Will the Accused in the Sacrilege Cases Ever Be Punished, or Will There Only Be Summons and Hearings? – Giani Harpreet Singh
ਬੇਅਦਬੀ ਦੇ ਦੋਸ਼ੀਆਂ ਨੂੰ ਕਦੇ ਸਜਾ ਵੀ ਮਿਲੇਗੀ ਜਾਂ ਸਿਰਫ ਸੰਮਨ, ਪੇਸ਼ੀਆਂ ਹੀ ਹੁੰਦੀਆਂ ਰਹਿਣਗੀਆਂ- ਗਿਆਨੀ ਹਰਪ੍ਰੀਤ ਸਿੰਘ।
ਚੰਡੀਗੜ੍ਹ, 16 ਜੁਲਾਈ – ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਲਿਖਤੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੂਰਾ ਮਾਮਲਿਆਂ ਵਿੱਚ ਇਨਸਾਫ਼ ਨੂੰ ਲੈ ਕੇ ਗੰਭੀਰ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਹਰ ਵਾਰ ਨਵੀਂ ਐੱਸਆਈਟੀ ਬਣਾ ਕੇ ਸਿਰਫ਼ ਸੰਮਨ ਜਾਰੀ ਕੀਤੇ ਜਾਂਦੇ ਹਨ, ਪਰ ਅਸਲ ਦੋਸ਼ੀਆਂ ਨੂੰ ਅੱਜ ਤੱਕ ਸਜ਼ਾ ਨਹੀਂ ਮਿਲੀ।

ਉਨ੍ਹਾਂ ਕਿਹਾ ਕਿ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਣ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਤੋਂ ਬਾਅਦ ਵੱਖ-ਵੱਖ ਸਰਕਾਰਾਂ ਨੇ ਇਨਸਾਫ਼ ਦੇ ਵਾਅਦੇ ਤਾਂ ਕੀਤੇ, ਪਰ ਕੋਈ ਵੀ ਆਪਣੇ ਵਾਅਦੇ ‘ਤੇ ਖਰੀ ਨਹੀਂ ਉਤਰੀ। ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਪਹਿਲਾਂ ਅਕਾਲੀ ਸਰਕਾਰ, ਫਿਰ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਨਾਕਾਮ ਰਹੀ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਬਣੀਆਂ ਐੱਸਆਈਟੀਆਂ ਆਪਣੀਆਂ ਜਾਂਚ ਰਿਪੋਰਟਾਂ ਤਿਆਰ ਕਰ ਚੁੱਕੀਆਂ ਹਨ, ਇਸ ਲਈ ਜੇਕਰ ਸਰਕਾਰ ਦੀ ਨੀਅਤ ਸਾਫ਼ ਹੈ ਤਾਂ ਪਿਛਲੀਆਂ ਰਿਪੋਰਟਾਂ ਦੇ ਆਧਾਰ ‘ਤੇ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਇਨਸਾਫ਼ ਵਿੱਚ ਹੋਣ ਵਾਲੀ ਦੇਰੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਜੁੜਿਆ ਗੰਭੀਰ ਮਸਲਾ ਹੈ ਅਤੇ ਸਰਕਾਰ ਨੂੰ ਇਸ ਸਬੰਧੀ ਜਲਦ ਨਤੀਜਾ ਕੱਢਣਾ ਚਾਹੀਦਾ ਹੈ।
ਇਹ ਪ੍ਰੈੱਸ ਬਿਆਨ ਅਕਾਲੀ ਦਲ ਪੁਨਰ-ਸੁਰਜੀਤ ਦੇ ਮੀਡੀਆ ਇੰਚਾਰਜ ਸ. ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।
