Akal Takht takes strict action against fire incident at Australian Guru Ghar, orders to send team
ਆਸਟ੍ਰੇਲੀਆ ਦੇ ਗੁਰੂ ਘਰ ‘ਚ ਅੱਗ ਲੱਗਣ ਦੀ ਘਟਨਾ ‘ਤੇ ਅਕਾਲ ਤਖ਼ਤ ਸਖ਼ਤ, ਟੀਮ ਭੇਜਣ ਦੇ ਹੁਕਮ
ਆਸਟ੍ਰੇਲੀਆ/ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਸਟ੍ਰੇਲੀਆ ਦੇ ਵਰਜੀਨੀਆ ਵਿਖੇ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਇਮਾਰਤ ਅੱਗ ਲੱਗਣ ਕਾਰਨ ਪੂਰੀ ਤਰ੍ਹਾਂ ਨੁਕਸਾਨੇ ਜਾਣ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਜਥੇਦਾਰ ਨੇ ਦੇਸ਼ ਦੁਨੀਆ ਵਿਚ ਵੱਸਦੀ ਸਿੱਖ ਸੰਗਤ ਨੂੰ ਸੰਦੇਸ਼ ਦਿੱਤਾ ਹੈ ਕਿ ਉਹ ਇਸ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਰਹਿਣ ਕਿ ਗੁਰੂ ਘਰਾਂ ਅੰਦਰ ਅਜਿਹੀਆਂ ਘਟਨਾਵਾਂ ਨਾ ਵਾਪਰਨ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਹੋਣ। ਉਨ੍ਹਾਂ ਗੁਰੂ ਸਾਹਿਬ ਦੇ ਸਨਮੁਖ ਸਮੂਹ ਸਿੱਖਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਵਰਜੀਨੀਆ ਵਿਚ ਵਾਪਰੀ ਘਟਨਾ ਦੇ ਸਬੰਧ ਵਿਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੈਂਟਰਲ ਸਿੱਖ ਐਸੋਸੀਏਸ਼ਨ ਆਫ਼ ਨਿਊਜ਼ੀਲੈਂਡ ਦੇ ਮੁੱਖ ਸੇਵਾਦਾਰ ਦਲਜੀਤ ਸਿੰਘ, ਆਸਟ੍ਰੇਲੀਅਨ ਸਿੱਖ ਕੌਂਸਲ ਤੋਂ ਮਨਦੀਪ ਸਿੰਘ, ਗੁਰਦੁਆਰਾ ਕੌਂਸਲ ਆਫ਼ ਵਿਕਟੋਰੀਆ ਤੋਂ ਰਵੀ ਇੰਦਰ ਸਿੰਘ ਤੇ ਪ੍ਰੀਤਮ ਸਿੰਘ ਅਤੇ ਐਡੀਲੇਡ ਤੋਂ ਗੁਰਿੰਦਰਜੀਤ ਸਿੰਘ ਨੂੰ ਆਦੇਸ਼ ਕੀਤਾ ਹੈ ਕਿ ਉਹ ਆਪਣੇ ਨਾਲ ਸਿੰਘ ਲੈ ਕੇ ਮੌਕੇ ਉੱਤੇ ਜਾ ਕੇ ਜਾਇਜ਼ਾ ਲੈਣਗੇ। ਇਸ ਘਟਨਾ ਅਤੇ ਗੁਰੂ ਘਰ ਵਿਚ ਮੌਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਸਬੰਧੀ ਸਮੁੱਚੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਣਗੇ। ਉਨ੍ਹਾਂ ਕਿਹਾ ਕਿ ਇਹ ਸਿੰਘਾਂ ਦੀ ਟੀਮ ਆਸਟ੍ਰੇਲੀਆ ਦੇ ਸਥਾਨਕ ਪ੍ਰਸ਼ਾਸਨ ਅਤੇ ਗੁਰਦੁਆਰਾ ਦਸ਼ਮੇਸ਼ ਦਰਬਾਰ ਦੇ ਪ੍ਰਬੰਧਕਾਂ ਨਾਲ ਤਾਲਮੇਲ ਕਰਕੇ ਘਟਨਾ ਦੀ ਸਮੁੱਚੀ ਜਾਣਕਾਰੀ ਹਾਸਲ ਕਰਨਗੇ। ਉਨ੍ਹਾਂ ਗੁਰਦੁਆਰਾ ਦਸ਼ਮੇਸ਼ ਦਰਬਾਰ ਵਰਜੀਨੀਆ ਦੀ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਕੀਤਾ ਕਿ ਉਹ ਆਪ ਵੀ ਇਸ ਘਟਨਾ ਦੀ ਸਮੁੱਚੀ ਜਾਣਕਾਰੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਸਿੱਖ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿਚ ਵੱਸਦੇ ਹਨ ਅਤੇ ਜਿੱਥੇ ਵੀ ਸਿੱਖ ਵੱਸੇ ਹਨ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਾਲ ਲੈ ਕੇ ਗਏ ਹਨ ਅਤੇ ਉਨ੍ਹਾਂ ਨੇ ਮਿਹਨਤ ਨਾਲ ਸੁੰਦਰ ਗੁਰਦੁਆਰਾ ਸਾਹਿਬਾਨ ਵੀ ਸਥਾਪਤ ਕੀਤੇ ਹਨ। ਉਨ੍ਹਾਂ ਵਰਜੀਨੀਆ, ਆਸਟ੍ਰੇਲੀਆ ਦੀ ਸਿੱਖ ਸੰਗਤ ਨੂੰ ਹੌਂਸਲੇ, ਸਹਿਜ ਅਤੇ ਚੜ੍ਹਦੀ ਕਲਾ ਵਿਚ ਰਹਿਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਆਖਿਆ ਕਿ ਇਸ ਘਟਨਾ ਪਿੱਛੇ ਕਾਰਨ ਪਾਰਦਰਸ਼ਤਾ ਨਾਲ ਪਛਾਣੇ ਜਾਣ ਤੇ ਉਸ ਤੋਂ ਸਿੱਖਿਆ ਲੈ ਕੇ ਦੁਬਾਰਾ ਗੁਰੂ ਘਰ ਸਥਾਪਤ ਕਰਨ ਲਈ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਹ ਘੋਖਣਾ ਚਾਹੀਦਾ ਹੈ ਕਿ ਕਿਤੇ ਇਸ ਘਟਨਾ ਵਿਚ ਕੋਈ ਸ਼ਰਾਰਤ ਤਾਂ ਨਹੀਂ।

