Threat to blow up the Punjab-Haryana Legislative Assembly building with a bomb
ਪੰਜਾਬ-ਹਰਿਆਣਾ ਵਿਧਾਨ ਸਭਾ ਭਵਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਪੰਜਾਬ ਅਤੇ ਹਰਿਆਣਾ ਵਿਧਾਨ ਸਭਾ ਭਵਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈ-ਮੇਲ ਮਿਲਣ ’ਤੇ ਪੁਲਸ ਨੂੰ ਭਾਜੜਾਂ ਪੈ ਗਈਆਂ। ਸੂਚਨਾ ਮਿਲਦਿਆਂ ਹੀ ਆਪ੍ਰੇਸ਼ਨ ਸੈੱਲ, ਬੰਬ ਨਕਾਰਾ ਕਰਨ ਵਾਲਾ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਵਿਧਾਨ ਸਭਾ ਭਵਨ ਪਹੁੰਚੀਆਂ। ਸੁਰੱਖਿਆ ਟੀਮਾਂ ਨੇ ਪੂਰੇ ਕੰਪਲੈਕਸ ਅਤੇ ਆਸ-ਪਾਸ ਦੇ ਇਲਾਕਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ। ਹਾਲਾਂਕਿ ਜਾਂਚ ਦੌਰਾਨ ਪੁਲਸ ਨੂੰ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਉੱਥੇ ਹੀ, ਸਾਈਬਰ ਸੈੱਲ ਨੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਧਮਕੀ ਭਰੀ ਈ-ਮੇਲ ਭੇਜਣ ਵਾਲੇ ਵਿਅਕਤੀ ਦੀ ਪਛਾਣ ਅਤੇ ਉਸ ਦੇ ਟਿਕਾਣੇ ਦਾ ਪਤਾ ਲਾਉਣ ਲਈ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਸ ਈ-ਮੇਲ ਦੇ ਸਰੋਤ ਅਤੇ ਭੇਜਣ ਵਾਲੇ ਨਾਲ ਸਬੰਧਤ ਤਕਨੀਕੀ ਜਾਣਕਾਰੀ ਜੁਟਾ ਰਹੀ ਹੈ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਦੇ ਵੱਖ-ਵੱਖ ਦਫ਼ਤਰਾਂ ਅਤੇ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈ-ਮੇਲਾਂ ਮਿਲ ਚੁੱਕੀਆਂ ਹਨ। ਹਾਲਾਂਕਿ ਜਾਂਚ ਦੌਰਾਨ ਹੁਣ ਤੱਕ ਕਿਸੇ ਵੀ ਮਾਮਲੇ ਵਿਚ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਪੁਲਸ ਧਮਕੀ ਨੂੰ ਗੰਭੀਰਤਾ ਨਾਲ ਲੈਂਦਿਆਂ ਸਾਰੇ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।

