Massive gathering of ‘Waris Punjab De’, call on people to unite for ‘Mission 2027’
‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ
ਡੇਰਾਬੱਸੀ (ਆਵਾਜ਼ਿ ਕੌਮ ਬਿਊਰੋ)-ਹਲਕਾ ਡੇਰਾਬੱਸੀ ‘ਚ ‘ਵਾਰਿਸ ਪੰਜਾਬ ਦੇ’ ਸੰਗਠਨ ਵੱਲੋਂ ਇੱਕ ਵਿਸ਼ਾਲ ਇਕੱਤਰਤਾ ਦਾ ਆਯੋਜਨ ਕੀਤਾ ਗਿਆ, ਜਿਸ ‘ਚ ਇਲਾਕੇ ਦੇ ਵੱਡੀ ਗਿਣਤੀ ‘ਚ ਲੋਕਾਂ, ਨੌਜਵਾਨਾਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕਰਕੇ ਆਪਣੀ ਹਾਜ਼ਰੀ ਦਰਜ ਕਰਵਾਈ। ਸਮਾਗਮ ਦੌਰਾਨ ਪੰਜਾਬ ਦੇ ਮੌਜੂਦਾ ਸਮਾਜਿਕ, ਸੱਭਿਆਚਾਰਕ ਅਤੇ ਰਾਜਨੀਤਿਕ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਆਉਣ ਵਾਲੇ ਸਮੇਂ ਲਈ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੀ ਰਣਨੀਤੀ ਬਾਰੇ ਵੀ ਚਰਚਾ ਕੀਤੀ ਗਈ। ਸਮਾਗਮ ਸਥਾਨ ਨੂੰ ਸੰਗਠਨ ਦੇ ਝੰਡਿਆਂ ਅਤੇ ਬੈਨਰਾਂ ਨਾਲ ਸਜਾਇਆ ਗਿਆ ਸੀ। ਇਸ ਦੇ ਨਾਲ ਹੀ ਸੰਗਠਨ ਨਾਲ ਸਬੰਧਿਤ ਪ੍ਰਮੁੱਖ ਸ਼ਖਸੀਅਤਾਂ ਦੀਆਂ ਤਸਵੀਰਾਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ, ਜਿਨ੍ਹਾਂ ਰਾਹੀਂ ਸੰਗਠਨ ਦੇ ਵਿਚਾਰਾਂ ਅਤੇ ਉਦੇਸ਼ਾਂ ਨੂੰ ਉਜਾਗਰ ਕਰਨ ਦਾ ਯਤਨ ਕੀਤਾ ਗਿਆ। ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਦਰਪੇਸ਼ ਸਮਾਜਿਕ ਅਤੇ ਰਾਜਨੀਤਿਕ ਚੁਣੌਤੀਆਂ ਦੇ ਹੱਲ ਲਈ ਲੋਕਾਂ ‘ਚ ਜਾਗਰੂਕਤਾ ਅਤੇ ਆਪਸੀ ਏਕਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਲੋਕ ਆਪਣੇ ਹੱਕਾਂ, ਪਛਾਣ ਅਤੇ ਸੂਬੇ ਦੇ ਭਵਿੱਖ ਪ੍ਰਤੀ ਸੁਚੇਤ ਹੋ ਕੇ ਇੱਕ ਮੰਚ ’ਤੇ ਇਕੱਠੇ ਹੋਣ ਤਾਂ ਸਮਾਜਿਕ ਤਬਦੀਲੀ ਨੂੰ ਹੋਰ ਮਜ਼ਬੂਤੀ ਮਿਲ ਸਕਦੀ ਹੈ। ਇਸ ਮੌਕੇ ਨਿਰਮਲ ਸਿੰਘ ਜੌਲਾ ਨੇ ਆਪਣੇ ਸੰਬੋਧਨ ‘ਚ ਪੰਜਾਬ ਦੇ ਮੌਜੂਦਾ ਹਾਲਾਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਲਈ ਹੁਣ ਤੋਂ ਹੀ ਪਿੰਡ-ਪਿੰਡ ਪਹੁੰਚ ਕੇ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ‘ਮਿਸ਼ਨ 2027’ ਨੂੰ ਧਿਆਨ ‘ਚ ਰੱਖਦੇ ਹੋਏ ਵਿਆਪਕ ਪੱਧਰ ’ਤੇ ਲਾਮਬੰਦੀ ਕੀਤੀ ਜਾਵੇਗੀ ਅਤੇ ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜੋੜਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ।

