New update on suspended DIG Bhullar’s bail! High Court reserves decision
ਮੁਅੱਤਲ DIG ਭੁੱਲਰ ਦੀ ਜ਼ਮਾਨਤ ‘ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
ਚੰਡੀਗੜ੍ਹ/ਰੋਪੜ (ਆਵਾਜ਼ਿ ਕੌਮ ਬਿਊਰੋ)-ਪੰਜਾਬ ਪੁਲਸ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੁੱਧਵਾਰ ਨੂੰ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਜ਼ਮਾਨਤ ‘ਤੇ ਅਦਾਲਤ ਵਿਚ ਕਰੀਬ ਡੇਢ ਘੰਟਾ ਸੁਣਵਾਈ ਚੱਲੀ, ਜਿਸ ਦੌਰਾਨ ਦੋਵਾਂ ਪੱਖਾਂ ਦੇ ਵਕੀਲਾਂ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਇਥੇ ਦੱਸ ਦੇਈਏ ਕਿ ਹਰਚਰਨ ਸਿੰਘ ਭੁੱਲਰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿੱਚ ਗ੍ਰਿਫ਼ਤਾਰ ਹਨ। ਇਸ ਤੋਂ ਪਹਿਲਾਂ ਹਾਈਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਸੁਪਰੀਮ ਕੋਰਟ ਨੇ 10 ਅਪ੍ਰੈਲ ਨੂੰ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ ਪਰ ਇਹ ਸ਼ਰਤ ਰੱਖੀ ਸੀ ਕਿ ਜੇਕਰ ਦੋ ਮਹੀਨਿਆਂ ਦੇ ਅੰਦਰ ਟਰਾਇਲ ਸ਼ੁਰੂ ਨਹੀਂ ਹੁੰਦਾ ਤਾਂ ਉਹ ਦੋਬਾਰਾ ਜ਼ਮਾਨਤ ਲਈ ਅਪੀਲ ਕਰ ਸਕਦੇ ਹਨ। ਇਸੇ ਆਧਾਰ ‘ਤੇ ਉਨ੍ਹਾਂ ਨੇ ਹੁਣ ਹਾਈਕੋਰਟ ‘ਚ ਨਵੀਂ ਪਟੀਸ਼ਨ ਦਾਇਰ ਕੀਤੀ ਸੀ। ਭੁੱਲਰ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਗਈ ਕਿ ਮਾਮਲੇ ਦੀ ਜਾਂਚ ਪੂਰੀ ਹੋ ਚੁੱਕੀ ਹੈ ਅਤੇ ਸੀ. ਬੀ. ਆਈ. ਨੇ ਚਾਰਜਸ਼ੀਟ ਵੀ ਦਾਇਰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਜ਼ਿਆਦਾਤਰ ਗਵਾਹ ਸਰਕਾਰੀ ਅਧਿਕਾਰੀ ਹਨ ਅਤੇ ਭੁੱਲਰ ਖ਼ੁਦ ਮੁਅੱਤਲ ਹਨ, ਇਸ ਲਈ ਗਵਾਹਾਂ ਨੂੰ ਪ੍ਰਭਾਵਿਤ ਕਰਨ ਜਾਂ ਸਬੂਤਾਂ ਨਾਲ ਛੇੜਛਾੜ ਕਰਨ ਦੀ ਕੋਈ ਸੰਭਾਵਨਾ ਨਹੀਂ ਹੈ। ਉਥੇ ਹੀ ਦੂਜੇ ਪਾਸੇ ਸੀ. ਬੀ. ਆਈ. ਨੇ ਜ਼ਮਾਨਤ ਦਾ ਸਖ਼ਤ ਵਿਰੋਧ ਕੀਤਾ। ਜਾਂਚ ਏਜੰਸੀ ਨੇ ਅਦਾਲਤ ਨੂੰ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਭੁੱਲਰ ਨੂੰ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ। ਦੋਵਾਂ ਪੱਖਾਂ ਦੀਆਂ ਵਿਸਤ੍ਰਿਤ ਦਲੀਲਾਂ ਸੁਣਨ ਤੋਂ ਬਾਅਦ ਹਾਈਕੋਰਟ ਨੇ ਹੁਣ ਆਪਣਾ ਆਦੇਸ਼ ਰਾਖਵਾਂ ਰੱਖ ਲਿਆ ਹੈ।

