8 lakh job cards cancelled in Punjab! 14 lakh workers excluded from this scheme, read the reason
ਪੰਜਾਬ ‘ਚ 8 ਲੱਖ ਜੌਬ ਕਾਰਡ ਰੱਦ! 14 ਲੱਖ ਕਾਮੇ ਇਸ ਸਕੀਮ ‘ਚੋਂ ਬਾਹਰ, ਪੜ੍ਹੋ ਕੀ ਰਿਹਾ ਕਾਰਨ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪਿਛਲੇ 5 ਸਾਲਾਂ ਦੌਰਾਨ ਸੂਬੇ ‘ਚ ਮਗਨਰੇਗਾ ਸਕੀਮ ਤਹਿਤ 8 ਲੱਖ ਤੋਂ ਵੱਧ ਜੌਬ ਕਾਰਡ ਡਿਲੀਟ ਕੀਤੇ ਗਏ ਹਨ। ਇਸ ਨਾਲ 14 ਲੱਖ ਮਗਨਰੇਗਾ ਕਾਮਿਆਂ ਨੂੰ ਇਸ ਸਕੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ। ਇਹ ਸਕੀਮ ਪਹਿਲੀ ਜੁਲਾਈ ਤੋਂ ‘ਵਿਕਸਿਤ ਭਾਰਤ ਜੀ ਰਾਮ ਜੀ’ ‘ਚ ਤਬਦੀਲ ਹੋ ਗਈ ਹੈ। ਕੇਂਦਰੀ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰਾਲੇ ਵਲੋਂ ਪੇਸ਼ ਕੀਤੇ ਗਏ ਅੰਕੜਿਆਂ ਦੌਰਾਨ ਇਸ ਗੱਲ ਦਾ ਖ਼ੁਲਾਸਾ ਹੋਇਆ ਹੈ। ਸਾਲ 2021 ਤੋਂ 2026 ਤੱਕ ਅਯੋਗ ਲਾਭਪਾਤਰੀਆਂ ਨੂੰ ਸੂਚੀ ‘ਚੋਂ ਹਟਾਉਣ ਦੀ ਮੁਹਿੰਮ ਤਹਿਤ ਸੂਬੇ ‘ਚ 8 ਲੱਖ ਜੌਬ ਕਾਰਡ ਡਿਲੀਟ ਕੀਤੇ ਗਏ ਹਨ। ਵੇਰਵਿਆਂ ਮੁਤਾਬਕ ਸਾਲ 2021-2026 ਦੌਰਾਨ ਕੁੱਲ 14.05 ਲੱਖ ਕਾਮਿਆਂ ਨੂੰ ਡੇਟਾਬੇਸ ‘ਚੋਂ ਹਟਾਇਆ ਗਿਆ ਹੈ। ਕੇਂਦਰ ਸਰਕਾਰ ‘ਚ ਲਾਭਪਾਤਰੀਆਂ ਦੇ ਰਿਕਾਰਡ ‘ਚ ਬੇਨਿਯਮੀਆਂ ਰੋਕਣ ਲਈ ਸਮੇਂ-ਸਮੇਂ ‘ਤੇ ਕੀਤੀ ਗਈ ਪੜਤਾਲ ਦੌਰਾਨ ਉਪਰੋਕਤ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ। ਮਗਨਰੇਗਾ ਤਹਿਤ ਰੁਜ਼ਗਾਰ ਦੀ ਮੰਗ ਕਰਨ ਵਾਲੇ ਪਰਿਵਾਰਾਂ ਦੀ ਗਿਣਤੀ 2025-26 ‘ਚ 6.46 ਲੱਖ ਪਰਿਵਾਰਾਂ ਦੇ ਮੁਕਾਬਲੇ 2026-27 ‘ਚ ਘੱਟ ਕੇ 3.02 ਲੱਖ ਰਹਿ ਗਈ ਹੈ। ਕਈ ਮਾਮਲਿਆਂ ‘ਚ ਜਦੋਂ ਸਾਰੇ ਰਜਿਸਟਰਡ ਮੈਂਬਰ ਅਯੋਗ ਮਿਲੇ ਜਾਂ ਪਿੰਡਾਂ ‘ਚ ਨਹੀਂ ਰਹਿ ਰਹੇ ਸਨ ਤਾਂ ਪੂਰੇ ਜੌਬ ਕਾਰਡ ਹੀ ਰੱਦ ਕਰ ਦਿੱਤੇ ਗਏ। ਅਧਿਕਾਰੀ ਇਸ ਲਈ ਕਈ ਕਾਰਨਾਂ ਨੂੰ ਜ਼ਿੰਮੇਵਾਰ ਮੰਨਦੇ ਹਨ, ਜਿਨ੍ਹਾਂ ‘ਚ ਨਕਲੀ ਜੌਬ ਕਾਰਡਾਂ ਨੂੰ ਹਟਾਉਣਾ, ਮ੍ਰਿਤਕ ਲਾਭਪਾਤਰੀਆਂ ਦੇ ਨਾਂ ਕੱਟਣਾ, ਨਿਯਮਿਤ ਰੁਜ਼ਗਾਰ ਮਿਲਣ ਤੋਂ ਬਾਅਦ ਲਾਭਪਾਤਰੀਆਂ ਦਾ ਖ਼ੁਦ ਬਾਹਰ ਹੋਣਾਂ ਅਤੇ ਲੰਬੇ ਸਮੇਂ ਤੋਂ ਗੈਰ-ਸਰਗਰਮ ਕਾਰਡਾਂ ਨੂੰ ਰੱਦ ਕਰਨਾ ਸ਼ਾਮਲ ਹੈ। ਇਸ ਸਬੰਧੀ ਅਧਿਕਾਰੀਆਂ ਮੁਤਾਬਕ ਹੁਣ ਸਾਰਾ ਧਿਆਨ ਇਸ ਗੱਲ ’ਤੇ ਕੇਂਦਰਿਤ ਹੈ ਕਿ ਲਾਭ ਸਿਰਫ਼ ਯੋਗ ਪੇਂਡੂ ਪਰਿਵਾਰਾਂ ਤੱਕ ਪਹੁੰਚੇ ਅਤੇ ਯੋਜਨਾ ਤਹਿਤ ਤਿਆਰ ਕੀਤੀਆਂ ਗਈਆਂ ਸੰਪਤੀਆਂ ਦੀ ਗੁਣਵੱਤਾ ‘ਚ ਸੁਧਾਰ ਹੋਵੇ।

