Punjab Police on high alert during festive season, additional force deployed from roads to markets
ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ ਫੋਰਸ ਕੀਤੀ ਤਾਇਨਾਤ
ਜਲੰਧਰ (ਆਵਾਜ਼ਿ ਕੌਮ ਬਿਊਰੋ)-ਤਿਉਹਾਰੀ ਸੀਜ਼ਨ ਨੂੰ ਦੇਖਦੇ ਹੋਏ ਪੰਜਾਬ ਵਿਚ ਸੁਰੱਖਿਆ-ਵਿਵਸਥਾ ਹੋਰ ਕਰੜੀ ਕਰ ਦਿੱਤੀ ਗਈ ਹੈ। ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੜਕਾਂ ’ਤੇ ਵਾਧੂ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ, ਜਦਕਿ ਪ੍ਰਮੁੱਖ ਬਾਜ਼ਾਰਾਂ, ਧਾਰਮਿਕ ਸਥਾਨਾਂ ਅਤੇ ਭੀੜ-ਭੜੱਕੇ ਵਾਲੇ ਖੇਤਰਾਂ ਵਿਚ ਪੁਲਸ ਦੀ ਮੌਜੂਦਗੀ ਵਧਾਈ ਗਈ ਹੈ। ਇੰਟੈਲੀਜੈਂਸ ਰਿਪੋਰਟਾਂ ਨੂੰ ਦੇਖਦੇ ਹੋਏ ਭੀੜ-ਭੜੱਕੇ ਵਾਲੇ ਖੇਤਰਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਡੀ. ਜੀ. ਪੀ. ਦੇ ਨਿਰਦੇਸ਼ਾਂ ਤਹਿਤ ਸਾਰੇ ਪੁਲਸ ਕਮਿਸ਼ਨਰ ਅਤੇ ਐੱਸ. ਐੱਸ. ਪੀ. ਖੁਦ ਫੀਲਡ ਵਿਚ ਰਹਿ ਕੇ ਸੁਰੱਖਿਆ ਵਿਵਸਥਾ ਦੀ ਨਿਗਰਾਨੀ ਕਰ ਰਹੇ ਹਨ। ਪੁਲਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਤਿਉਹਾਰਾਂ ਦੌਰਾਨ ਪੂਰੀ ਤਰ੍ਹਾਂ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ’ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ। ਪੁਲਸ ਦੀ ਗਸ਼ਤ ਵਧਾਉਣ ਦੇ ਨਾਲ-ਨਾਲ ਪ੍ਰਮੁੱਖ ਸੜਕਾਂ ’ਤੇ ਨਾਕਾਬੰਦੀ ਅਤੇ ਚੈਕਿੰਗ ਵੀ ਕੀਤੀ ਜਾ ਰਹੀ ਸੀ। ਵਾਧੂ ਪੁਲਸ ਫੋਰਸ ਤਿਉਹਾਰਾਂ ਦੇ ਮੌਸਮ ਵਿਚ ਕੁਝ ਦਿਨਾਂ ਤੱਕ ਸੜਕਾਂ ’ਤੇ ਤਾਇਨਾਤ ਰਹਿਣਗੇ ਤਾਂ ਜੋ ਕਾਨੂੰਨ-ਵਿਵਸਥਾ ਬਣਾਈ ਰੱਖਣ ਦੇ ਨਾਲ ਲੋਕਾਂ ਨੂੰ ਸੁਰੱਖਿਅਤ ਮਾਹੌਲ ਉਪਲਬਧ ਕਰਵਾਇਆ ਜਾ ਸਕੇ। ਅੰਮ੍ਰਿਤਸਰ ਵਿਚ ਵੀ ਪੁਲਸ ਪ੍ਰਸ਼ਾਸਨ ਨੇ ਸੁਰੱਖਿਆ-ਵਿਵਸਥਾ ਨੂੰ ਲੈ ਕੇ ਵਿਸ਼ੇਸ਼ ਚੌਕਸੀ ਵਰਤੀ ਹੈ। ਪੁਲਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਖੁਦ ਪੁਲਸ ਨਾਕਿਆਂ ਦੀ ਨਿਗਰਾਨੀ ਕਰਨਗੇ ਅਤੇ ਵੱਖ-ਵੱਖ ਸਥਾਨਾਂ ’ਤੇ ਲਾਏ ਗਏ ਨਾਕਿਆਂ ਦਾ ਨਿਰੀਖਣ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਉਨ੍ਹਾਂ ਨੇ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ੱਕੀ ਵਾਹਨਾਂ ਤੇ ਵਿਅਕਤੀਆਂ ਦੀ ਡੂੰਘੀ ਜਾਂਚ ਕਰਨ ਅਤੇ ਧਾਰਮਿਕ ਸਥਾਨਾਂ ਤੇ ਸੰਵੇਦਨਸ਼ੀਲ ਖੇਤਰਾਂ ਵਿਚ ਲਗਾਤਾਰ ਨਿਗਰਾਨੀ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਹਨ।

