Parkash Purab of Sri Guru Harkrishan Sahib Ji was celebrated with devotion and respect at Gurdwara Ninth Patshah, Guru Teg Bahadur Nagar, Jalandhar
ਗੁਰਦੁਆਰਾ ਨੌਵੇਂ ਪਾਤਸ਼ਾਹ, ਗੁਰੂ ਤੇਗ ਬਹਾਦਰ ਨਗਰ ਜਲੰਧਰ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
ਜਲੰਧਰ (ਆਵਾਜ਼ਿ ਕੌਮ ਬਿਊਰੋ)- ਸਿੱਖ ਧਰਮ ਦੇ ਅੱਠਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਨੌਵੇਂ ਪਾਤਸ਼ਾਹ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਵਿਖੇ ਸੰਗਤਾਂ ਵੱਲੋਂ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੌਰਾਨ ਸਿੱਖ ਵਿਦਵਾਨ ਅਤੇ ਸਿੱਖ ਚਿੰਤਕ ਸਰਦਾਰ ਭਗਵਾਨ ਸਿੰਘ ਜੌਹਲ ਨੇ ਸੰਗਤਾਂ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਵਿੱਤਰ ਜੀਵਨ, ਉਨ੍ਹਾਂ ਦੀ ਨਿਮਰਤਾ, ਸੇਵਾ, ਪਰਉਪਕਾਰ ਅਤੇ ਮਨੁੱਖਤਾ ਪ੍ਰਤੀ ਕੀਤੇ ਮਹਾਨ ਕਾਰਜਾਂ ਸਬੰਧੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਸੇਵਾ, ਨਿਮਰਤਾ ਅਤੇ ਮਨੁੱਖਤਾ ਦੀ ਭਲਾਈ ਲਈ ਪ੍ਰੇਰਣਾ ਲੈਣ ਦਾ ਸੰਦੇਸ਼ ਦਿੱਤਾ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਗੁਰਦਿੱਤ ਸਿੰਘ ਜੀ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਰੂਹਾਨੀ ਕੀਰਤਨ ਦਾ ਸੰਗਤਾਂ ਨੇ ਬੜੀ ਸ਼ਰਧਾ ਨਾਲ ਸਰਵਣ ਕੀਤਾ ਅਤੇ ਗੁਰਬਾਣੀ ਦੀਆਂ ਇਲਾਹੀ ਧੁਨਾਂ ਨਾਲ ਸਮੁੱਚਾ ਵਾਤਾਵਰਨ ਗੁਰਮਈ ਹੋ ਗਿਆ।
ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ।
ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਵਿਦਵਾਨ ਅਤੇ ਚਿੰਤਕ ਸਰਦਾਰ ਭਗਵਾਨ ਸਿੰਘ ਜੌਹਲ ਨੂੰ ਵਿਸ਼ੇਸ਼ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਰਦਾਰ ਕਮਲਜੀਤ ਸਿੰਘ ਅਬਰਾਏ, ਅਸਥਾਨ ਦੇ ਸਰਪ੍ਰਸਤ ਸਰਦਾਰ ਜਸਵਿੰਦਰ ਸਿੰਘ ਮੱਕੜ ਅਤੇ ਸਮੁੱਚੀ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ।
ਸਮੁੱਚੇ ਸਮਾਗਮ ਦੌਰਾਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ, ਨਿਮਰਤਾ ਅਤੇ ਸੇਵਾ ਦੇ ਮਾਰਗ ਨੂੰ ਅਪਣਾਉਣ ਅਤੇ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਨ ਦਾ ਸੰਦੇਸ਼ ਦਿੱਤਾ ਗਿਆ।

