Situation worsens after lathicharge on students! Jharkhand shuts down, roads blocked
ਵਿਦਿਆਰਥੀਆਂ ‘ਤੇ ਲਾਠੀਚਾਰਜ ਮਗਰੋਂ ਵਿਗੜੇ ਹਾਲਾਤ ! ਝਾਰਖੰਡ ਬੰਦ, ਸੜਕਾਂ ਕੀਤੀਆਂ ਜਾਮ
ਰਾਂਚੀ (ਆਵਾਜ਼ਿ ਕੌਮ ਬਿਊਰੋ)- ਝਾਰਖੰਡ ਵਿੱਚ JPSC ਅਤੇ JSSC ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ ‘ਤੇ ਸੋਮਵਾਰ ਨੂੰ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਭਾਰਤੀ ਜਨਤਾ ਪਾਰਟੀ ਨੇ ਮੰਗਲਵਾਰ ਨੂੰ ਝਾਰਖੰਡ ਬੰਦ ਦਾ ਸੱਦਾ ਦਿੱਤਾ ਹੈ। ਭਾਜਪਾ ਦੀ ਹੜਤਾਲ ਦਾ ਅਸਰ ਅੱਜ ਰਾਜਧਾਨੀ ਰਾਂਚੀ ਦੀਆਂ ਸੜਕਾਂ ‘ਤੇ ਦਿਖਾਈ ਦਿੱਤਾ। ਭਾਜਪਾ ਵਰਕਰਾਂ ਨੇ ਟਾਇਰ ਸਾੜ ਕੇ ਹਰਮੂ ਚੌਕ ‘ਤੇ ਸੜਕ ਜਾਮ ਕਰ ਦਿੱਤੀ। ਇਸ ਦੌਰਾਨ ਕਾਰਕੁਨਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਦਾ ਵਿਰੋਧ ਕੀਤਾ। ਸੜਕ ਜਾਮ ਕਾਰਨ ਇਲਾਕੇ ਵਿੱਚ ਆਵਾਜਾਈ ਵੀ ਪ੍ਰਭਾਵਿਤ ਹੋਈ। ਬੰਦ ਕਾਰਨ ਰਾਂਚੀ ਵਿੱਚ ਚੱਲਣ ਵਾਲੀਆਂ ਬੱਸਾਂ ਅਤੇ ਹੋਰ ਯਾਤਰੀ ਵਾਹਨਾਂ ਦੀ ਗਿਣਤੀ ਆਮ ਨਾਲੋਂ ਘੱਟ ਹੈ। ਰਾਂਚੀ ਤੋਂ ਬਾਹਰ ਜਾਣ ਅਤੇ ਰਾਜਧਾਨੀ ਵਿਚ ਆਉਣ ਵਾਲੇ ਯਾਤਰੀਆਂ ਦੀ ਗਿਣਤੀ ਵਿੱਚ ਵੀ ਕਮੀ ਦੇਖੀ ਗਈ ਹੈ। ਇਸ ਦੌਰਾਨ ਆਉਣ-ਜਾਣ ਵਾਲੀਆਂ ਕਈ ਸੜਕਾਂ ‘ਤੇ ਆਮ ਨਾਲੋਂ ਬਹੁਤ ਘੱਟ ਚਹਿਲ-ਪਹਿਲ ਦੇਖਣ ਨੂੰ ਮਿਲ ਰਹੀ ਹੈ। ਬੰਦ ਦੇ ਮੱਦੇਨਜ਼ਰ, ਰਾਜਧਾਨੀ ਰਾਂਚੀ ਦੇ ਸਾਰੇ ਨਿੱਜੀ ਸਕੂਲਾਂ ਨੂੰ ਮੰਗਲਵਾਰ ਵਾਲੇ ਬੰਦ ਰੱਖਿਆ ਗਿਆ। ਸਕੂਲ ਪ੍ਰਬੰਧਨ ਨੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸ਼ਹਿਰ ਦੇ ਮੌਜੂਦਾ ਹਾਲਾਤਾਂ ਕਾਰਨ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਵਿਦਿਆਰਥੀ JPSC ਅਤੇ JSSC ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ, ਪੇਪਰ ਲੀਕ ਅਤੇ ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਲੈ ਕੇ ਲੰਬੇ ਸਮੇਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਮਵਾਰ ਨੂੰ ਵਿਦਿਆਰਥੀਆਂ ਨੇ ਵਿਧਾਨ ਸਭਾ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪਾਣੀ ਦੀਆਂ ਤੋਪਾਂ, ਅੱਥਰੂ ਗੈਸ ਅਤੇ ਲਾਠੀਚਾਰਜ ਦੀ ਵਰਤੋਂ ਕੀਤੀ, ਜਿਸ ਕਾਰਨ ਕਈ ਵਿਦਿਆਰਥੀ ਜ਼ਖਮੀ ਹੋ ਗਏ। ਇਸ ਤੋਂ ਬਾਅਦ ਭਾਜਪਾ ਨੇ ਵਿਦਿਆਰਥੀਆਂ ਦੇ ਸਮਰਥਨ ਵਿੱਚ 11 ਅਗਸਤ ਨੂੰ ਪੂਰੇ ਝਾਰਖੰਡ ਵਿਚ ਬੰਦ ਦਾ ਸੱਦਾ ਦਿੱਤਾ। ਭਾਜਪਾ ਨੇ ਪੁਲਸ ਕਾਰਵਾਈ ਨੂੰ ਲੈ ਕੇ ਰਾਜ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ ਅਤੇ ਮੰਗ ਕੀਤੀ ਹੈ ਕਿ ਵਿਦਿਆਰਥੀਆਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ। ਬੰਦ ਦੌਰਾਨ ਪ੍ਰਸ਼ਾਸਨ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸੁਰੱਖਿਆ ਵਧਾ ਦਿੱਤੀ ਹੈ। ਰਾਜਧਾਨੀ ਵਿੱਚ ਬੰਦ ਦੇ ਪ੍ਰਭਾਵ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

