Residents of the well-known Punjab village Harinau have made a major announcement regarding ‘Waris Punjab De’ and issued a warning
ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ ‘ਵਾਰਿਸ ਪੰਜਾਬ ਦੇ’ ਨੂੰ ਲੈ ਕੇ ਕਰ ‘ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
ਕੋਟਕਪੂਰਾ (ਆਵਾਜ਼ਿ ਕੌਮ ਬਿਊਰੋ)-ਨੇੜਲੇ ਪਿੰਡ ਹਰੀਨੌਂ ’ਚ ਨੌਜਵਾਨ ਗੁਰਪ੍ਰੀਤ ਸਿੰਘ ਦੇ ਕਤਲ ਮਾਮਲੇ ਨੂੰ ਲੈ ਕੇ ਪਿੰਡ ਵਾਸੀਆਂ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਨਾਲ ਸਬੰਧਤ ਅਕਾਲੀ ਦਲ ਵਾਰਿਸ ਪੰਜਾਬ ਦੇ ਦੀਆਂ ਸਿਆਸੀ ਗਤੀਵਿਧੀਆਂ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਗੁਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ, ਵੱਖ-ਵੱਖ ਜਥੇਬੰਦੀਆਂ ਅਤੇ ਪੰਚਾਇਤ ਨੁਮਾਇੰਦਿਆਂ ਦੀ ਇਕ ਮੀਟਿੰਗ ਹੋਈ, ਜਿਸ ਵਿਚ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਗਿਆ। ਮੀਟਿੰਗ ਦੌਰਾਨ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਿਤਾ ਹਾਕਮ ਸਿੰਘ, ਕਿਸਾਨ ਆਗੂ ਹਰਜਿੰਦਰ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ ਅਤੇ ਪਾਲਾ ਸਿੰਘ ਸਮੇਤ ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਗੁਰਪ੍ਰੀਤ ਸਿੰਘ ਦੇ ਕਤਲ ਮਾਮਲੇ ’ਚ ਅੰਮ੍ਰਿਤਪਾਲ ਸਿੰਘ ਖਾਲਸਾ ਦਾ ਨਾਂ ਜਾਂਚ ਦੌਰਾਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੁਲਸ ਦੀ ਜਾਂਚ ਅਤੇ ਚਾਰਜਸ਼ੀਟ ਨਾਲ ਸਬੰਧਤ ਰਿਪੋਰਟਾਂ ’ਚ ਵੀ ਅੰਮ੍ਰਿਤਪਾਲ ਸਿੰਘ ਨੂੰ ਇਸ ਮਾਮਲੇ ’ਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆ ਚੁੱਕੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਅਜਿਹੇ ਹਾਲਾਤ ’ਚ ਉਹ ਇਸ ਪਾਰਟੀ ਨੂੰ ਆਪਣੇ ਪਿੰਡ ’ਚ ਸਿਆਸੀ ਸਮਰਥਨ ਨਹੀਂ ਦੇਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿਰਫ਼ ਪਾਰਟੀ ਦਾ ਬਾਈਕਾਟ ਹੀ ਨਹੀਂ ਕੀਤਾ ਜਾਵੇਗਾ, ਸਗੋਂ ਪਿੰਡ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਕਿਸੇ ਵੀ ਸਿਆਸੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪਿੰਡ ’ਚ ਪਾਰਟੀ ਵੱਲੋਂ ਪੋਸਟਰ ਵੀ ਲਗਾਏ ਗਏ ਸਨ, ਜਿਨ੍ਹਾਂ ਨੂੰ ਹੁਣ ਹਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਪਿੰਡ ਵਿਚ ਇਸ ਤਰ੍ਹਾਂ ਦੀ ਪੋਸਟਰਬਾਜ਼ੀ ਜਾਂ ਹੋਰ ਸਿਆਸੀ ਗਤੀਵਿਧੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਵਿਅਕਤੀ ਦੇ ਚੋਣ ਲੜਨ ਜਾਂ ਸਿਆਸੀ ਗਤੀਵਿਧੀਆਂ ਕਰਨ ’ਤੇ ਇਤਰਾਜ਼ ਨਹੀਂ ਹੈ ਪਰ ਗੁਰਪ੍ਰੀਤ ਸਿੰਘ ਕਤਲ ਮਾਮਲੇ ਨਾਲ ਜੁੜੇ ਵਿਵਾਦ ਦੇ ਚੱਲਦਿਆਂ ਉਹ ਆਪਣੇ ਪਿੰਡ ’ਚ ਇਸ ਪਾਰਟੀ ਦੀਆਂ ਗਤੀਵਿਧੀਆਂ ਨਹੀਂ ਹੋਣ ਦੇਣਗੇ।

