New system to be implemented for traffic violations, central government preparing to take a big step
ਟਰੈਫਿਕ ਉਲੰਘਣਾ ’ਤੇ ਲਾਗੂ ਹੋਣ ਜਾ ਰਿਹਾ ਨਵਾਂ ਸਿਸਟਮ, ਵੱਡਾ ਕਦਮ ਚੁੱਕਣ ਦੀ ਤਿਆਰੀ ‘ਚ ਕੇਂਦਰ ਸਰਕਾਰ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)-ਸਰਕਾਰ ਡਰਾਈਵਿੰਗ ਲਾਇਸੈਂਸ ਲਈ ‘ਗ੍ਰੇਡਿਡ ਪੁਆਇੰਟ ਸਿਸਟਮ’ ਲਾਗੂ ਕਰਨ ’ਤੇ ਵਿਚਾਰ ਕਰ ਰਹੀ ਹੈ। ਇਸ ਦੇ ਹੇਠ ਟਰੈਫਿਕ ਨਿਯਮਾਂ ਦੀ ਹਰੇਕ ਉਲੰਘਣਾ ’ਤੇ ਚਾਲਕ ਦੇ ਲਾਇਸੈਂਸ ਤੋਂ ਨਿਰਧਾਰਤ ਅੰਕ ਕੱਟੇ ਜਾਣਗੇ। ਅੰਕ ਇਕ ਤੈਅ ਹੱਦ ਤੋਂ ਹੇਠਾਂ ਪਹੁੰਚਣ ’ਤੇ ਲਾਇਸੈਂਸ ਮੁਅੱਤਲ ਕੀਤਾ ਜਾ ਸਕਦਾ ਹੈ ਅਤੇ ਅੱਗੇ ਚੱਲ ਕੇ ਉਸ ਨੂੰ ਰੱਦ ਕਰਨ ਦਾ ਵੀ ਪ੍ਰਬੰਧ ਹੋਵੇਗਾ। ਕੇਂਦਰੀ ਸੜਕ ਟਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਵਾਹਨ ਨਿਰਮਾਤਾ ਕੰਪਨੀਆਂ ਦੇ ਸੰਗਠਨ ਸਿਆਮ ਦੇ 66ਵੇਂ ਸਾਲਾਨਾ ਇਜਲਾਸ ’ਚ ਇਕ ਚਰਚਾ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੜਕ ਹਾਦਸੇ ਦੇਸ਼ ਦੇ ਸਾਹਮਣੇ ਵੱਡੀ ਸਮੱਸਿਆ ਹਨ। ਭਾਰਤ ’ਚ ਹਰ ਸਾਲ ਲੱਗਭਗ 5 ਲੱਖ ਸੜਕ ਹਾਦਸੇ ਹੁੰਦੇ ਹਨ, ਜਿਨ੍ਹਾਂ ’ਚ ਲਗਭਗ 1.20 ਲੱਖ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਚਾਲਕ ਦਾ ਵਤੀਰਾ ਹਾਦਸਿਆਂ ਦਾ ਇਕ ਮੁੱਖ ਕਾਰਨ ਹੈ ਅਤੇ ਇਸ ਨੂੰ ਕੰਟਰੋਲ ਕਰਨ ਲਈ ਸਰਕਾਰ ਕਈ ਕਦਮ ਚੁੱਕ ਰਹੀ ਹੈ। ਗਡਕਰੀ ਨੇ ਕਿਹਾ ਕਿ ਮੰਤਰਾਲਾ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟਾਂ ’ਚ ਗ੍ਰੇਡਿਡ ਪੁਆਇੰਟ ਸਿਸਟਮ ਲਾਗੂ ਕਰਨ ਦੀ ਯੋਜਨਾ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਿਰਫ ਇਹ ਕਹਿ ਕੇ ਨਹੀਂ ਛੱਡਿਆ ਜਾ ਸਕਦਾ ਕਿ ਉਹ ਆਪਣੀਆਂ ਗਲਤੀਆਂ ਤੋਂ ਸਿੱਖ ਰਹੇ ਹਨ।

