਿੱਤਾ ਗਿਆ, ਜਿਸ ਦੇ ਆਧਾਰ ’ਤੇ 16 ਵਿਅਕਤੀਆਂ ਖ਼ਿਲਾਫ਼ ਕਾਰਵਾਈ ਹੋਈ ਅਤੇ 95 ਦੇ ਕਰੀਬ ਪਰਚੇ ਦਰਜ ਕੀਤੇ ਗਏ, ਜਿਸ ਵਿੱਚ ਸਪਸ਼ਟ ਲਿਖਿਆ ਗਿਆ ਸੀ ਕਿ ਕੋਈ ਵੀ ਸਿਆਸੀ ਪਾਰਟੀ ਇਸ ਮਾਮਲੇ ਤੋਂ ਸਿਆਸੀ ਲਾਭ ਨਾ ਉਠਾਵੇ।
ਸਰਦਾਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਹਮੇਸ਼ਾਂ ਵਚਨਬੱਧ ਰਹੀ ਹੈ ਅਤੇ ਅੱਗੇ ਵੀ ਰਹੇਗੀ। ਉਨ੍ਹਾਂ ਆਸ ਜਤਾਈ ਕਿ ਸਰਕਾਰ ਵੱਲੋਂ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਚੱਲ ਰਹੀ ਜਾਂਚ ਦੇ ਨਤੀਜੇ ਜਲਦ ਸਾਹਮਣੇ ਆਉਣਗੇ, ਤਾਂ ਜੋ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਪੈਦਾ ਹੋਏ ਸਾਰੇ ਭਰਮ ਤੇ ਸ਼ੰਕਾਵਾਂ ਦੂਰ ਹੋ ਸਕਣ।
