Jathedar condemns ragging incident with Sikh student
*ਸਿੱਖ ਵਿਦਿਆਰਥੀ ਨਾਲ ਰੈਗਿੰਗ ਦੀ ਘਟਨਾ ਦੀ ਜਥੇਦਾਰ ਵੱਲੋਂ ਨਿੰਦਾ *ਸਕੂਲ ਪ੍ਰਿੰਸੀਪਲ ਨੂੰ ਤੁਰੰਤ ਬਦਲਣ ਲਈ ਕਿਹਾ; ਪਰਿਵਾਰ ਨਾਲ ਖੜ੍ਹੇ ਹੋਣ ਦਾ ਦਿੱਤਾ ਭਰੋਸਾ
ਸ੍ਰੀ ਅੰਮ੍ਰਿਤਸਰ, (ਆਵਾਜ਼ਿ ਕੌਮ ਬਿਊਰੋ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਬੋਰਡਿੰਗ ਸਕੂਲ ਵਿੱਚ ਸਿੱਖ ਵਿਦਿਆਰਥੀ ਨਾਲ ਵਾਪਰੀ ਰੈਗਿੰਗ ਦੀ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਕੂਲ ਦੇ ਹੀ ਹੋਰ ਵਿਦਿਆਰਥੀਆਂ ਵੱਲੋਂ ਇੱਕ ਸਿੱਖ ਬੱਚੇ ਨਾਲ ਅਜਿਹਾ ਵਿਵਹਾਰ ਕੀਤਾ ਗਿਆ। ਅਜਿਹੀਆਂ ਘਟਨਾਵਾਂ ਨੂੰ ਰੋਕਣ ਦੀ ਪੂਰੀ ਜ਼ਿੰਮੇਵਾਰੀ ਸਕੂਲ ਪ੍ਰਸ਼ਾਸਨ ਦੀ ਬਣਦੀ ਹੈ ਅਤੇ ਕਿਸੇ ਵੀ ਬੱਚੇ ਨਾਲ ਇਸ ਤਰ੍ਹਾਂ ਦੀ ਹਰਕਤ ਨਹੀਂ ਹੋਣੀ ਚਾਹੀਦੀ।ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਉਨ੍ਹਾਂ ਨੇ ਪੀੜਤ ਸਿੱਖ ਵਿਦਿਆਰਥੀ ਅਤੇ ਉਸ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਪਰਿਵਾਰ ਨੂੰ ਚੜ੍ਹਦੀ ਕਲਾ ਵਿੱਚ ਰਹਿਣ ਦਾ ਸੰਦੇਸ਼ ਦਿੰਦਿਆਂ ਭਰੋਸਾ ਦਿੱਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹਾ ਹੈ। ਉਨ੍ਹਾਂ ਮੀਡੀਆ ਅਤੇ ਵੈੱਬ ਚੈਨਲਾਂ ਨੂੰ ਵੀ ਅਪੀਲ ਕੀਤੀ ਕਿ ਘਟਨਾ ਨਾਲ ਸਬੰਧਤ ਵਾਇਰਲ ਵੀਡੀਓ ਨੂੰ ਆਪਣੇ ਪਲੇਟਫਾਰਮਾਂ ’ਤੇ ਪ੍ਰਕਾਸ਼ਿਤ ਜਾਂ ਪ੍ਰਸਾਰਿਤ ਨਾ ਕੀਤਾ ਜਾਵੇ ਅਤੇ ਨਾ ਹੀ ਪੀੜਤ ਬੱਚੇ ਦੀ ਪਛਾਣ ਜਨਤਕ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਰਿਵਾਰ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਜ਼ਰੂਰੀ ਹੈ, ਕਿਉਂਕਿ ਇਹ ਮਾਮਲਾ ਬੱਚੇ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ। ਜਥੇਦਾਰ ਨੇ ਕਿਹਾ ਕਿ ਪੀੜਤ ਬੱਚੇ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਹਿਮਾਚਲ ਪ੍ਰਦੇਸ਼ ਪੁਲਿਸ ਨੇ ਰੈਗਿੰਗ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰਕੇ ਸਖ਼ਤ ਧਾਰਾਵਾਂ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਘਟਨਾ ਨਾਲ ਨਜਿੱਠਣ ਵਿੱਚ ਸਕੂਲ ਪ੍ਰਸ਼ਾਸਨ ਅਤੇ ਪ੍ਰਿੰਸੀਪਲ ਦੀ ਭੂਮਿਕਾ ਗੈਰ-ਸੰਜੀਦਾ ਅਤੇ ਤਸੱਲੀਬਖ਼ਸ਼ ਨਹੀਂ ਰਹੀ। ਉਨ੍ਹਾਂ ਦੱਸਿਆ ਕਿ ਬੱਚੇ ਦੇ ਮਾਪਿਆਂ ਵੱਲੋਂ ਸਕੂਲ ਪ੍ਰਿੰਸੀਪਲ ਵਿਰੁੱਧ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਉਨ੍ਹਾਂ ਸਕੂਲ ਪ੍ਰਸ਼ਾਸਨ ਨਾਲ ਗੱਲਬਾਤ ਕਰਕੇ ਪ੍ਰਿੰਸੀਪਲ ਨੂੰ ਤੁਰੰਤ ਬਦਲਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਪ੍ਰਿੰਸੀਪਲ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਕਾਇਮ ਰੱਖਣ ਵਿੱਚ ਅਸਫਲ ਰਹਿੰਦਾ ਹੈ, ਉਸ ਨੂੰ ਅਹੁਦੇ ’ਤੇ ਬਣੇ ਰਹਿਣਾ ਉਚਿਤ ਨਹੀਂ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਕੂਲ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਇੱਕ ਹਫ਼ਤੇ ਦੇ ਅੰਦਰ ਪ੍ਰਿੰਸੀਪਲ ਨੂੰ ਬਦਲ ਦਿੱਤਾ ਜਾਵੇਗਾ।

