“290 Sikh Pilgrims Granted Pakistan Visas for Maharaja Ranjit Singh’s Anniversary”
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਅੰਮ੍ਰਿਤਸਰ, 19 ਜੂਨ 2026 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ) ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਲਈ 290 ਵੀਜ਼ੇ ਪ੍ਰਾਪਤ ਹੋਏ ਹਨ। ਇਹ ਧਾਰਮਿਕ ਜਥਾ 21 ਜੂਨ ਨੂੰ ਸਵੇਰੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ।
ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਡੇਰਾ ਸਾਹਿਬ, ਲਾਹੌਰ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਅਤੇ ਪਾਕਿਸਤਾਨ ਸਥਿਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ 302 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ।
ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 290 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ, ਜਦਕਿ 12 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ। ਵੀਜ਼ਾ ਨਾ ਮਿਲਣ ਵਾਲੇ ਸ਼ਰਧਾਲੂਆਂ ਦੇ ਸੀਰੀਅਲ ਨੰਬਰ 33, 66, 67, 68, 76, 131, 143, 144, 145, 151, 291 ਅਤੇ 292 ਹਨ।
ਸ. ਮਥਰੇਵਾਲ ਨੇ ਦੱਸਿਆ ਕਿ ਜਥਾ ਪਾਕਿਸਤਾਨ ਵਿੱਚ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰੇਗਾ ਅਤੇ 29 ਜੂਨ ਨੂੰ ਗੁਰਦੁਆਰਾ ਸ੍ਰੀ ਡੇਰਾ ਸਾਹਿਬ, ਲਾਹੌਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮਾਂ ਵਿੱਚ ਸ਼ਮੂਲੀਅਤ ਕਰੇਗਾ। ਇਸ ਉਪਰੰਤ ਜਥਾ 30 ਜੂਨ ਨੂੰ ਵਾਪਸ ਭਾਰਤ ਪਰਤੇਗਾ।
ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਵੀਜ਼ਾ ਲੱਗੇ ਪਾਸਪੋਰਟ 20 ਅਤੇ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕਰ ਲਏ ਜਾਣ।
ਇਹ ਯਾਤਰਾ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਜੁੜੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਬਹੁਤ ਮਹੱਤਵਪੂਰਨ ਮੰਨੀ ਜਾਂਦੀ ਹੈ ਅਤੇ ਹਰ ਸਾਲ ਵੱਡੀ ਗਿਣਤੀ ਵਿੱਚ ਸੰਗਤ ਇਸ ਵਿੱਚ ਸ਼ਮੂਲੀਅਤ ਕਰਦੀ ਹੈ।
