Advocate Dhami Holds Meeting with Majha Zone Preachers, Dhadis and Kavishars to Strengthen Dharam Parchar
ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਲਈ ਐਡਵੋਕੇਟ ਧਾਮੀ ਨੇ ਮਾਝਾ ਜ਼ੋਨ ਦੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਕੀਤੀ ਇਕੱਤਰਤਾ
ਅੰਮ੍ਰਿਤਸਰ, 14 ਜੁਲਾਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੰਚਾਰੂ ਬਣਾਉਣ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਹਲਕਾਵਾਰ ਗੁਰਮਤਿ ਸਮਾਗਮਾਂ ਦੀ ਲੜੀ ਤੋਂ ਪਹਿਲਾਂ ਅੱਜ ਸ. ਤੇਜਾ ਸਿੰਘ ਸਮੁੰਦਰੀ ਹਾਲ, ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮਾਝਾ ਜ਼ੋਨ ਨਾਲ ਸਬੰਧਤ ਪ੍ਰਚਾਰਕਾਂ, ਢਾਡੀ ਅਤੇ ਕਵੀਸ਼ਰ ਜਥਿਆਂ ਦੀ ਅਹਿਮ ਇਕੱਤਰਤਾ ਹੋਈ। ਇਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ।
ਇਕੱਤਰਤਾ ਵਿੱਚ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਨਾਲ ਸਬੰਧਤ ਧਰਮ ਪ੍ਰਚਾਰਕਾਂ ਨੇ ਸ਼ਮੂਲੀਅਤ ਕੀਤੀ। ਆਪਣੇ ਸੰਬੋਧਨ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਦੇ ਨਾਲ-ਨਾਲ ਧਰਮ ਪ੍ਰਚਾਰ ਵੀ ਸ਼੍ਰੋਮਣੀ ਕਮੇਟੀ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਅਤੇ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖ ਵਿਰਸੇ, ਗੁਰਮਤਿ ਵਿਚਾਰਧਾਰਾ ਅਤੇ ਸਿੱਖ ਰਹਿਤ ਮਰਿਆਦਾ ਨਾਲ ਜੋੜਨ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਹਲਕਾਵਾਰ ਗੁਰਮਤਿ ਸਮਾਗਮ ਕਰਵਾ ਕੇ ਗੁਰੂ ਸਾਹਿਬਾਨ ਦੀ ਬਖ਼ਸ਼ੀ ਵਿਚਾਰਧਾਰਾ, ਸਿੱਖ ਰਹਿਤ ਮਰਿਆਦਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਸਿੱਖ ਪੰਥ ਦੀਆਂ ਸਰਵਉੱਚ ਸੰਸਥਾਵਾਂ ਦੀ ਸਿਧਾਂਤਕ ਅਤੇ ਇਤਿਹਾਸਕ ਮਹੱਤਤਾ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇਗਾ।
ਐਡਵੋਕੇਟ ਧਾਮੀ ਨੇ ਪ੍ਰਚਾਰਕਾਂ ਨੂੰ ਅਪੀਲ ਕੀਤੀ ਕਿ ਉਹ ਸੰਗਤਾਂ ਨੂੰ ਗੁਰਮਤਿ ਜੀਵਨ, ਸਿੱਖ ਸਿਧਾਂਤਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਆਦੇਸ਼ਾਂ ਪ੍ਰਤੀ ਜਾਗਰੂਕ ਕਰਨ ਲਈ ਹੋਰ ਵੱਧ ਯਤਨ ਕਰਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਗੁਰਨਾਮ ਸਿੰਘ ਜੱਸਲ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸ਼ਾਹਬਾਜ਼ ਸਿੰਘ, ਸ. ਨਿਸ਼ਾਨ ਸਿੰਘ, ਸ. ਬਹਾਲ ਸਿੰਘ, ਭਾਈ ਜਗਦੇਵ ਸਿੰਘ, ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਵਰਿਆਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪ੍ਰਚਾਰਕ, ਢਾਡੀ ਅਤੇ ਕਵੀਸ਼ਰ ਜਥੇ ਹਾਜ਼ਰ ਸਨ।
