Child drowns in rainwater accumulated in the street! People stage a protest against the administration following the death
ਗਲੀ ‘ਚ ਖੜ੍ਹੇ ਮੀਂਹ ਦੇ ਪਾਣੀ ‘ਚ ਡੁੱਬ ਗਿਆ ਜਵਾਕ ! ਮੌਤ ਹੋਣ ਮਗਰੋਂ ਲੋਕਾਂ ਨੇ ਪ੍ਰਸ਼ਾਸਨ ਖਿਲਾਫ ਲਾਇਆ ਧਰਨਾ
ਖਰੜ, (ਆਵਾਜ਼ਿ ਕੌਮ ਬਿਊਰੋ)-ਅੱਜ ਸ਼ਾਮ ਪਏ ਭਾਰੀ ਮੀਂਹ ਦੌਰਾਨ ਵਾਰਡ ਨੰਬਰ 16 ਗੁੱਗਾ ਮਾੜੀ ਮੁਹੱਲੇ ਦੀਆਂ ਗਲੀਆਂ ਵਿੱਚ ਪਾਣੀ ਭਰ ਜਾਣ ਕਾਰਨ ਢਾਈ ਸਾਲਾ ਬੱਚੀ ਦੀ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਗਈ। ਮ੍ਰਿਤਕ ਬੱਚੀ ਦੀ ਪਛਾਣ ਦੇਵਾ ਪੁੱਤਰੀ ਬਸੰਤ ਰਾਏ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰੀ ਮੀਂਹ ਕਾਰਨ ਗੁੱਗਾ ਮਾੜੀ ਮੁਹੱਲੇ ਦੀਆਂ ਗਲੀਆਂ ਵਿੱਚ ਪਾਣੀ ਭਰ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਬੱਚੀ ਆਪਣੇ ਘਰ ਨੇੜੇ ਖੇਡ ਰਹੀ ਸੀ, ਇਸ ਦੌਰਾਨ ਉਹ ਪਾਣੀ ਵਿੱਚ ਡੁੱਬ ਗਈ। ਘਟਨਾ ਵਿੱਚ ਉਸ ਦੀ ਮੌਤ ਹੋ ਗਈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਮੁਹੱਲਾ ਵਾਸੀਆਂ ਨੇ ਪਾਣੀ ਦੀ ਨਿਕਾਸੀ ਦੇ ਪੁਖਤਾ ਪ੍ਰਬੰਧ ਨਾ ਹੋਣ ਦੇ ਦੋਸ਼ ਲਾਉਂਦਿਆਂ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਖਰੜ ਦੇ ਇੰਚਾਰਜ ਰਵਿੰਦਰ ਸਿੰਘ ਖੇੜਾ ਵੀ ਮੌਕੇ ’ਤੇ ਪਹੁੰਚੇ। ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ ਪੈਦਲ ਯਾਤਰਾ ਦੌਰਾਨ ਇਸ ਗਲੀ ਵਿੱਚ ਪਾਣੀ ਦੀ ਨਿਕਾਸੀ ਦੀ ਸਮੱਸਿਆ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੀ ਗਈ ਸੀ। ਉਨ੍ਹਾਂ ਕਿਹਾ ਕਿ ਗਲੀ ਕੱਚੀ ਹੋਣ ਕਾਰਨ ਬਰਸਾਤ ਦੇ ਦਿਨਾਂ ਵਿੱਚ ਇੱਥੇ ਪਾਣੀ ਖੜ੍ਹਾ ਹੋ ਜਾਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜੇਕਰ ਸਮੇਂ ਸਿਰ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕੀਤੇ ਜਾਂਦੇ ਤਾਂ ਸ਼ਾਇਦ ਇਹ ਹਾਦਸਾ ਨਾ ਵਾਪਰਦਾ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਅਧਿਕਾਰੀ ਜਾਂ ਵਿਭਾਗ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਪੁਲਿਸ ਵੱਲੋਂ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

