Heavy police force deployed outside BJP offices, high alert in Chandigarh! Read the reason
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ ‘ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਨੀਟ ਪੇਪਰ ਲੀਕ ਅਤੇ ਪ੍ਰੀਖਿਆਵਾਂ ’ਚ ਬੇਨਿਯਮੀਆਂ ਨੂੰ ਲੈ ਕੇ ਦੇਸ਼ ਭਰ ’ਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਸ ਨੇ ਸ਼ਹਿਰ ’ਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ। ਸੰਭਾਵਿਤ ਪ੍ਰਦਰਸ਼ਨਾਂ ਨੂੰ ਦੇਖਦਿਆਂ ਸੈਕਟਰ-33 ਸਥਿਤ ਚੰਡੀਗੜ੍ਹ ਭਾਜਪਾ ਦਫ਼ਤਰ ਅਤੇ ਸੈਕਟਰ-37 ਸਥਿਤ ਪੰਜਾਬ ਭਾਜਪਾ ਪ੍ਰਦੇਸ਼ ਦਫ਼ਤਰ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਪੁਲਸ ਸੂਤਰਾਂ ਮੁਤਾਬਕ ਇਨਪੁੱਟ ਮਿਲੇ ਸਨ ਕਿ ਪੰਜਾਬ ਤੋਂ ਕੁੱਝ ਨੌਜਵਾਨ ਭਾਜਪਾ ਦੇ ਦੋਵੇਂ ਦਫ਼ਤਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰ ਸਕਦੇ ਹਨ। ਇਸ ਦੇ ਮੱਦੇਨਜ਼ਰ ਸਵੇਰੇ 8 ਤੋਂ ਰਾਤ 8 ਵਜੇ ਤੱਕ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਡੀ. ਐੱਸ. ਪੀ. ਪੱਧਰ ਦੇ ਅਧਿਕਾਰੀਆਂ ਤੋਂ ਲੈ ਕੇ ਕਾਂਸਟੇਬਲ ਤੱਕ ਵੱਡੀ ਗਿਣਤੀ ’ਚ ਪੁਲਸ ਮੁਲਾਜ਼ਮ ਡਿਊਟੀ ’ਤੇ ਤਾਇਨਾਤ ਕੀਤੇ ਗਏ ਹਨ। ਦੋਵੇਂ ਭਾਜਪਾ ਦਫ਼ਤਰਾਂ ਦੇ ਬਾਹਰ ਸੜਕਾਂ ਦੇ ਦੋਵੇਂ ਪਾਸਿਆਂ ਬੈਰੀਕੇਡਿੰਗ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਅਚਾਨਕ ਇਕੱਠ ਜਾਂ ਪ੍ਰਦਰਸ਼ਨ ਦੀ ਸਥਿਤੀ ’ਚ ਭੀੜ ਨੂੰ ਕਾਬੂ ਕੀਤਾ ਜਾ ਸਕੇ। ਨਾਲ ਹੀ ਆਲੇ-ਦੁਆਲੇ ਦੇ ਇਲਾਕੇ ’ਚ ਵੀ ਪੁਲਸ ਦੀ ਗਸ਼ਤ ਵਧਾ ਦਿੱਤੀ ਗਈ ਹੈ ਅਤੇ ਆਉਣ-ਜਾਣ ਵਾਲੇ ਵਾਹਨਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਪੁਲਸ ਨੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਸੀ. ਟੀ. ਯੂ. ਦੀਆਂ ਬੱਸਾਂ ਵੀ ਸਟੈਂਡਬਾਏ ’ਤੇ ਰੱਖੀਆਂ ਹਨ ਤਾਂ ਜੋ ਲੋੜ ਪੈਣ ’ਤੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲੈ ਕੇ ਤੁਰੰਤ ਮੌਕੇ ਤੋਂ ਹਟਾਇਆ ਜਾ ਸਕੇ। ਪੁਲਸ ਟੀਮਾਂ ਨੂੰ ਦੋਵੇਂ ਦਫ਼ਤਰਾਂ ਦੇ ਆਲੇ-ਦੁਆਲੇ ਹਰ ਗਤੀਵਿਧੀ ’ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਨੀਟ ਵਿਵਾਦ ਨੂੰ ਲੈ ਕੇ ਚੰਡੀਗੜ੍ਹ ’ਚ ਭਾਜਪਾ ਤੇ ਕਾਂਗਰਸ ਦੇ ਵਰਕਰਾਂ ਵਿਚਾਲੇ ਤਣਾਅਪੂਰਨ ਸਥਿਤੀ ਬਣ ਗਈ ਸੀ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ’ਚ ਭਾਜਪਾ ਵਰਕਰ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਨ, ਜਦਕਿ ਯੂਥ ਕਾਂਗਰਸ ਦੇ ਵਰਕਰ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਭਾਜਪਾ ਦਫ਼ਤਰ ਵੱਲ ਮਾਰਚ ਕਰ ਰਹੇ ਸਨ। ਦੋਵੇਂ ਧਿਰਾਂ ਦੇ ਆਹਮੋ-ਸਾਹਮਣੇ ਆਉਣ ਨਾਲ ਕੁੱਝ ਸਮੇਂ ਲਈ ਮਾਹੌਲ ਤਣਾਅਪੂਰਨ ਹੋ ਗਿਆ ਸੀ, ਜਿਸ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਦੋਵੇਂ ਧਿਰਾਂ ਨੂੰ ਵੱਖ ਕੀਤਾ ਤੇ ਸਥਿਤੀ ਨੂੰ ਕਾਬੂ ’ਚ ਲਿਆ।

