Akali delegation meets Governor, demands CBI probe into Barnala incident and paper leak case
ਅਕਾਲੀ ਦਲ ਵਫਦ ਦੀ ਰਾਜਪਾਲ ਨਾਲ ਮੁਲਾਕਾਤ, ਬਰਨਾਲਾ ਘਟਨਾ ਤੇ ਪੇਪਰ ਲੀਕ ਮਾਮਲੇ ‘ਚ CBI ਜਾਂਚ ਦੀ ਕੀਤੀ ਮੰਗ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦਾ ਇਕ ਵਫ਼ਦ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨ ਪਹੁੰਚਿਆ। ਇਸ ਦੌਰਾਨ ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ, ਜਿਸ ਵਿੱਚ ਮੁੱਖ ਤੌਰ ’ਤੇ ਬਰਨਾਲਾ ਘਟਨਾ ਨੂੰ ਲੈ ਕੇ ਅਕਾਲੀ ਦਲ ਨੇ ਡੀ. ਐੱਸ. ਪੀ. ‘ਤੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਉਨ੍ਹਾਂ ਨੇ ਪੰਜਾਬ ‘ਚ ਕਥਿਤ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਰਾਜਪਾਲ ਨਾਲ ਮੁਲਾਕਾਤ ਕਰਨ ਮਗਰੋਂ ਸੁਖਬੀਰ ਬਾਦਲ ਅਤੇ ਸੀਨੀਅਰ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਸੁਖਬੀਰ ਬਾਦਲ ਨੇ ਦੋਸ਼ ਲਗਾਇਆ ਕਿ ਇਤਿਹਾਸ ‘ਚ ਪਹਿਲੀ ਵਾਰ ਹੋਇਆ ਹੈ ਕਿ ਧੀਆਂ-ਭੈਣਾਂ ਦੇ ਸਿਰ ‘ਚ ਡਾਂਗਾ ਮਾਰੀਆਂ ਗਈਆਂ। ਉਨ੍ਹਾਂ ਕਿਹਾ ਜਦੋਂ ਵੀ ਕੋਈ ਭਾਈਚਾਰ ਪ੍ਰਦਰਸ਼ਨ ਕਰਦਾ ਹੈ ਤਾਂ ਉਨ੍ਹਾਂ ਨਾਲ ਅਜਿਹਾ ਹੀ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਵਿੱਚ ਡੀਐਸਪੀ ਵੱਲੋਂ ਕੀਤੀ ਗਈ ਕਥਿਤ ਕਾਰਵਾਈ ’ਤੇ ਸਰਕਾਰ ਨੇ ਕੋਈ ਸਖ਼ਤ ਕਦਮ ਨਹੀਂ ਚੁੱਕਿਆ ਅਤੇ ਲੋਕਾਂ ਦੇ ਦਬਾਅ ਤੋਂ ਬਾਅਦ ਸਿਰਫ਼ ਕਾਗਜ਼ਾਂ ਵਿੱਚ ਮੁਅੱਤਲੀ ਕਰ ਦਿੱਤੀ ਗਈ। ਉਨ੍ਹਾਂ ਮੰਗ ਕੀਤੀ ਕਿ ਸੰਬੰਧਤ ਡੀਐਸਪੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਹ ਕਾਰਵਾਈ ਨਹੀਂ ਹੁੰਦੀ ਤਾਂ ਮੁੱਖ ਮੰਤਰੀ ਸਮੇਤ ਜ਼ਿੰਮੇਵਾਰ ਅਧਿਕਾਰੀਆਂ ’ਤੇ ਵੀ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ ਇਸ ਦੌਰਾਨ ਸੁਖਬੀਰ ਬਾਦਲ ਨੇ ਪੰਜਾਬ ‘ਚ ਲਗਾਤਾਰ ਹੋ ਰਹੇ ਕਥਿਤ ਪੇਪਰ ਲੀਕ ਮਾਮਲਿਆਂ ਦੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਇਸ ਮਾਮਲੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਪੁਲਸ ਨੇ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਮਾਰਚ 2026 ‘ਚ ਦਸਵੀਂ ਜਮਾਤ ਦਾ ਪੇਪਰ, 12ਵੀਂ ਜਮਾਤ ਦਾ ਪੇਪਰ ਤੇ 19 ਜੁਲਾਈ ਨੂੰ ਫ਼ਰੀਦਕੋਟ ਵਿੱਚ ਫਾਰਮੇਸੀ ਪ੍ਰੀਖਿਆ ਦਾ ਪੇਪਰ ਵੀ ਲੀਕ ਹੋਇਆ। ਇਸੇ ਤਰ੍ਹਾਂ ਆਪ ਸਰਕਾਰ ਦੇ ਰਾਜ ‘ਚ ਐਕਰੀਕਲਸ਼ਰ, ਟੀਚਿੰਗ, ਕਲਰਕ ਸਮੇਤ 10 ਪ੍ਰੀਖਿਆ ਦੇ ਪੇਪਰ ਲੀਕ ਹੋਏ ਹਨ, ਜਿਸਨੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ 10 ਲੱਖ ਵਿਦਿਆਰਥੀਆਂ ਨੂੰ ਪ੍ਰਭਾਵਿਤ ਕੀਤਾ ਹੈ। ਹਾਲਾਂਕਿ ਪੁਲਸ ਵੱਲੋਂ ਕੇਸ ਵੀ ਦਰਜ ਕੀਤੇ ਗਏ ਹਨ, ਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਕਈ ਭਰਤੀਆਂ ਅਤੇ ਪ੍ਰੀਖਿਆਵਾਂ ’ਤੇ ਹਾਈਕੋਰਟ ਵੱਲੋਂ ਰੋਕ ਲਗਾਈ ਗਈ ਹੈ ਅਤੇ ਕਈ ਮਾਮਲੇ ਅਦਾਲਤ ਵਿੱਚ ਵਿਚਾਰ ਅਧੀਨ ਹਨ।ਉਨ੍ਹਾਂ ਕਿਹਾ ਕਿ ਇਹ ਮੁੱਦਾ ਹਰਸਿਮਰਤ ਕੌਰ ਬਾਦਲ ਵੱਲੋਂ ਸੰਸਦ ‘ਚ ਵੀ ਉਠਾਇਆ ਗਿਆ ਹੈ ਅਤੇ ਹੁਣ ਪਾਰਟੀ ਦੀ ਮੰਗ ਹੈ ਕਿ ਪੰਜਾਬ ‘ਚ ਹੋਏ ਸਾਰੇ ਕਥਿਤ ਪੇਪਰ ਲੀਕ ਮਾਮਲਿਆਂ ਦੀ ਸੀਬੀਆਈ ਜਾਂਚ ਕਰਵਾਈ ਜਾਵੇ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਮਿਲ ਰਹੀਆਂ, ਜਦਕਿ ਬਾਹਰਲੇ ਸੂਬਿਆਂ ਦੇ ਲੋਕਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਸਰਕਾਰ ਵੱਲੋਂ ਇੱਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਬਾਹਰੀ ਲੋਕਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਰੱਖ ਕੇ ਪੰਜਾਬੀ ਨੌਜਵਾਨਾਂ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ।

