Sultanpur Lodhi resounds with religious chants; a magnificent Nagar Kirtan is organized to mark the wedding anniversary of ‘Baba Nanak’
ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, ‘ਬਾਬੇ ਨਾਨਕ’ ਦੇ ਵਿਆਹ ਪੁਰਬ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ
ਸੁਲਤਾਨਪੁਰ ਲੋਧੀ (ਆਵਾਜ਼ਿ ਕੌਮ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਪਵਿੱਤਰ ਵਿਆਹ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਪੂਰੀ ਸ਼ਰਧਾ, ਸਤਿਕਾਰ ਅਤੇ ਗੁਰਮਰਿਆਦਾ ਅਨੁਸਾਰ ਆਰੰਭ ਹੋ ਗਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਇਕੱਤਰ ਹੋਈਆਂ ਅਤੇ ਪੂਰਾ ਇਲਾਕਾ ਗੁਰਬਾਣੀ, ਕੀਰਤਨ ਅਤੇ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਸਜਿਆ ਬਰਾਤ ਰੂਪੀ ਨਗਰ ਕੀਰਤਨ ਬਟਾਲਾ ਲਈ ਰਵਾਨਾ ਹੋ ਗਿਆ ਹੈ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਸਮੇਤ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਮੌਕੇ ’ਤੇ ਮੌਜੂਦ ਰਹੀਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਵਿੱਚ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸੰਗਤਾਂ ਵੱਲੋਂ ਗੁਰੂ ਸਾਹਿਬ ਪ੍ਰਤੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਨਗਰ ਕੀਰਤਨ ਵਿੱਚ ਹਾਜ਼ਰੀ ਭਰੀ ਜਾ ਰਹੀ ਹੈ। ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਵਿਆਹ ਪੁਰਬ ਦੇ ਮੱਦੇਨਜ਼ਰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਫੁੱਲਾਂ ਦੀ ਮਨਮੋਹਕ ਸਜਾਵਟ, ਗੁਰਬਾਣੀ ਕੀਰਤਨ ਅਤੇ ਸੰਗਤਾਂ ਦੀ ਵੱਡੀ ਆਮਦ ਨੇ ਪਵਿੱਤਰ ਨਗਰੀ ਦੀ ਰੌਣਕ ਨੂੰ ਹੋਰ ਵੀ ਵਧਾ ਦਿੱਤਾ ਹੈ। ਵਿਆਹ ਪੁਰਬ ਨੂੰ ਲੈ ਕੇ ਸੰਗਤਾਂ ‘ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਵੱਡੀ ਗਿਣਤੀ ‘ਚ ਸੰਗਤਾਂ ਨਗਰ ਕੀਰਤਨ ਦਾ ਹਿੱਸਾ ਬਣ ਰਹੀਆਂ ਹਨ। ਵੱਖ-ਵੱਖ ਥਾਵਾਂ ਤੋਂ ਪਹੁੰਚੀਆਂ ਸੰਗਤਾਂ ਵੱਲੋਂ ਸ਼ਰਧਾ ਨਾਲ ਨਗਰ ਕੀਰਤਨ ‘ਚ ਸ਼ਾਮਲ ਹੋ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ। ਰਸਤੇ ਵਿੱਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦੇ ਸਵਾਗਤ ਲਈ ਪ੍ਰਬੰਧ ਕੀਤੇ ਗਏ ਹਨ। ਲੰਗਰ ਅਤੇ ਛਬੀਲਾਂ ਦੀ ਸੇਵਾ ਰਾਹੀਂ ਸੰਗਤਾਂ ਦੀ ਸੇਵਾ ਕੀਤੀ ਜਾ ਰਹੀ ਹੈ। ਨਗਰ ਕੀਰਤਨ ਦੌਰਾਨ ਗੁਰਬਾਣੀ ਕੀਰਤਨ ਅਤੇ ਧਾਰਮਿਕ ਜਥਿਆਂ ਦੀ ਹਾਜ਼ਰੀ ਨੇ ਮਾਹੌਲ ਨੂੰ ਹੋਰ ਵੀ ਰੂਹਾਨੀ ਬਣਾ ਦਿੱਤਾ ਹੈ। ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਆਰੰਭ ਹੋਇਆ ਇਹ ਵਿਸ਼ਾਲ ਨਗਰ ਕੀਰਤਨ ਬਟਾਲਾ ਸਾਹਿਬ ਦੀ ਪਵਿੱਤਰ ਧਰਤੀ ’ਤੇ ਸਥਿਤ ਗੁਰਦੁਆਰਾ ਸਤਿਕਰਤਾਰੀਆ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ। ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿੱਚ ਬਣਿਆ ਗੁਰਮਈ ਮਾਹੌਲ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਰਵਾਨਾ ਹੋਇਆ ਨਗਰ ਕੀਰਤਨ ਪਵਿੱਤਰ ਨਗਰੀ ਦੀਆਂ ਗਲੀਆਂ ਵਿੱਚੋਂ ਲੰਘਦਿਆਂ ਗੁਰੂ ਸਾਹਿਬ ਦੀਆਂ ਯਾਦਾਂ ਨੂੰ ਤਾਜ਼ਾ ਕਰ ਰਿਹਾ ਹੈ। ਵੱਡੀ ਗਿਣਤੀ ਵਿੱਚ ਸੰਗਤਾਂ ਦੀ ਸ਼ਮੂਲੀਅਤ ਨੇ ਇਸ ਪਵਿੱਤਰ ਦਿਹਾੜੇ ਦੀ ਰੌਣਕ ਨੂੰ ਹੋਰ ਵੀ ਵਧਾ ਦਿੱਤਾ ਹੈ।

