Meaningful success in the 2027 Punjab Assembly elections is possible only with Panthic unity: Singh Sahib Jasbir Singh Rode
ਪੰਥਕ ਏਕਤਾ ਨਾਲ ਹੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਾਰਥਕ ਸਫ਼ਲਤਾ ਸੰਭਵ: ਸਿੰਘ ਸਾਹਿਬ ਜਸਬੀਰ ਸਿੰਘ ਰੋਡੇ
ਪੰਥਕ ਅਕਾਲੀ ਦਲ ਦੇ ਮਹੀਨਾਵਾਰ ਸੇਵਾ ਦਿਹਾੜੇ ਮੌਕੇ ਸਾਬਕਾ ਜਥੇਦਾਰ ਸਿੰਘ ਸਾਹਿਬ ਜਸਬੀਰ ਸਿੰਘ ਰੋਡੇ ਦਾ ਸੱਦਾ—ਅੰਮ੍ਰਿਤ ਛਕਣ, ਗੁਰਮਤਿ ਜੀਵਨ ਅਪਣਾਉਣ ਅਤੇ ਪੰਥਕ ਧਿਰਾਂ ਨੂੰ ਇੱਕਜੁੱਟ ਹੋਣ ਦੀ ਅਪੀਲ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)-ਪੰਥਕ ਅਕਾਲੀ ਦਲ ਦੇ ਸਰਪਰਸਤ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਥਕ ਸੋਚ ਵਾਲੀਆਂ ਸਮੂਹ ਜਥੇਬੰਦੀਆਂ ਦੀ ਏਕਤਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪੰਥਕ ਧਿਰਾਂ ਦੀ ਪ੍ਰਭਾਵਸ਼ਾਲੀ ਭੂਮਿਕਾ ਅਤੇ ਸਾਰਥਕ ਸਫ਼ਲਤਾ ਤਦ ਹੀ ਸੰਭਵ ਹੈ, ਜਦੋਂ ਸਮੁੱਚੀਆਂ ਪੰਥਕ ਜਥੇਬੰਦੀਆਂ ਆਪਸੀ ਮਤਭੇਦਾਂ ਨੂੰ ਪਾਸੇ ਰੱਖ ਕੇ ਇੱਕ ਸਾਂਝੇ ਮੰਚ ‘ਤੇ ਇਕੱਠੀਆਂ ਹੋਣ। ਇਸ ਉਦੇਸ਼ ਲਈ ਵੱਖ-ਵੱਖ ਪੰਥਕ ਧਿਰਾਂ ਨਾਲ ਲਗਾਤਾਰ ਵਿਚਾਰ-ਵਟਾਂਦਰਾ ਅਤੇ ਏਕਤਾ ਦੇ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਜਿਵੇਂ ਹੀ ਇਨ੍ਹਾਂ ਯਤਨਾਂ ਦਾ ਕੋਈ ਠੋਸ ਨਤੀਜਾ ਸਾਹਮਣੇ ਆਵੇਗਾ, ਉਸ ਤੋਂ ਸਮੁੱਚੀ ਸੰਗਤ ਅਤੇ ਕੌਮ ਨੂੰ ਜਾਣੂ ਕਰਵਾਇਆ ਜਾਵੇਗਾ।
ਪੰਥਕ ਅਕਾਲੀ ਦਲ ਦੇ ਮਹੀਨਾਵਾਰ ਸੇਵਾ ਦਿਹਾੜੇ ਮੌਕੇ ਸੰਬੋਧਨ ਕਰਦਿਆਂ ਸਿੰਘ ਸਾਹਿਬ ਜਸਬੀਰ ਸਿੰਘ ਰੋਡੇ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਦੀ ਅਪਾਰ ਕਿਰਪਾ ਸਦਕਾ ਹੀ ਸੰਗਤਾਂ ਨੂੰ ਹਰ ਮਹੀਨੇ ਸੇਵਾ, ਸਿਮਰਨ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ-ਦੀਦਾਰ ਦਾ ਸੁਭਾਗ ਪ੍ਰਾਪਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮਨੁੱਖ ਕਈ ਵਾਰ ਆਪਣੇ ਰੁਝੇਵਿਆਂ ਕਾਰਨ ਗੁਰੂ ਘਰ ਜਾਣ ਦਾ ਸਿਰਫ਼ ਵਿਚਾਰ ਹੀ ਕਰਦਾ ਰਹਿ ਜਾਂਦਾ ਹੈ, ਪਰ ਸਤਿਗੁਰੂ ਦੀ ਮਿਹਰ ਸਦਕਾ ਹੀ ਸੇਵਾ ਅਤੇ ਦਰਸ਼ਨਾਂ ਦਾ ਅਵਸਰ ਪ੍ਰਾਪਤ ਹੁੰਦਾ ਹੈ।
ਸਾਬਕਾ ਜਥੇਦਾਰ ਸਿੰਘ ਸਾਹਿਬ ਜਸਬੀਰ ਸਿੰਘ ਰੋਡੇ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਜੱਥੇਬੰਦੀ ਦੇ ਵਿਸਥਾਰ ਲਈ ਵੱਖ-ਵੱਖ ਖੇਤਰਾਂ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਅਤੇ ਆਉਣ ਵਾਲੇ ਸਮਾਗਮ ਦੌਰਾਨ ਨਵੇਂ ਅਹੁਦੇਦਾਰਾਂ ਨੂੰ ਗੁਰੂ ਘਰ ਵਿਖੇ ਸਿਰੋਪਾਓ ਬਖ਼ਸ਼ ਕੇ ਸਨਮਾਨਿਤ ਕੀਤਾ ਜਾਵੇਗਾ।
ਉਨ੍ਹਾਂ ਸਪੱਸ਼ਟ ਕੀਤਾ ਕਿ ਵਿਦੇਸ਼ਾਂ ਵਿੱਚ ਜੱਥੇਬੰਦੀ ਦਾ ਨਾਮ ਇੰਟਰਨੈਸ਼ਨਲ ਪੰਥਕ ਦਲ ਹੀ ਰਹੇਗਾ, ਜਦਕਿ ਪੰਜਾਬ ਦੀ ਇਕਾਈ ਦਾ ਨਾਮ ਸਰਬਸੰਮਤੀ ਨਾਲ ਪੰਥਕ ਅਕਾਲੀ ਦਲ ਰੱਖਿਆ ਗਿਆ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਪ੍ਰਧਾਨਾਂ, ਅਹੁਦੇਦਾਰਾਂ ਅਤੇ ਇਕਾਈਆਂ ਨੂੰ ਅਪੀਲ ਕੀਤੀ ਕਿ ਆਪਣੇ ਲੈਟਰਹੈੱਡ, ਪਛਾਣ ਪੱਤਰਾਂ ਅਤੇ ਹੋਰ ਸਾਰੇ ਅਧਿਕਾਰਤ ਦਸਤਾਵੇਜ਼ਾਂ ‘ਤੇ ਪੰਥਕ ਅਕਾਲੀ ਦਲ ਨਾਮ ਦੀ ਹੀ ਵਰਤੋਂ ਕੀਤੀ ਜਾਵੇ।
ਸਿੰਘ ਸਾਹਿਬ ਜਸਬੀਰ ਸਿੰਘ ਰੋਡੇ ਨੇ ਕਿਹਾ ਕਿ ਪੰਥਕ ਅਕਾਲੀ ਦਲ ਨਾਲ ਸੰਬੰਧਤ ਪੰਜਾਬ ਕਿਸਾਨ ਬਚਾਓ ਮੋਰਚਾ ਵੱਲੋਂ ਕਿਸਾਨੀ, ਨਹਿਰੀ ਪਾਣੀ, ਸ਼ਹਿਰਾਂ ਵਿੱਚ ਸੀਵਰੇਜ ਦੀ ਸਮੱਸਿਆ, ਧਰਤੀ ਹੇਠਲੇ ਪਾਣੀ ਦੀ ਸੰਭਾਲ, ਵਪਾਰਕ ਰਸਤਿਆਂ ਦੀ ਬਹਾਲੀ ਅਤੇ ਖੇਤੀ ਆਧਾਰਿਤ ਉਦਯੋਗਾਂ ਦੇ ਵਿਕਾਸ ਵਰਗੇ ਅਹਿਮ ਲੋਕ-ਮੁੱਦੇ ਪੂਰੇ ਜ਼ੋਰ ਨਾਲ ਉਠਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੰਨੇ, ਝੋਨੇ ਅਤੇ ਮੱਕੀ ਵਰਗੀਆਂ ਫ਼ਸਲਾਂ ਤੋਂ ਤਿਆਰ ਹੋਣ ਵਾਲੇ ਉਤਪਾਦਾਂ ਨਾਲ ਸਬੰਧਤ ਲਘੂ ਉਦਯੋਗ ਸਥਾਪਤ ਕਰਨ ਲਈ ਕਿਸਾਨਾਂ ਨੂੰ ਪ੍ਰੋਤਸਾਹਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਲੋੜੀਂਦੀਆਂ ਸਹੂਲਤਾਂ ਤੇ ਲਾਇਸੈਂਸ ਦਿੱਤੇ ਜਾਣੇ ਚਾਹੀਦੇ ਹਨ, ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਅਤੇ ਹੋਰ ਅਹਿਮ ਲੋਕ-ਮੁੱਦਿਆਂ ਸਬੰਧੀ ਜਲਦੀ ਹੀ ਚੰਡੀਗੜ੍ਹ ਵਿੱਚ ਪੰਜਾਬ ਕਿਸਾਨ ਬਚਾਓ ਮੋਰਚਾ ਦੀ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਜਾਵੇਗੀ, ਜਿਸ ਵਿੱਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ ਅਤੇ ਉਸ ਦੀ ਜਾਣਕਾਰੀ ਸਮੇਂ ਸਿਰ ਲੋਕਾਂ ਨਾਲ ਸਾਂਝੀ ਕੀਤੀ ਜਾਵੇਗੀ।
ਸਾਬਕਾ ਜਥੇਦਾਰ ਸਿੰਘ ਸਾਹਿਬ ਜਸਬੀਰ ਸਿੰਘ ਰੋਡੇ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਹਰ ਰੋਜ਼ ਅੰਮ੍ਰਿਤ ਵੇਲੇ ਉੱਠ ਕੇ ਵਾਹਿਗੁਰੂ ਮੰਤਰ ਦਾ ਸਿਮਰਨ ਕਰਨ, ਨਿਤਨੇਮ ਦੇ ਨਾਲ ਸ੍ਰੀ ਜਪੁਜੀ ਸਾਹਿਬ ਦਾ ਪਾਠ ਕਰਨ ਅਤੇ ਜਿਨ੍ਹਾਂ ਨੇ ਅਜੇ ਤੱਕ ਖੰਡੇ-ਬਾਟੇ ਦਾ ਅੰਮ੍ਰਿਤ ਨਹੀਂ ਛਕਿਆ, ਉਹ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ।
ਅੰਤ ਵਿੱਚ ਸਿੰਘ ਸਾਹਿਬ ਜਸਬੀਰ ਸਿੰਘ ਰੋਡੇ ਨੇ ਕਿਹਾ ਕਿ ਪੰਥਕ ਅਕਾਲੀ ਦਲ ਕੌਮੀ, ਧਾਰਮਿਕ ਅਤੇ ਸਮਾਜਿਕ ਸਰੋਕਾਰਾਂ ਲਈ ਪਹਿਲਾਂ ਵਾਂਗ ਦ੍ਰਿੜਤਾ ਨਾਲ ਕੰਮ ਕਰਦਾ ਰਹੇਗਾ। ਉਨ੍ਹਾਂ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੇ ਚਰਨਾਂ ਨਾਲ ਜੁੜੇ ਰਹਿਣ, ਪੰਥਕ ਏਕਤਾ ਨੂੰ ਮਜ਼ਬੂਤ ਕਰਨ ਅਤੇ ਕੌਮੀ ਹਿੱਤਾਂ ਲਈ ਇੱਕਜੁੱਟ ਹੋ ਕੇ ਕਾਰਜ ਕਰਨ ਦਾ ਸੱਦਾ ਦਿੱਤਾ।


