Gurdaspur Police’s major operation: More than 100 accused arrested
ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
ਗੁਰਦਾਸਪੁਰ (ਆਵਾਜ਼ਿ ਕੌਮ ਬਿਊਰੋ)-ਬਾਰਡਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਗੁਰਦਾਸਪੁਰ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਚਾਰ ਵਜੇ ਤੋਂ ਸ਼ੁਰੂ ਕੀਤੀ ਗਈ ਤਲਾਸ਼ੀ ਮੁਹਿੰਮ ਤਹਿਤ ਪੁਲਸ ਨੇ ਵੱਡੇ ਪੱਧਰ ‘ਤੇ ਛਾਪੇਮਾਰੀ ਕਰਦਿਆਂ 100 ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੁਹਿੰਮ ਵਿੱਚ ਕਰੀਬ 20 ਗਜ਼ਟਿਡ ਅਧਿਕਾਰੀਆਂ ਦੀ ਅਗਵਾਈ ਹੇਠ 1,000 ਤੋਂ ਵੱਧ ਪੁਲਸ ਮੁਲਾਜ਼ਮਾਂ ਨੇ ਹਿੱਸਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਇਹ ਮੁਹਿੰਮ ਅੰਮ੍ਰਿਤਸਰ ਦਿਹਾਤੀ ਅਤੇ ਬਟਾਲਾ ਜ਼ਿਲ੍ਹੇ ਵਿੱਚ ਚਲਾਈ ਜਾ ਚੁੱਕੀ ਹੈ। ਗੁਰਦਾਸਪੁਰ ਵਿੱਚ ਚੱਲ ਰਹੀ ਇਸ ਕਾਰਵਾਈ ਦੀ ਅਗਵਾਈ ਐੱਸਐੱਸਪੀ ਆਦਿਤਿਆ ਕਰ ਰਹੇ ਹਨ, ਜਦਕਿ ਲਾਅ ਐਂਡ ਆਰਡਰ ਵਿੰਗ ਵੱਲੋਂ ਵਾਧੂ ਪੁਲਸ ਫੋਰਸ ਅਤੇ ਅਧਿਕਾਰੀ ਵੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਨਸ਼ਾ ਤਸਕਰ, ਗੰਭੀਰ ਅਪਰਾਧਾਂ ਵਿੱਚ ਲੋੜੀਂਦੇ ਦੋਸ਼ੀ, ਲੰਬੇ ਸਮੇਂ ਤੋਂ ਫ਼ਰਾਰ ਚੱਲ ਰਹੇ ਮੁਲਜ਼ਮ ਅਤੇ ਪੰਜ ਘੋਸ਼ਿਤ ਅਪਰਾਧੀ (ਪੀ.ਓ.) ਵੀ ਸ਼ਾਮਲ ਹਨ। ਇਸ ਦੌਰਾਨ ਕੁਝ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਪੁਲਸ ਨੇ ਇਹ ਕਾਰਵਾਈ ਪਹਿਲਾਂ ਤੋਂ ਇਕੱਠੀ ਕੀਤੀ ਗਈ ਮਨੁੱਖੀ ਖ਼ੁਫ਼ੀਆ ਜਾਣਕਾਰੀ (Human Intelligence) ਅਤੇ ਸਰਵੇਲੈਂਸ ਦੇ ਆਧਾਰ ‘ਤੇ ਕੀਤੀ। ਡੀਆਈਜੀ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਦੇ ਹੌਟਸਪਾਟ, ਗੈਂਗਸਟਰਾਂ ਦੇ ਪ੍ਰਭਾਵ ਵਾਲੇ ਇਲਾਕਿਆਂ ਅਤੇ ਡਰੋਨ ਰਾਹੀਂ ਤਸਕਰੀ ਪ੍ਰਭਾਵਿਤ ਖੇਤਰਾਂ ਵਿੱਚ ਸਖ਼ਤ ਕਾਰਵਾਈ ਕਰਨਾ ਹੈ। ਇਸ ਦੇ ਨਾਲ ਹੀ ਗੈਂਗਸਟਰਾਂ ਅਤੇ ਸਮੱਗਲਰਾਂ ਦੇ ਸਾਥੀਆਂ, ਉਨ੍ਹਾਂ ਦੇ ਨਜ਼ਦੀਕੀ ਸੰਪਰਕਾਂ ਅਤੇ ਪੁਰਾਣੇ ਮਾਮਲਿਆਂ ਵਿੱਚ ਲੋੜੀਂਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਦੇ ਘੇਰੇ ਵਿੱਚ ਲਿਆਉਣਾ ਵੀ ਮੁਹਿੰਮ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿੱਚ ਡਰੋਨ ਗਤੀਵਿਧੀਆਂ ਵਿੱਚ ਪਹਿਲਾਂ ਦੇ ਮੁਕਾਬਲੇ ਕਮੀ ਆਈ ਹੈ। ਪੁਲਸ ਦਾ ਐਂਟੀ ਡਰੋਨ ਸਿਸਟਮ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਿਹਾ ਹੈ ਅਤੇ ਜਿੱਥੇ ਵੀ ਡਰੋਨ ਸਰਗਰਮੀਆਂ ਦੀ ਸੂਚਨਾ ਮਿਲਦੀ ਹੈ, ਉੱਥੇ ਤੁਰੰਤ ਟੀਮਾਂ ਭੇਜੀਆਂ ਜਾਂਦੀਆਂ ਹਨ। ਇਸ ਕਾਰਨ ਕਈ ਮੌਕਿਆਂ ‘ਤੇ ਲਾਵਾਰਿਸ ਡਰੋਨ ਅਤੇ ਉਨ੍ਹਾਂ ਰਾਹੀਂ ਸੁੱਟੀ ਗਈ ਖੇਪ ਵੀ ਬਰਾਮਦ ਕੀਤੀ ਗਈ ਹੈ, ਜਦਕਿ ਕੁਝ ਮਾਮਲਿਆਂ ਵਿੱਚ ਤਸਕਰਾਂ ਦੀ ਗ੍ਰਿਫ਼ਤਾਰੀ ਵੀ ਸੰਭਵ ਹੋਈ ਹੈ।

