SGPC appeals to Pakistan, allow 500 Pakistani Sikh pilgrims to visit Darbar Sahib
SGPC ਦੀ ਪਾਕਿਸਤਾਨ ਨੂੰ ਅਪੀਲ, 500 ਪਾਕਿ ਸਿੱਖ ਸ਼ਰਧਾਲੂਆਂ ਨੂੰ ਦਰਬਾਰ ਸਾਹਿਬ ਦੇ ਦਰਸ਼ਨਾਂ ਦੀ ਦਿਓ ਇਜਾਜ਼ਤ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਲਗਭਗ 500 ਸਿੱਖ ਅਤੇ ਸਿੰਧੀ ਸ਼ਰਧਾਲੂਆਂ ਦੇ ਇੱਕ ਜਥੇ ਨੂੰ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ (24 ਨਵੰਬਰ) ਮੌਕੇ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਭਾਰਤ ਆਉਣ ਦੀ ਇਜਾਜ਼ਤ ਦੇਵੇ। ਇਹ ਆਪਣੀ ਕਿਸਮ ਦੀ ਪਹਿਲੀ ਅਜਿਹੀ ਮੰਗ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਵੱਲੋਂ 25 ਅਗਸਤ ਨੂੰ ਲਾਹੌਰ ਸਥਿਤ ‘ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ’ (ETPB) ਦੇ ਚੇਅਰਮੈਨ ਨੂੰ ਭੇਜੇ ਪੱਤਰ ਵਿੱਚ ਸ਼ਰਧਾਲੂਆਂ ਦੀ ਰਿਹਾਇਸ਼, ਲੰਗਰ (ਪ੍ਰਸ਼ਾਦਾ), ਸਥਾਨਕ ਆਵਾਜਾਈ ਅਤੇ ਹੋਰ ਸਾਰੀਆਂ ਲੋੜੀਂਦੀਆਂ ਸਹੂਲਤਾਂ ਦਾ ਖਰਚਾ ਅਤੇ ਪ੍ਰਬੰਧ ਖੁਦ ਸੰਭਾਲਣ ਦੀ ਪੇਸ਼ਕਸ਼ ਕੀਤੀ ਗਈ ਹੈ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਇਹ ਯਾਤਰਾ ਸ਼ਰਧਾਲੂਆਂ ਲਈ ਡੂੰਘੀ ਅਧਿਆਤਮਕ ਮਹੱਤਤਾ ਰੱਖਦੀ ਹੈ ਅਤੇ ਇਸ ਨਾਲ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਸ਼ਾਂਤੀ, ਆਪਸੀ ਸਤਿਕਾਰ ਅਤੇ ਸੱਭਿਆਚਾਰਕ ਸਾਂਝ ਮਜ਼ਬੂਤ ਹੋਵੇਗੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਇਸ ਕਦਮ ਦਾ ਸਵਾਗਤ ਕੀਤਾ ਹੈ। ਉਨ੍ਹਾਂ ਉਮੀਦ ਜਤਾਈ ਕਿ ਪਾਕਿਸਤਾਨ ਇਸ ਵਿੱਚ ਕੋਈ ਰੁਕਾਵਟ ਨਹੀਂ ਪਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸ਼ਰਧਾਲੂਆਂ ਦੀ ਗਿਣਤੀ ਘਟਾ ਕੇ 100 ਜਾਂ 200 ਵੀ ਕਰ ਦਿੱਤੀ ਜਾਵੇ, ਤਾਂ ਵੀ ਇਹ ਇੱਕ ਸਕਾਰਾਤਮਕ ਸ਼ੁਰੂਆਤ ਹੋਵੇਗੀ ਜੋ ਆਪਸੀ ਸਬੰਧਾਂ ਨੂੰ ਸੁਧਾਰਨ ਵਿੱਚ ਮਦਦ ਕਰੇਗੀ । ਉਨ੍ਹਾਂ ਨੇ ਭਾਰਤ ਦੀ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਜਥੇ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਪੈਦਲ ਲੰਘਣ ਦੀ ਇਜਾਜ਼ਤ ਦਿੱਤੀ ਜਾਵੇ ।

