Passports of youth will be cancelled! Delhi Police in strict action amid CJP protest
ਨੌਜਵਾਨਾਂ ਦਾ ਪਾਸਪੋਰਟ ਹੋ ਜਾਵੇਗਾ ਰੱਦ ! CJP ਪ੍ਰਦਰਸ਼ਨ ਵਿਚਾਲੇ ਸਖ਼ਤ ਐਕਸ਼ਨ ‘ਚ ਦਿੱਲੀ ਪੁਲਸ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)- ਦਿੱਲੀ ‘ਚ ਕੋਕਰੋਚ ਜਨਤਾ ਪਾਰਟੀ ਦੀ ਅਗਵਾਈ ਹੇਠ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਨੂੰ ਠੱਲ੍ਹ ਪਾਉਣ ਲਈ ਪੁਲਸ ਨੇ ਇੱਕ ਬਹੁਤ ਹੀ ਸਖ਼ਤ ਕਦਮ ਚੁੱਕਣ ਦਾ ਸੰਕੇਤ ਦਿੱਤਾ ਹੈ। ਦਿੱਲੀ ਪੁਲਸ ਦੇ ਸੀਨੀਅਰ ਅਧਿਕਾਰੀਆਂ ਅਨੁਸਾਰ ਪ੍ਰਦਰਸ਼ਨਾਂ ਦੌਰਾਨ ਦੰਗੇ ਜਾਂ ਹਿੰਸਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਨਾ ਸਿਰਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਸਗੋਂ ਉਨ੍ਹਾਂ ਦੇ ਪਾਸਪੋਰਟ ਰੱਦ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਜਾ ਸਕਦੀ ਹੈ। ਪੁਲਸ ਦਾ ਮੰਨਣਾ ਹੈ ਕਿ ਕਾਨੂੰਨ ਵਿਵਸਥਾ ਵਿਗਾੜਨ ਵਾਲਿਆਂ ਵਿਰੁੱਧ ਅਜਿਹਾ ਸਖ਼ਤ ਰੁਖ ਅਖਤਿਆਰ ਕਰਨਾ ਜ਼ਰੂਰੀ ਹੈ। ਪੁਲਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹਾਲਾਂਕਿ, ਇਹ ਭਰੋਸਾ ਵੀ ਦਿੱਤਾ ਗਿਆ ਹੈ ਕਿ ਸ਼ਾਂਤੀਪੂਰਨ ਤਰੀਕੇ ਨਾਲ ਆਪਣਾ ਵਿਰੋਧ ਦਰਜ ਕਰਵਾਉਣ ਵਾਲੇ ਪ੍ਰਦਰਸ਼ਨਕਾਰੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਇਹ ਸਖ਼ਤ ਸੁਨੇਹਾ ਜੰਤਰ-ਮੰਤਰ ‘ਤੇ ਚੱਲ ਰਹੇ CJP ਦੇ ਪ੍ਰਦਰਸ਼ਨਾਂ ਦੌਰਾਨ ਪੈਦਾ ਹੋਏ ਤਣਾਅ ਤੋਂ ਬਾਅਦ ਆਇਆ ਹੈ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਜਦੋਂ ਪ੍ਰਦਰਸ਼ਨਕਾਰੀਆਂ ਨੇ ਸੰਸਦ ਵੱਲ ਵਧਣ ਦੀ ਕੋਸ਼ਿਸ਼ ਕੀਤੀ ਸੀ ਤਾਂ ਪੁਲਸ ਨਾਲ ਹੋਈ ਝੜਪ ਵਿੱਚ ਕਈ ਲੋਕ ਅਤੇ ਪੁਲਸ ਕਰਮਚਾਰੀ ਜ਼ਖਮੀ ਹੋ ਗਏ ਸਨ। ਇਸ ਪ੍ਰਦਰਸ਼ਨ ਦਾ ਅਸਰ ਦਿੱਲੀ ਦੇ ਆਮ ਜਨਜੀਵਨ ਅਤੇ ਸੁਰੱਖਿਆ ਪ੍ਰਬੰਧਾਂ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਸੁਰੱਖਿਆ ਕਾਰਨਾਂ ਕਰਕੇ ਦਿੱਲੀ ਮੈਟਰੋ ਦੇ 17 ਪ੍ਰਮੁੱਖ ਸਟੇਸ਼ਨ, ਜਿਨ੍ਹਾਂ ਵਿੱਚ ਰਾਜੀਵ ਚੌਕ, ਪਟੇਲ ਚੌਂਕ ਅਤੇ ਕੇਂਦਰੀ ਸਕੱਤਰੇਤ ਸ਼ਾਮਲ ਹਨ, ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ, ਕਨਾਟ ਪਲੇਸ ਦੇ ਦੁਕਾਨਦਾਰਾਂ ਅਤੇ ਰੈਸਟੋਰੈਂਟ ਮਾਲਕਾਂ ਨੂੰ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀਆਂ ਸੰਸਥਾਵਾਂ ਸ਼ਾਮ 6:30 ਵਜੇ ਤੱਕ ਬੰਦ ਕਰ ਦੇਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਦੂਜੇ ਪਾਸੇ, ਦਿੱਲੀ ਦੇ ਉਪ ਰਾਜਪਾਲ ਨੇ ਦਿੱਲੀ ਪੁਲਿਸ ਦੀ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਹਿਰਾਸਤ ਵਿੱਚ ਲੈਣ ਦੀ ਸ਼ਕਤੀ ਨੂੰ 18 ਅਕਤੂਬਰ ਤੱਕ ਵਧਾ ਦਿੱਤਾ ਹੈ। ਪੁਲਸ ਦਾ ਮੁੱਖ ਉਦੇਸ਼ ਮੌਜੂਦਾ ਹਾਲਾਤ ਵਿੱਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣਾ ਹੈ ਅਤੇ ਹਿੰਸਾ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕਰਨਾ ਹੈ।

