Government constitutes a 7-member committee on the sacrilege law; Jathedar Gargaj informed via letter
ਬੇਅਦਬੀ ਕਾਨੂੰਨ ‘ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ ਚਿੱਠੀ ਰਾਹੀਂ ਦਿੱਤੀ ਜਾਣਕਾਰੀ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ (ਬੇਅਦਬੀ ਕਾਨੂੰਨ) ਨੂੰ ਲੈ ਕੇ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਸਰਕਾਰ ਨੇ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਭੇਜ ਕੇ ਇਸ ਕਮੇਟੀ ਦੇ ਗਠਨ ਬਾਰੇ ਜਾਣਕਾਰੀ ਦਿੱਤੀ ਹੈ। ਇਸ ਕਮੇਟੀ ‘ਚ ਧਾਰਮਿਕ, ਨਿਆਇਕ ਤੇ ਪ੍ਰਸ਼ਾਸਨਿਕ ਖੇਤਰਾਂ ਨਾਲ ਜੁੜੀਆਂ ਸਖ਼ਸ਼ੀਅਤਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਤਾਲਮੇਲ ਕਰੇਗੀ ਅਤੇ ਸਹਿਮਤੀ ਤੋਂ ਬਾਅਦ ਸੋਧਾ ਲਾਗੂ ਕੀਤੀਆਂ ਜਾਣਗੀਆਂ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਲੇ ਸੁਝਾਵਾਂ ਅਤੇ ਮਾਰਗਦਰਸ਼ਨ ਨੂੰ ਪੂਰੇ ਸਤਿਕਾਰ ਨਾਲ ਵਿਚਾਰ ਹੇਠ ਲਿਆਂਦਾ ਜਾ ਰਿਹਾ ਹੈ ਅਤੇ ਸਾਰੇ ਸੁਝਾਵਾਂ ਨੂੰ ਧਿਆਨ ‘ਚ ਰੱਖਦਿਆਂ ਹੀ ਮਾਮਲੇ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।
ਕਮੇਟੀ ਦੇ 7 ਮੈਂਬਰ
- ਗਿਆਨੀ ਰਘਬੀਰ ਸਿੰਘ (ਅਕਾਲ ਤਖ਼ਤ ਦੇ ਸਾਬਕਾ ਜਥੇਦਾਰ)
- ਸੰਤ ਗਿਆਨੀ ਹਰਨਾਮ ਸਿੰਘ ਖਾਲਸਾ (ਮੁਖੀ, ਦਮਦਮੀ ਟਕਸਾਲ)
- ਸੰਤ ਬਾਬਾ ਸੇਵਾ ਸਿੰਘ (ਰਾਮਪੁਰ ਖੇੜਾ)
- ਜਸਟਿਸ ਜਸਪਾਲ ਸਿੰਘ (ਸੇਵਾਮੁਕਤ)
- ਜਸਟਿਸ ਗੁਰਬੀਰ ਸਿੰਘ (ਸੇਵਾਮੁਕਤ)
- ਜਤਿੰਦਰ ਸਿੰਘ ਔਲਖ (ਸਾਬਕਾ IPS ਅਫਸਰ)
- ਐਡਵੋਕੇਟ ਪ੍ਰੀਤ ਇੰਦਰ ਪਾਲ ਸਿੰਘ (ਕਾਨੂੰਨ ਅਧਿਕਾਰੀ)
ਇਸ ਤੋਂ ਇਲਾਵਾ ਦੋਵਾਂ ਕਮੇਟੀਆਂ ਵਿਚਕਾਰ ਬਿਹਤਰ ਤਾਲਮੇਲ ਬਣਾਉਣ ਲਈ ਪੰਜਾਬ ਸਰਕਾਰ ਨੇ ਪੀ.ਸੀ.ਐਸ. (PCS) ਅਫ਼ਸਰ ਹਰਜੀਤ ਸਿੰਘ ਸੰਧੂ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਹੈ। ਦੱਸਣਯੋਗ ਹੈ ਕਿ ਇਸ ਸਾਲ ਅਪ੍ਰੈਲ ਮਹੀਨੇ ਵਿੱਚ ਖਾਲਸਾ ਸਾਜਨਾ ਦਿਵਸ ਮੌਕੇ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2006 ਬਣਾਇਆ ਗਿਆ ਸੀ। ਜਿਸ ਵਿਚਲੀਆਂ ਕੁਝ ਮਦਾਂ ’ਤੇ ਸ਼੍ਰੋਮਣੀ ਕਮੇਟੀ, ਸ੍ਰੀ ਅਕਾਲ ਤਖ਼ਤ ਤੇ ਕਈ ਸਿੱਖ ਜਥੇਬੰਦੀਆਂ ਵੱਲੋਂ ਇਤਰਾਜ ਪ੍ਰਗਟਾਇਆ ਗਿਆ ਸੀ। ਸ੍ਰੀ ਅਕਾਲ ਤਖ਼ਤ ਵੱਲੋਂ ਇਸ ਸਬੰਧ ਵਿੱਚ ਕਾਰਵਾਈ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਸ੍ਰੀ ਅਕਾਲ ਤਖ਼ਤ ਤੇ ਸੱਦਿਆ ਗਿਆ ਸੀ ਅਤੇ ਉਨ੍ਹਾਂ ਨੂੰ ਇਤਰਾਜ਼ਯੋਗ ਮੱਦਾਂ ਬਾਰੇ ਜਾਣਕਾਰੀ ਦਿੱਤੀ ਗਈ ਸੀ। ਉਨ੍ਹਾਂ ਨੂੰ ਇਹ ਇਤਰਾਜ਼ਯੋਗ ਮੱਦਾ ਕਾਨੂੰਨ ਵਿੱਚੋਂ ਹਟਾਉਣ ਲਈ ਵਾਸਤੇ ਵੀ ਆਖਿਆ ਗਿਆ ਸੀ। ਕੋਈ ਕਾਰਵਾਈ ਨਾ ਹੋਣ ਤੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਤਲਬ ਕੀਤਾ ਗਿਆ ਸੀ। ਜਿੱਥੇ ਸਮੂਹ ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਕਾਨੂੰਨ ਵਿੱਚ ਸੋਧ ਲਈ ਸਹਿਮਤੀ ਦਿੱਤੀ ਗਈ ਸੀ। ਉਸ ਵੇਲੇ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ ।

