Congress protests in Jalandhar over Baba Saheb’s statue tampering case, warns of Punjab bandh
ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ ‘ਤੇ ਜਲੰਧਰ ‘ਚ ਕਾਂਗਰਸ ਦਾ ਪ੍ਰਦਰਸ਼ਨ, ਪੰਜਾਬ ਬੰਦ ਦੀ ਚਿਤਾਵਨੀ
ਜਲੰਧਰ (ਆਵਾਜ਼ਿ ਕੌਮ ਬਿਊਰੋ)-ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਹੋਈ ਛੇੜਛਾੜ ਦੇ ਵਿਰੋਧ ‘ਚ ਅੱਜ ਜਲੰਧਰ ‘ਚ ਕਾਂਗਰਸ ਪਾਰਟੀ ਵੱਲੋਂ ਭਾਰੀ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਭਗਵਾਨ ਵਾਲਮੀਕਿ ਚੌਕ ਤੋਂ ਲੈ ਕੇ ਡਾ. ਬੀ. ਆਰ. ਅੰਬੇਡਕਰ ਚੌਕ ਤੱਕ ਕੱਢਿਆ ਗਿਆ। ਇਸ ਦੀ ਅਗਵਾਈ ਸ਼ਹਿਰੀ ਪ੍ਰਧਾਨ ਰਾਜਿੰਦਰ ਬੇਰੀ ਨੇ ਕੀਤੀ। ਇਸ ਮੌਕੇ ਰਾਜਿੰਦਰ ਬੇਰੀ ਨੇ ਕਿਹਾ ਕਿ ਉਹ ਲੁਧਿਆਣਾ ‘ਚ ਵਾਪਰੀ ਇਸ ਘਟਨਾ ਦੀ ਸਖ਼ਤ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ 7ਵੀਂ ਵਾਰ ਹੈ ਜਦੋਂ ਬਾਬਾ ਸਾਹਿਬ ਦੀ ਮੂਰਤੀ ਨਾਲ ਅਜਿਹੀ ਘਿਨਾਉਣੀ ਹਰਕਤ ਹੋਈ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਚਿਤਾਵਨੀ ਦਿੰਦੇ ਕਿਹਾ ਕਿ ਜੇ 2 ਦਿਨਾਂ ਦੇ ਅੰਦਰ ਦੋਸ਼ੀ ਗ੍ਰਿਫ਼ਤਾਰ ਨਾ ਹੋਏ ਤਾਂ ਕਾਂਗਰਸ ਪਾਰਟੀ ਹਾਈਕਮਾਨ ਨਾਲ ਗੱਲ ਕਰਕੇ ਜਲੰਧਰ ਸਮੇਤ ਪੂਰੇ ਪੰਜਾਬ ਨੂੰ ਬੰਦ ਕਰੇਗੀ। ਦੂਜੇ ਪਾਸੇ ਕਾਂਗਰਸ ਕੌਂਸਲਰ ਸ਼ੈਰੀ ਚੱਢਾ ਨੇ ਕਿਹਾ ਕਿ ਡਾ. ਅੰਬੇਡਕਰ ਨੇ ਦੇਸ਼ ਦੇ ਸੰਵਿਧਾਨ ਦੀ ਰਚਨਾ ਕੀਤੀ ਹੈ ਅਤੇ ਦੁਨੀਆ ਭਰ ‘ਚ ਉਨ੍ਹਾਂ ਦਾ ਸਤਿਕਾਰ ਕੀਤਾ ਜਾਂਦਾ ਹੈ। ਬਾਬਾ ਸਾਹਿਬ ਨੇ ਸਾਰੀਆਂ ਜਾਤਾਂ ਨੂੰ ਸਨਮਾਨ ਦਿਵਾਇਆ। ਸ਼ਰਾਰਤੀ ਅਨਸਰਾਂ ਵੱਲੋਂ ਮੂਰਤੀ ਨਾਲ ਕੀਤੀ ਗਈ ਛੇੜਛਾੜ ਬਹੁਤ ਹੀ ਨਿੰਦਣਯੋਗ ਹੈ, ਜਿਸ ਨੂੰ ਲੈ ਕੇ ਲੋਕਾਂ ‘ਚ ਭਾਰੀ ਰੋਸ ਹੈ।

