CM Saini dismisses possibility of alliance between Shiromani Akali Dal and BJP in Punjab
CM ਸੈਣੀ ਨੇ ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ
ਹਰਿਆਣਾ (ਆਵਾਜ਼ਿ ਕੌਮ ਬਿਊਰੋ)-ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲੇ 2 ਪੁਰਾਣੇ ਸਹਿਯੋਗੀ ਦਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ‘ਚ ਗਠਜੋੜ ਦੀ ਚਰਚਾ ਵਿਚਾਲੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਅਜਿਹੀ ਕਿਸੇ ਵੀ ਸੰਭਾਵਨਾ ਤੋਂ ਇਨਕਾਰ ਕੀਤਾ। ਸੈਣੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਗਠਜੋੜ ਪੰਜਾਬ ਦੀ ਜਨਤਾ ਦੇ ਨਾਲ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸ਼ੁੱਕਰਵਾਰ ਨੂੰ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸਿਆਸੀ ਹਲਕਿਆਂ ‘ਚ ਦੋਵਾਂ ਦਲਾਂ ਵਿਚਾਲੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੜ ਗਠਜੋੜ ਦੀ ਚਰਚਾ ਸ਼ੁਰੂ ਹੋ ਗਈ ਸੀ। ਪੰਜਾਬ ਵਿਧਾਨ ਸਭਾ ਚੋਣਾਂ ਅਗਲੇ ਸਾਲ ਦੀ ਸ਼ੁਰੂਆਤ ‘ਚ ਹੋਣੀਆਂ ਹਨ। ਹਰਿਆਣਾ ‘ਚ ਵੱਖ-ਵੱਖ ਯੋਜਨਾਵਾਂ ਦੇ ਲਾਭਪਾਤਰੀਆਂ ਨੂੰ ਮਹੀਨਾਵਾਰ ਮਦਦ ਰਾਸ਼ੀ ਜਾਰੀ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਦੀ ਸੰਭਾਵਨਾ ਬਾਰੇ ਪੁੱਛੇ ਜਾਣ ‘ਤੇ ਸੈਣੀ ਨੇ ਕਿਹਾ,”ਨਹੀਂ, ਅਜਿਹੀ ਕੋਈ ਗੱਲ ਨਹੀਂ ਹੈ।” ਉਨ੍ਹਾਂ ਕਿਹਾ,”ਭਾਜਪਾ ਦਾ ਗਠਜੋੜ ਪੰਜਾਬ ਦੀ ਜਨਤਾ ਨਾਲ ਹੈ।” ਸੈਣੀ ਨੇ ਕਿਹਾ ਕਿ ਉਹ ਇਹ ਗੱਲ ਪੂਰੇ ਵਿਸ਼ਵਾਸ ਨਾਲ ਕਹਿ ਰਹੇ ਹਨ, ਕਿਉਂਕਿ ਉਹ ਪੰਜਾਬ ‘ਚ ਲੋਕਾਂ ਨੂੰ ਮਿਲਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਭਾਜਪਾ ਆਪਣੇ ਦਮ ‘ਤੇ ਸਰਕਾਰ ਬਣਾਏਗੀ।

