SFJ welcomes Pakistan’s announcement to renovate 125-year-old gurdwara, “Babri Masjid will be rebuilt after Khalistan is created” – Pannu
ਪਾਕਿਸਤਾਨ ਵੱਲੋਂ 125 ਸਾਲ ਪੁਰਾਣੇ ਗੁਰਦੁਆਰੇ ਦੀ ਮੁਰੰਮਤ ਦੇ ਐਲਾਨ ਦਾ SFJ ਨੇ ਕੀਤਾ ਸਵਾਗਤ, “ਖਾਲਿਸਤਾਨ ਬਣਨ ਤੋਂ ਬਾਅਦ ਬਾਬਰੀ ਮਸਜਿਦ ਮੁੜ ਉਸਾਰੀ ਜਾਵੇਗੀ” – ਪੰਨੂੰ
ਲੰਡਨ/ਨਿਊਯਾਰਕ (ਸਰਬਜੀਤ ਸਿੰਘ ਬਨੂੜ)- ਖਾਲਿਸਤਾਨ ਪੱਖੀ ਸਿੱਖ ਜਥੇਬੰਦੀ ਸਿੱਖਸ ਫ਼ਾਰ ਜਸਟਿਸ (SFJ) ਨੇ ਪਾਕਿਸਤਾਨ ਸਰਕਾਰ ਵੱਲੋਂ 125 ਸਾਲ ਪੁਰਾਣੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਦੀ ਮੁਰੰਮਤ ਕਰਵਾਉਣ ਦੇ ਐਲਾਨ ਦਾ ਸਵਾਗਤ ਕੀਤਾ ਹੈ। ਇਸ ਮੌਕੇ ਜਥੇਬੰਦੀ ਦੇ ਜਨਰਲ ਕੌਂਸਲ ਗੁਰਪਤਵੰਤ ਸਿੰਘ ਪੰਨੂੰ ਨੇ ਭਾਰਤ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇੱਕ ਪਾਸੇ ਪਾਕਿਸਤਾਨ ਇਤਿਹਾਸਕ ਗੁਰਦੁਆਰੇ ਦੀ ਮੁਰੰਮਤ ਕਰਵਾ ਰਿਹਾ ਹੈ, ਜਦਕਿ ਦੂਜੇ ਪਾਸੇ ਮੋਦੀ ਸਰਕਾਰ ਸਿੱਖਾਂ ਦੇ ਇਤਿਹਾਸਕ ਸਥਾਨਾਂ ਨੂੰ ਢਾਹੁਣ ਅਤੇ ਗਲਤ ਜਾਣਕਾਰੀ ਫੈਲਾਉਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਵਿੱਖ ਵਿੱਚ ਜੇ ਖਾਲਿਸਤਾਨ ਬਣਦਾ ਹੈ ਤਾਂ ਅਯੋਧਿਆ ਵਿੱਚ ਬਾਬਰੀ ਮਸਜਿਦ ਨੂੰ ਮੁੜ ਉਸਾਰਿਆ ਜਾਵੇਗਾ।
ਪੰਨੂ ਨੇ ਇਹ ਵੀ ਦੋਸ਼ ਲਗਾਇਆ ਕਿ ਭਾਜਪਾ ਦੇ ਸ਼ਾਸਨ ਦੌਰਾਨ ਕਈ ਇਤਿਹਾਸਕ ਗੁਰਦੁਆਰਿਆਂ ਅਤੇ ਹੋਰ ਧਾਰਮਿਕ ਸਥਾਨਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ।
SFJ ਵੱਲੋਂ ਜਾਰੀ ਬਿਆਨ ਅਨੁਸਾਰ, ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਾਜਦੂਤ ਤਾਹਿਰ ਅੰਦਰਾਬੀ ਨੇ ਕਿਹਾ ਕਿ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਨੂੰ ਨਾ ਤਾਂ ਕਿਸੇ ਭੀੜ ਨੇ ਨੁਕਸਾਨ ਪਹੁੰਚਾਇਆ ਅਤੇ ਨਾ ਹੀ ਇਹ ਕਿਸੇ ਸਰਕਾਰੀ ਕਾਰਵਾਈ ਦਾ ਨਤੀਜਾ ਸੀ। ਉਨ੍ਹਾਂ ਦੇ ਅਨੁਸਾਰ ਇਹ ਨੁਕਸਾਨ ਇੱਕ ਵਿਅਕਤੀ ਵੱਲੋਂ ਕੀਤਾ ਗਿਆ ਸੀ ਅਤੇ ਇਸ ਦੀ ਮੁਰੰਮਤ ਇਵੈਕਿਊਈ ਟਰੱਸਟ ਪ੍ਰਾਪਰਟੀ ਬੋਰਡ (ETPB) ਵੱਲੋਂ ਕਰਵਾਈ ਜਾਵੇਗੀ।
SFJ ਨੇ ਇਹ ਦੋਸ਼ ਵੀ ਲਗਾਇਆ ਕਿ 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ’ਤੇ ਹੋਈ ਭਾਰਤੀ ਫੌਜੀ ਕਾਰਵਾਈ ਜਨ ਸੰਘ–ਆਰਐਸਐਸ ਦੇ ਪ੍ਰਭਾਵ ਹੇਠ ਕੀਤੀ ਗਈ ਸੀ। ਇਸ ਤੋਂ ਇਲਾਵਾ ਜਥੇਬੰਦੀ ਨੇ ਦਾਅਵਾ ਕੀਤਾ ਕਿ ਗੁਰੂ ਨਾਨਕ ਸਾਹਿਬ ਗੁਰਦੁਆਰਾ, ਮੰਗੂ ਮੱਠ, ਡੋਂਗਮਾਰ ਸਾਹਿਬ ਅਤੇ ਗਿਆਨ ਗੋਦੜੀ ਸਾਹਿਬ ਸਮੇਤ ਕਈ ਇਤਿਹਾਸਕ ਗੁਰਦੁਆਰਿਆਂ ਨੂੰ ਨੁਕਸਾਨ ਪਹੁੰਚਾਇਆ ਗਿਆ।
ਉੱਧਰ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਵਿੱਚ 125 ਸਾਲ ਪੁਰਾਣੇ ਗੁਰਦੁਆਰੇ ਨੂੰ ਨੁਕਸਾਨ ਪਹੁੰਚਣ ਦੀ ਘਟਨਾ ਦੀ ਨਿੰਦਾ ਕਰਦਿਆਂ ਇਸ ਨੂੰ “ਨਿਸ਼ਾਨਾ ਬਣਾ ਕੇ ਕੀਤੀ ਗਈ ਤੋੜ-ਫੋੜ” ਕਰਾਰ ਦਿੱਤਾ ਹੈ। ਭਾਰਤ ਨੇ ਪਾਕਿਸਤਾਨ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਗੁਰਦੁਆਰੇ ਦੀ ਬਹਾਲੀ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ ਹੈ।

