Major incident in Hoshiarpur: AAP sarpanch hacked to death with sharp weapons
ਹੁਸ਼ਿਆਰਪੁਰ ‘ਚ ਵੱਡੀ ਵਾਰਦਾਤ : ਤੇਜ਼ਧਾਰ ਹਥਿਆਰਾਂ ਨਾਲ ਵੱਢ ‘ਤਾ ‘ਆਪ’ ਸਰਪੰਚ
ਹੁਸ਼ਿਆਰਪੁਰ (ਆਵਾਜ਼ਿ ਕੌਮ ਬਿਊਰੋ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਆਨੰਦਗੜ੍ਹ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਪਿੰਡ ਦੇ ਮੌਜੂਦਾ ਆਮ ਆਦਮੀ ਪਾਰਟੀ ਦੇ ਸਰਪੰਚ ਸਤਪਾਲ ਸਿੰਘ ਮਿੰਟਾ ਦਾ ਪਿੰਡ ਦੇ ਹੀ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਹਮਲਾਵਰਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕਤਲ ਦੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਵਾਰਦਾਤ ਵਾਲੀ ਥਾਂ ‘ਤੇ ਇਕੱਠੇ ਹੋਏ ਲੋਕਾਂ ਨੇ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ, ਜਦਕਿ ਬਾਕੀ ਦੇ ਫ਼ਰਾਰ ਹੋ ਗਏ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਸਰਪੰਚ ਦੇ ਪੁੱਤਰ ਨੇ ਦੱਸਿਆ ਕਿ ਨਾਲ ਦੇ ਪਿੰਡ ਦੇ ਹੀ ਕੁਝ ਨੌਜਵਾਨਾਂ ਦਾ ਆਪਸੀ ਝਗੜਾ ਹੋਇਆ ਸੀ, ਜਿਸ ਦਾ ਸਰਪੰਚ ਸਤਪਾਲ ਸਿੰਘ ਨੇ ਰਾਜ਼ੀਨਾਮਾ ਕਰਵਾਇਆ ਸੀ। ਇਸੇ ਰਾਜ਼ੀਨਾਮੇ ਦੀ ਰੰਜਿਸ਼ ਰੱਖਦਿਆਂ ਅੱਜ ਕੁਝ ਨੌਜਵਾਨਾਂ ਨੇ ਸਰਪੰਚ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਪਹਿਲਾਂ ਆਪਣੀ ਗੱਡੀ ਸਰਪੰਚ ਦੇ ਉੱਪਰ 2-3 ਵਾਰ ਚੜ੍ਹਾਈ ਅਤੇ ਬਾਅਦ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸਿਟੀ ਨੇ ਦੱਸਿਆ ਘਟਨਾ ਤੋਂ ਬਾਅਦ ਮੁੱਖ ਦੋਸ਼ੀ ਭੱਜਣ ਵਿੱਚ ਕਾਮਯਾਬ ਹੋ ਗਏ ਹਨ। ਹਾਲਾਂਕਿ, ਹਮਲਾਵਰਾਂ ਦੀ ਗੱਡੀ ਚਲਾ ਰਹੇ ਇੱਕ ਨੌਜਵਾਨ ਨੂੰ ਮੌਕੇ ‘ਤੇ ਮੌਜੂਦ ਸਥਾਨਕ ਲੋਕਾਂ ਵੱਲੋਂ ਕਾਬੂ ਕਰ ਲਿਆ ਗਿਆ ਸੀ। ਝੜਪ ਦੌਰਾਨ ਉਸ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਲਾਜ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫ਼ਰਾਰ ਦੋਸ਼ੀਆਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

