Registering FIR on peaceful protest is an attack on democratic rights: Giani Harpreet Singh
ਸ਼ਾਂਤਮਈ ਰੋਸ ਪ੍ਰਦਰਸ਼ਨ ’ਤੇ FIR ਦਰਜ ਕਰਨਾ ਲੋਕਤੰਤਰੀ ਹੱਕਾਂ ’ਤੇ ਹਮਲਾ: ਗਿਆਨੀ ਹਰਪ੍ਰੀਤ ਸਿੰਘ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਸ਼ਾਂਤਮਈ ਰੋਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਖ਼ਿਲਾਫ਼ FIR ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਅਤੇ ਆਪਣੀ ਗੱਲ ਸਰਕਾਰ ਤੱਕ ਪਹੁੰਚਾਉਣ ਦਾ ਅਧਿਕਾਰ ਦਿੰਦਾ ਹੈ, ਪਰ ਪੰਜਾਬੀਆਂ ਨੂੰ ਆਪਣੀ ਹੀ ਰਾਜਧਾਨੀ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਰਨ ਤੋਂ ਰੋਕਿਆ ਜਾ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਸਵਾਲ ਉਠਾਇਆ ਕਿ ਪੰਜਾਬੀਆਂ ਨੂੰ ਆਪਣੀ ਹੀ ਰਾਜਧਾਨੀ ਵਿੱਚ ਦਾਖ਼ਲ ਹੋਣ ਤੋਂ ਕਿਉਂ ਰੋਕਿਆ ਜਾਂਦਾ ਹੈ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਮੈਮੋਰੈਂਡਮ ਦੇਣ ਦਾ ਅਧਿਕਾਰ ਕਿਉਂ ਖੋਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਜਵਾਬ FIR ਨਾਲ ਨਹੀਂ, ਸਗੋਂ ਸੰਵਾਦ ਰਾਹੀਂ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਖੁਦ ਪ੍ਰਦਰਸ਼ਨਕਾਰੀਆਂ ਤੋਂ ਮੈਮੋਰੈਂਡਮ ਪ੍ਰਾਪਤ ਕਰਨਾ ਚਾਹੀਦਾ ਸੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਅਹਿਮ ਮਸਲੇ ’ਤੇ ਆਪਣਾ ਸਪੱਸ਼ਟ ਪੱਖ ਰੱਖਣਾ ਚਾਹੀਦਾ ਸੀ। ਉਨ੍ਹਾਂ ਇਹ ਵੀ ਯਾਦ ਦਿਵਾਇਆ ਕਿ ਮੁੱਖ ਮੰਤਰੀ ਆਪਣੇ ਸਿਆਸੀ ਜੀਵਨ ਦੇ ਪਹਿਲਾਂ ਦੇ ਦੌਰ ਵਿੱਚ ਵੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦੇ ਰਹੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼ਾਂਤਮਈ ਰੋਸ ਪ੍ਰਦਰਸ਼ਨ ਨੂੰ ਰੋਕਣਾ ਅਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ FIR ਦਰਜ ਕਰਨਾ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਅਜਿਹੀਆਂ ਕਾਰਵਾਈਆਂ ਤੋਂ ਗੁਰੇਜ਼ ਕਰਨ ਅਤੇ ਲੋਕਾਂ ਦੇ ਸੰਵਿਧਾਨਕ ਅਧਿਕਾਰਾਂ ਦਾ ਸਤਿਕਾਰ ਕਰਨ ਦੀ ਅਪੀਲ ਕੀਤੀ।

