Punjab Government announces DA hike for employees; notification issued
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਅੱਜ ਇਕ ਪੱਤਰ ਜਾਰੀ ਕਰਕੇ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (ਡੀ.ਏ.) ਵਿਚ 8 ਫੀਸਦੀ ਦੇ ਵਾਧੇ ਦਾ ਐਲਾਨ ਕਰ ਦਿੱਤਾ ਹੈ। ਇਸ ਫੈਸਲੇ ਨਾਲ ਮੁਲਾਜ਼ਮਾਂ ਦਾ ਮੌਜੂਦਾ ਡੀ.ਏ. 42 ਫੀਸਦੀ ਤੋਂ ਵੱਧ ਕੇ 50 ਫੀਸਦੀ ਹੋ ਗਿਆ ਹੈ। ਇਹ ਵਾਧਾ 1 ਸਤੰਬਰ 2026 ਤੋਂ ਲਾਗੂ ਮੰਨਿਆ ਜਾਵੇਗਾ ਅਤੇ ਇਸ ਦਾ ਭੁਗਤਾਨ ਸਤੰਬਰ ਮਹੀਨੇ ਦੀ ਤਨਖਾਹ ਦੇ ਨਾਲ ਹੀ ਕੀਤਾ ਜਾਵੇਗਾ। ਸਰਕਾਰ ਦੇ ਇਸ ਕਦਮ ਨੂੰ ਭਾਵੇਂ ਇਕ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ ਪਰ ਮੁਲਾਜ਼ਮ ਵਰਗ ਵਿਚ ਅਜੇ ਵੀ ਬੇਚੈਨੀ ਬਰਕਰਾਰ ਹੈ ਕਿਉਂਕਿ ਸਰਕਾਰ ਵੱਲੋਂ ਜਾਰੀ ਕੀਤੀ ਗਈ ਇਸ ਤਾਜ਼ਾ ਚਿੱਠੀ ਵਿਚ ਡੀ.ਏ. ਦੇ ਪੁਰਾਣੇ ਬਕਾਏ ਬਾਰੇ ਕੋਈ ਸਪੱਸ਼ਟੀਕਰਨ ਜਾਂ ਜ਼ਿਕਰ ਨਹੀਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਡੀ.ਏ. ਦੇ ਪਿਛਲੇ ਬਕਾਏ ਦਾ ਮੁੱਦਾ ਇਸ ਵੇਲੇ ਕਾਨੂੰਨੀ ਪ੍ਰਕਿਰਿਆ ਅਧੀਨ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੀ.ਏ. ਭੁਗਤਾਨ ਮਾਮਲੇ ਵਿਚ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਦੇ ਚੀਫ਼ ਸੈਕਟਰੀ ਨੂੰ 5 ਅਕਤੂਬਰ ਨੂੰ ਅਦਾਲਤ ਵਿਚ ਤਲਬ ਕੀਤਾ ਹੈ।

