Waris Punjab De Will Never Betray the Sikh Nation — MP Bhai Amritpal Singh Khalsa
ਅਕਾਲੀ ਦਲ ਵਾਰਿਸ ਪੰਜਾਬ ਦੇ ਕਦੇ ਵੀ ਆਪਣੀ ਕੌਮ ਨਾਲ ਧੋਖਾ ਨਹੀਂ ਕਰੇਗਾ: ਐਮ.ਪੀ. ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ
ਪੰਜਾਬ – ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਕਿਹਾ ਹੈ ਕਿ ਜਥੇਬੰਦੀ ਕਦੇ ਵੀ ਆਪਣੀ ਕੌਮ ਨਾਲ ਧੋਖਾ ਨਹੀਂ ਕਰੇਗੀ ਅਤੇ ਪੰਥ ਤੇ ਪੰਜਾਬ ਦੇ ਹੱਕਾਂ ਲਈ ਹਮੇਸ਼ਾ ਡਟ ਕੇ ਖੜ੍ਹੀ ਰਹੇਗੀ।

ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਭਾਵੇਂ ਜੇਲ੍ਹਾਂ ਦਾ ਸਾਹਮਣਾ ਕਰਨਾ ਪਵੇ ਜਾਂ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਲਾਂ ਝੱਲਣੀਆਂ ਪੈਣ, ਪਰ ਪੰਜਾਬ ਦੇ ਨੌਜਵਾਨਾਂ ਅਤੇ ਪੰਜਾਬ ਦੇ ਹੱਕਾਂ ਲਈ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ ਪੰਥ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਾ ਉਨ੍ਹਾਂ ਦੀ ਵਚਨਬੱਧਤਾ ਹੈ ਅਤੇ ਕਿਸੇ ਵੀ ਦਬਾਅ ਜਾਂ ਮੁਸ਼ਕਲ ਦੇ ਬਾਵਜੂਦ ਉਹ ਆਪਣੇ ਮਕਸਦ ਤੋਂ ਪਿੱਛੇ ਨਹੀਂ ਹਟਣਗੇ।
ਭਾਈ ਅੰਮ੍ਰਿਤਪਾਲ ਸਿੰਘ ਨੇ ਇਸ ਦੇ ਨਾਲ ਹੀ ਪੰਜਾਬ ਦੇ ਨੌਜਵਾਨਾਂ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ, ਅੰਮ੍ਰਿਤ ਛਕਣ ਅਤੇ ਗੁਰੂ ਦੇ ਲੜ ਲੱਗਣ। ਉਨ੍ਹਾਂ ਨੌਜਵਾਨਾਂ ਨੂੰ ਆਪਣਾ ਜੀਵਨ ਗੁਰਮਤਿ ਦੇ ਸਿਧਾਂਤਾਂ ਅਨੁਸਾਰ ਢਾਲਣ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਜੇ ਪੰਜਾਬ ਦੀ ਨੌਜਵਾਨ ਪੀੜ੍ਹੀ ਗੁਰਮਤਿ ਦੇ ਸਿਧਾਂਤਾਂ ਨਾਲ ਜੁੜ ਕੇ ਆਪਣਾ ਜੀਵਨ ਬਤੀਤ ਕਰੇਗੀ ਤਾਂ ਪੰਥ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਹੋਰ ਮਜ਼ਬੂਤ ਹੋਵੇਗੀ।
ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਪ੍ਰਧਾਨ ਨੇ ਕੌਮ ਨੂੰ ਚੜ੍ਹਦੀ ਕਲਾ ਵਿੱਚ ਰਹਿਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਉਹ ਖੁਦ ਵੀ ਚੜ੍ਹਦੀ ਕਲਾ ਵਿੱਚ ਹਨ। ਉਨ੍ਹਾਂ ਆਪਣੇ ਸੰਦੇਸ਼ ਦੀ ਸਮਾਪਤੀ “ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹ” ਨਾਲ ਕੀਤੀ।
