Two renowned schools in Gurdaspur city receive bomb threats via email
ਗੁਰਦਾਸਪੁਰ ਸ਼ਹਿਰ ਦੇ ਦੋ ਨਾਮੀ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ
ਗੁਰਦਾਸਪੁਰ (ਆਵਾਜ਼ਿ ਕੌਮ ਬਿਊਰੋ)-ਗੁਰਦਾਸਪੁਰ ਸ਼ਹਿਰ ਦੇ ਦੋ ਨਾਮੀ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਸ ਪ੍ਰਸ਼ਾਸਨ ਤੁਰੰਤ ਹਰਕਤ ਵਿਚ ਆ ਗਿਆ। ਧਮਕੀ ਮਿਲਦਿਆਂ ਹੀ ਦੋਵਾਂ ਸਕੂਲਾਂ ਵਿਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਅਤੇ ਪੁਲਸ ਵੱਲੋਂ ਗਹਿਰਾਈ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਐੱਸਐੱਸਪੀ ਗੁਰਦਾਸਪੁਰ ਅਦਿਤਿਆ ਖੁਦ ਮੌਕੇ ’ਤੇ ਪਹੁੰਚੇ ਅਤੇ ਐਂਟੀ ਸੈਬੋਟਾਜ ਟੀਮਾਂ ਸਮੇਤ ਹੋਰ ਪੁਲਸ ਅਧਿਕਾਰੀਆਂ ਨਾਲ ਪੂਰੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੀ ਅਗਵਾਈ ਹੇਠ ਪੁਲਸ ਨੇ ਦੋਵਾਂ ਸਕੂਲਾਂ ਦੇ ਚੱਪੇ-ਚੱਪੇ ਦੀ ਬਰੀਕੀ ਨਾਲ ਜਾਂਚ ਕੀਤੀ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਖਤਰੇ ਨੂੰ ਨਕਾਰਿਆ ਜਾ ਸਕੇ। ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਧਮਾਕਾਖੇਜ਼ ਸਮੱਗਰੀ ਬਰਾਮਦ ਨਹੀਂ ਹੋਈ। ਇਸ ਦੇ ਨਾਲ ਹੀ ਧਮਕੀ ਭਰੀ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਲਈ ਸਾਈਬਰ ਮਾਹਿਰਾਂ ਦੀ ਮਦਦ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕਰੀਬ ਛੇ ਮਹੀਨੇ ਪਹਿਲਾਂ ਵੀ ਗੁਰਦਾਸਪੁਰ ਦੇ ਕੁਝ ਨਾਮੀ ਸਕੂਲਾਂ ਨੂੰ ਇਸੇ ਤਰ੍ਹਾਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ, ਜਿਸ ਕਾਰਨ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਮੌਜੂਦਾ ਘਟਨਾ ਤੋਂ ਬਾਅਦ ਵੀ ਪੁਲਸ ਵੱਲੋਂ ਪੂਰੀ ਸਾਵਧਾਨੀ ਵਰਤਦਿਆਂ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ ਅਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

