Nihang Singhs Seize Gurdwara Sahib in Rudraprayag, Internet Services Suspended
ਨਿਹੰਗ ਸਿੰਘਾਂ ਵੱਲੋਂ ਗੁਰਦੁਆਰਾ ਸਾਹਿਬ ‘ਤੇ ਕਬਜ਼ਾ, ਇੰਟਰਨੈੱਟ ਸੇਵਾਵਾਂ ਬੰਦ

ਦੇਹਰਾਦੂਨ/ਕਰਨਪ੍ਰਯਾਗ, 21 ਜੂਨ 2026 – ਉੱਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ ਵਿੱਚ ਸਥਿਤ ਨਗਰਾਸੂ ਗੁਰਦੁਆਰਾ ਸਾਹਿਬ ਵਿਖੇ ਸ਼ਨੀਵਾਰ ਦੇਰ ਸ਼ਾਮ ਤਣਾਅਪੂਰਨ ਸਥਿਤੀ ਬਣ ਗਈ, ਜਦੋਂ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ਗਿਆ ਕਿ ਪੰਜਾਬ ਤੋਂ ਆਏ ਕੁਝ ਨਿਹੰਗ ਸਿੰਘਾਂ ਨੇ ਗੁਰਦੁਆਰਾ ਸਾਹਿਬ ਦਾ ਕੰਟਰੋਲ ਆਪਣੇ ਹੱਥ ਵਿੱਚ ਲੈ ਲਿਆ ਅਤੇ ਇੱਕ ਸੇਵਾਦਾਰ ਨੂੰ ਬੰਧਕ ਬਣਾ ਲਿਆ।
ਪ੍ਰਾਪਤ ਜਾਣਕਾਰੀ ਅਨੁਸਾਰ, ਨਿਹੰਗ ਸਿੰਘਾਂ ਦੀ ਨਾਰਾਜ਼ਗੀ ਕਰਨਪ੍ਰਯਾਗ ਵਿੱਚ ਹਾਲ ਹੀ ਦੌਰਾਨ ਵਾਪਰੀ ਘਟਨਾ ਨੂੰ ਲੈ ਕੇ ਦੱਸੀ ਜਾ ਰਹੀ ਹੈ। ਸੂਤਰਾਂ ਮੁਤਾਬਕ ਨਿਹੰਗ ਸਿੰਘਾਂ ਦਾ ਮੰਨਣਾ ਹੈ ਕਿ ਗੁਰਦੁਆਰਾ ਪ੍ਰਬੰਧਕਾਂ ਨੇ ਉਸ ਮਾਮਲੇ ਵਿੱਚ ਖੁੱਲ੍ਹ ਕੇ ਉਨ੍ਹਾਂ ਦਾ ਪੱਖ ਨਹੀਂ ਲਿਆ।
ਗੜ੍ਹਵਾਲ ਰੇਂਜ ਦੇ ਇੰਸਪੈਕਟਰ ਜਨਰਲ (ਆਈਜੀ) ਰਾਜੀਵ ਸਰੂਪ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਖ਼ੁਦ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਬੰਧਕ ਬਣਾਏ ਜਾਣ ਦੀ ਸੂਚਨਾ ਮਿਲੀ ਹੈ ਅਤੇ ਮਾਮਲੇ ਨੂੰ ਸ਼ਾਂਤੀਪੂਰਨ ਢੰਗ ਨਾਲ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪ੍ਰਸ਼ਾਸਨ ਨੇ ਅਫ਼ਵਾਹਾਂ ਅਤੇ ਗਲਤ ਜਾਣਕਾਰੀ ਦੇ ਫੈਲਾਅ ਨੂੰ ਰੋਕਣ ਲਈ ਇਲਾਕੇ ਵਿੱਚ ਇੰਟਰਨੈੱਟ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ITBP ਅਤੇ PAC ਦੀਆਂ ਵਾਧੂ ਟੁਕੜੀਆਂ ਤਾਇਨਾਤ ਕੀਤੀਆਂ ਗਈਆਂ ਹਨ।
ਕਰਨਪ੍ਰਯਾਗ ਇਲਾਕੇ ਵਿੱਚ, ਜਿੱਥੋਂ ਵਿਵਾਦ ਦੀ ਸ਼ੁਰੂਆਤ ਹੋਈ ਸੀ, ਪ੍ਰਸ਼ਾਸਨ ਵੱਲੋਂ ਧਾਰਾ 163 ਲਾਗੂ ਕੀਤੀ ਗਈ ਹੈ। ਇਸ ਤਹਿਤ ਜਨਤਕ ਇਕੱਠਾਂ ਅਤੇ ਭੀੜ ਇਕੱਠੀ ਕਰਨ ‘ਤੇ ਪਾਬੰਦੀ ਲਗਾਈ ਗਈ ਹੈ।
ਫਿਲਹਾਲ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਹਾਲਾਤਾਂ ‘ਤੇ ਨਜ਼ਰ ਰੱਖ ਰਹੀਆਂ ਹਨ ਅਤੇ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਲਗਾਤਾਰ ਯਤਨ ਜਾਰੀ ਹਨ।
