Trains jammed in Punjab, farmers sit on tracks
ਪੰਜਾਬ ‘ਚ ਰੇਲਾਂ ਦਾ ਚੱਕਾ ਜਾਮ, ਪੱਟੜੀਆਂ ‘ਤੇ ਬੈਠ ਗਏ ਕਿਸਾਨ
ਫਤਹਿਗੜ੍ਹ ਸਾਹਿਬ (ਆਵਾਜ਼ਿ ਕੌਮ ਬਿਊਰੋ)-ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਅਤੇ ਲੰਮੇ ਸਮੇਂ ਤੋਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਸਰਹੰਦ ਰੇਲਵੇ ਸਟੇਸ਼ਨ ‘ਤੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਇਸ ਚੱਕਾ ਜਾਮ ਵਿਚ ਸਮੁੱਚੀਆਂ ਕਿਸਾਨ ਜਥੇਬੰਦੀਆਂ ਤੇ ਸਮੁੱਚੀਆਂ ਰਾਜਨੀਤਿਕ ਪਾਰਟੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ ਤਾਂ ਜੋ ਸਰਕਾਰਾਂ ਨੂੰ ਜਗਾਇਆ ਜਾ ਸਕੇ। ਇਸ ਮੌਕੇ ਰੇਲ ਰੋਕੋ ਪ੍ਰੋਗਰਾਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਅਤੇ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਅਤੇ ਗੁਰਿੰਦਰ ਸਿੰਘ ਭੰਗੂ ਅਤੇ ਹੋਰ ਆਗੂਆਂ ਨੇ ਕਿਹਾ ਕਿ ਮੋਹਾਲੀ ਵਿਖੇ ਕੌਮੀ ਇਨਸਾਫ ਮੋਰਚੇ ਵੱਲੋਂ ਲੰਬੇ ਸਮੇਂ ਤੋਂ ਮੋਰਚੇ ਲਗਾ ਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰੰਤੂ ਸਰਕਾਰਾਂ ਦੇ ਕੰਨਾਂ ‘ਤੇ ਜੂੰ ਤੱਕ ਨਹੀਂ ਸਰਕ ਰਹੀ। ਉਨ੍ਹਾਂ ਕਿਹਾ ਕਿ ਹੁਣ ਰੋਸ ਵਜੋਂ ਸਰਹੰਦ ਰੇਲਵੇ ਸਟੇਸ਼ਨ ‘ਤੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ ਹੈ ਤਾਂ ਜੋ ਸੁੱਤੀ ਪਈ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਜਗਾਇਆ ਜਾ ਸਕੇ।

