“Jathedar Gargaj Expresses Condolences in Henry Nowak Case”
“ਹੈਨਰੀ ਨੋਵਾਕ ਮਾਮਲੇ ‘ਚ ਜਥੇਦਾਰ ਗੜਗੱਜ ਨੇ ਪ੍ਰਗਟਾਈ ਹਮਦਰਦੀ”

ਉਨ੍ਹਾਂ ਚਿੰਤਾ ਜਤਾਈ ਕਿ ਇਸ ਮਾਮਲੇ ਨੂੰ ਆਧਾਰ ਬਣਾ ਕੇ ਕੁਝ ਤਾਕਤਾਂ ਸਮੁੱਚੀ ਸਿੱਖ ਕੌਮ ਨੂੰ ਨਿਸ਼ਾਨਾ ਬਣਾਉਣ, ਸਿੱਖ ਕਕਾਰ ਕਿਰਪਾਨ ‘ਤੇ ਪਾਬੰਦੀ ਦੀ ਮੰਗ ਕਰਨ ਅਤੇ ਨਫ਼ਰਤ ਦੀ ਸਿਆਸਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇੱਕ ਵਿਅਕਤੀ ਦੀ ਕਰਤੂਤ ਨੂੰ ਪੂਰੇ ਭਾਈਚਾਰੇ ਨਾਲ ਜੋੜਨਾ ਠੀਕ ਨਹੀਂ।
ਜਥੇਦਾਰ ਗੜਗੱਜ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਵਰਤਿਆ ਗਿਆ ਹਥਿਆਰ ਸਿੱਖ ਕਕਾਰ ਕਿਰਪਾਨ ਨਹੀਂ ਸੀ। ਉਨ੍ਹਾਂ ਦੱਸਿਆ ਕਿ ਸਿੱਖੀ ਸਿਧਾਂਤ ਅਨੁਸਾਰ ਕਿਰਪਾਨ ਮਜ਼ਲੂਮਾਂ ਦੀ ਰੱਖਿਆ ਅਤੇ ਨਿਆਂ ਲਈ ਧਾਰਨ ਕੀਤੀ ਜਾਂਦੀ ਹੈ, ਨਾ ਕਿ ਕਿਸੇ ‘ਤੇ ਅਨਿਆਂ ਕਰਨ ਲਈ।
ਉਨ੍ਹਾਂ ਯੂਕੇ ਦੀਆਂ ਸਾਰੀਆਂ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਹੈਨਰੀ ਨੋਵਾਕ ਦੇ ਪਰਿਵਾਰ ਨਾਲ ਖੜ੍ਹਨ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣ। ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਦੁਨੀਆ ਭਰ ਵਿੱਚ ਸ਼ਾਂਤੀ, ਸੇਵਾ ਅਤੇ ਕਾਨੂੰਨ ਦੀ ਪਾਲਣਾ ਲਈ ਜਾਣਿਆ ਜਾਂਦਾ ਹੈ।
ਜਥੇਦਾਰ ਗੜਗੱਜ ਨੇ ਯੂਕੇ ਸਰਕਾਰ, ਵੱਖ-ਵੱਖ ਭਾਈਚਾਰਿਆਂ ਅਤੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਤੱਥਾਂ ਅਤੇ ਸੱਚਾਈ ਦੇ ਆਧਾਰ ‘ਤੇ ਪੇਸ਼ ਕੀਤਾ ਜਾਵੇ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਫੈਲਾਉਣ ਵਾਲੀਆਂ ਕੋਸ਼ਿਸ਼ਾਂ ਤੋਂ ਬਚਿਆ ਜਾਵੇ।
