Risk of diseases increases in monsoon! Advisory issued regarding dengue, malaria and snakebite
ਮਾਨਸੂਨ ‘ਚ ਬੀਮਾਰੀਆਂ ਦਾ ਖ਼ਤਰਾ ਵਧਿਆ! ਡੇਂਗੂ, ਮਲੇਰੀਆ ਤੇ ਸੱਪਾਂ ਦੇ ਖ਼ਤਰੇ ਨੂੰ ਲੈ ਕੇ ਐਡਵਾਈਜ਼ਰੀ ਜਾਰੀ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਮਾਨਸੂਨ ਦੇ ਮੌਸਮ ਦੌਰਾਨ ਪਾਣੀ ਅਤੇ ਮੱਛਰਾਂ ਰਾਹੀਂ ਫੈਲਣ ਵਾਲੀਆਂ ਬੀਮਾਰੀਆਂ ਦੇ ਖ਼ਤਰੇ ਨੂੰ ਦੇਖਦੇ ਹੋਏ ਚੰਡੀਗੜ੍ਹ ਨਗਰ ਨਿਗਮ ਵੱਲੋਂ ਲੋਕਾਂ ਲਈ ਸਿਹਤ ਸਲਾਹ ਜਾਰੀ ਕੀਤੀ ਗਈ ਹੈ। ਨਗਰ ਨਿਗਮ ਨੇ ਨਾਗਰਿਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਰੱਖਣ ਅਤੇ ਪਾਣੀ ਖੜ੍ਹਾ ਨਾ ਹੋਣ ਦੇਣ ਦੀ ਅਪੀਲ ਕੀਤੀ ਗਈ ਹੈ। ਮਾਨਸੂਨ ਦੌਰਾਨ ਡੇਂਗੂ, ਮਲੇਰੀਆ ਅਤੇ ਹੋਰ ਪਾਣੀ ਤੋਂ ਪੈਦਾ ਹੋਣ ਵਾਲੀਆਂ ਬੀਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਨਗਰ ਨਿਗਮ ਨੇ ਕਿਹਾ ਕਿ ਨਾਲੀਆਂ ਅਤੇ ਜਲ ਨਿਕਾਸੀ ਵਾਲੇ ਰਸਤਿਆਂ ਦੀ ਨਿਯਮਤ ਸਫਾਈ ਕਰਵਾਈ ਜਾਵੇ ਅਤੇ ਕੂੜਾ ਸਿਰਫ਼ ਨਿਰਧਾਰਤ ਥਾਵਾਂ ’ਤੇ ਹੀ ਸੁੱਟਿਆ ਜਾਵੇ। ਕੂਲਰਾਂ, ਗਮਲਿਆਂ, ਟਾਇਰਾਂ, ਡੱਬਿਆਂ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਥਾਵਾਂ ਨੂੰ ਨਿਯਮਤ ਤੌਰ ’ਤੇ ਖ਼ਾਲੀ ਕਰਕੇ ਸਾਫ਼ ਰੱਖਣ ਦੀ ਸਲਾਹ ਦਿੱਤੀ ਗਈ ਹੈ। ਪੀਣ ਵਾਲੇ ਪਾਣੀ ਸਬੰਧੀ ਲੋਕਾਂ ਨੂੰ ਸਾਫ਼ ਅਤੇ ਢੱਕੇ ਹੋਏ ਬਰਤਨਾਂ ਵਿੱਚ ਪਾਣੀ ਰੱਖਣ ਅਤੇ ਲੋੜ ਪੈਣ ’ਤੇ ਪਾਣੀ ਨੂੰ ਉਬਾਲ ਕੇ ਜਾਂ ਕਲੋਰੀਨ ਦੀਆਂ ਗੋਲੀਆਂ ਦੀ ਵਰਤੋਂ ਕਰਕੇ ਪੀਣ ਲਈ ਕਿਹਾ ਗਿਆ ਹੈ। ਫਲਾਂ ਅਤੇ ਸਬਜ਼ੀਆਂ ਨੂੰ ਚੰਗੀ ਤਰ੍ਹਾਂ ਧੋ ਕੇ ਖਾਣ ਅਤੇ ਬਾਸੀ ਜਾਂ ਖੁੱਲ੍ਹਾ ਭੋਜਨ ਖਾਣ ਤੋਂ ਪਰਹੇਜ਼ ਕਰਨ ਦੀ ਵੀ ਅਪੀਲ ਕੀਤੀ ਗਈ ਹੈ। ਮੱਛਰਾਂ ਤੋਂ ਬਚਾਅ ਲਈ ਕੂਲਰਾਂ, ਗਮਲਿਆਂ, ਪਾਣੀ ਦੀਆਂ ਟੈਂਕੀਆਂ ਅਤੇ ਹੋਰ ਥਾਵਾਂ ’ਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਬਾਹਰ ਜਾਂਦੇ ਸਮੇਂ ਮੱਛਰ ਭਜਾਉਣ ਵਾਲੀ ਕ੍ਰੀਮ ਦੀ ਵਰਤੋਂ ਕਰਨ ਅਤੇ ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨਣ ਦੀ ਸਲਾਹ ਦਿੱਤੀ ਗਈ ਹੈ। ਮੌਜੂਦਾ ਮਾਨਸੂਨੀ ਹਾਲਾਤਾਂ ਵਿੱਚ ਖੜ੍ਹਾ ਪਾਣੀ ਮੱਛਰਾਂ ਦੀ ਪੈਦਾਵਾਰ ਲਈ ਅਨੁਕੂਲ ਮਾਹੌਲ ਬਣਾਉਂਦਾ ਹੈ। ਨਗਰ ਨਿਗਮ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੱਪਾਂ ਤੋਂ ਵੀ ਸਾਵਧਾਨ ਰਹਿਣ, ਘਾਹ ਜਾਂ ਝਾੜੀਆਂ ਵਾਲੀਆਂ ਥਾਵਾਂ ’ਤੇ ਨੰਗੇ ਪੈਰ ਨਾ ਜਾਣ ਅਤੇ ਘਰ ਦੇ ਆਲੇ-ਦੁਆਲੇ ਕੂੜਾ ਜਾਂ ਲੱਕੜੀ ਇਕੱਠੀ ਨਾ ਹੋਣ ਦੇਣ। ਸੱਪ ਦੇ ਡੰਗਣ ਦੀ ਸੂਰਤ ਵਿੱਚ ਤੁਰੰਤ ਨੇੜਲੇ ਹਸਪਤਾਲ ਪਹੁੰਚਣ ਦੀ ਸਲਾਹ ਦਿੱਤੀ ਗਈ ਹੈ। ਨਗਰ ਨਿਗਮ ਨੇ ਕਿਹਾ ਕਿ ਲੋਕਾਂ ਦੀ ਸਾਂਝੀ ਜ਼ਿੰਮੇਵਾਰੀ ਅਤੇ ਸਫ਼ਾਈ ਪ੍ਰਤੀ ਜਾਗਰੂਕਤਾ ਨਾਲ ਮਾਨਸੂਨ ਦੌਰਾਨ ਡੇਂਗੂ, ਮਲੇਰੀਆ ਅਤੇ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਦੇ ਖ਼ਤਰੇ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ।

