First Prakash Purab of Sri Guru Granth Sahib Ji celebrated with devotion in Delhi; DSGMC makes major announcements.
ਦਿੱਲੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ, DSGMC ਨੇ ਕੀਤੇ ਵੱਡੇ ਐਲਾਨ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ਮੌਕੇ ਕਮੇਟੀ ਅਧੀਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਗੁਰਮਤਿ ਦੀਵਾਨ ਸਜਾਏ ਗਏ। ਮੁੱਖ ਸਮਾਗਮ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਕਰਵਾਇਆ ਗਿਆ, ਜਿੱਥੇ ਰਾਗੀ ਸਿੰਘਾਂ ਦੇ ਜਥਿਆਂ ਵੱਲੋਂ ਗੁਰੂ ਸਾਹਿਬ ਦੀ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਮੁੱਚੀ ਸਿੱਖ ਕੌਮ ਲਈ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਦਿਹਾੜਾ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਦਿਹਾੜੇ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕਰਵਾਇਆ ਅਤੇ ਬਾਬਾ ਬੁੱਢਾ ਜੀ ਨੂੰ ਪਹਿਲਾ ਗ੍ਰੰਥੀ ਨਿਯੁਕਤ ਕਰਦਿਆਂ ਪਹਿਲਾ ਹੁਕਮਨਾਮਾ ਲੈਣ ਦਾ ਸੁਭਾਗ ਪ੍ਰਦਾਨ ਕੀਤਾ। ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ ਅਤੇ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਮਨੁੱਖ ਦੇ ਮਨ ਨੂੰ ਪਵਿੱਤਰ ਕਰਨ ਦੇ ਨਾਲ-ਨਾਲ ਉਸ ਨੂੰ ਸੱਚ, ਸੇਵਾ, ਸਿਮਰਨ ਅਤੇ ਸਦਾਚਾਰ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣਾ ਗੁਰੂ ਮੰਨ ਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਅਤੇ ਆਪਣੇ ਜੀਵਨ ਨੂੰ ਗੁਰਮਤਿ ਅਨੁਸਾਰ ਢਾਲਣ। ਇਸ ਮੌਕੇ ਭਾਈ ਪ੍ਰੇਮ ਸਿੰਘ ਬੰਧੂ ਦੇ ਕੀਰਤਨੀ ਜਥੇ ਨੂੰ ‘ਸਾਲ ਦੇ ਸਰਵੋਤਮ ਕੀਰਤਨੀਏ’ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਸਨਮਾਨ ਵਜੋਂ 1 ਲੱਖ 25 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ। ਸਮਾਗਮ ਦੌਰਾਨ ਦਿੱਲੀ ਗੁਰਦੁਆਰਾ ਕਮੇਟੀ ਦੇ ਮੁਲਾਜ਼ਮਾਂ ਲਈ ਵੀ ਕਈ ਅਹਿਮ ਐਲਾਨ ਕੀਤੇ ਗਏ। ਹਰਮੀਤ ਸਿੰਘ ਕਾਲਕਾ ਅਤੇ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸਟਾਫ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਤੋਂ ਬਾਅਦ ਹੁਣ ਸਾਰੇ ਮੁਲਾਜ਼ਮਾਂ ਦੇ ਡੀ.ਏ. ਵਿੱਚ 15 ਫੀਸਦੀ ਵਾਧਾ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਮੁਲਾਜ਼ਮਾਂ ਨੂੰ ਮੁਫ਼ਤ ਜੀਵਨ ਬੀਮਾ ਅਤੇ ਮੈਡੀਕਲ ਬੀਮੇ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੰਗਤ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਹਰ 15 ਦਿਨਾਂ ਬਾਅਦ ਨਵੀਆਂ ਮੈਡੀਕਲ ਸਹੂਲਤਾਂ ਸ਼ੁਰੂ ਕਰਨ ਵੱਲ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੂਰਨ ਗੁਰਸਿੱਖ ਪਰਿਵਾਰਾਂ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾਉਣ ਦੇ ਫੈਸਲੇ ਤਹਿਤ ਪੰਜ ਮੈਂਬਰੀ ਕਮੇਟੀ ਵੱਲੋਂ ਦਿੱਤੀਆਂ ਸਿਫ਼ਾਰਸ਼ਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਹਿਤ ਯੋਗ ਬੱਚਿਆਂ ਦੀ ਸਕੂਲ ਫੀਸ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਦਾ ਕੀਤੀ ਜਾਵੇਗੀ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ, ਮੈਂਬਰ, ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

