Security agencies on alert at the city railway station ahead of the festive season; GRP and RPF conducted checks
ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ, GRP ਅਤੇ RPF ਨੇ ਕੀਤੀ ਚੈਕਿੰਗ
ਜਲੰਧਰ (ਆਵਾਜ਼ਿ ਕੌਮ ਬਿਊਰੋ)-ਤਿਉਹਾਰੀ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਦੀ ਆਵਾਜਾਈ ਵਧਦੀ ਹੋਈ ਨਜ਼ਰ ਆ ਰਹੀ ਹੈ। ਇਸੇ ਨੂੰ ਦੇਖਦੇ ਹੋਏ ਜੀ. ਆਰ. ਪੀ. ਅਤੇ ਆਰ. ਪੀ. ਐੱਫ. ਵੱਲੋਂ ਸਿਟੀ ਰੇਲਵੇ ਸਟੇਸ਼ਨ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਦੇ ਹੋਏ ਡੂੰਘੀ ਚੈਕਿੰਗ ਮੁਹਿੰਮ ਚਲਾਈ ਗਈ। ਡੌਗ ਸਕੁਐਡ ਦੀ ਮਦਦ ਨਾਲ ਸਟੇਸ਼ਨ ਕੰਪਲੈਕਸ, ਪਲੇਟਫਾਰਮਾਂ ਅਤੇ ਯਾਤਰੀਆਂ ਦੇ ਸਾਮਾਨ ਦੀ ਜਾਂਚ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਸਟੇਸ਼ਨ ’ਤੇ ਸੁਰੱਖਿਆ ਵਿਵਸਥਾ ਬਣਾਏ ਰੱਖਣਾ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ’ਤੇ ਨਜ਼ਰ ਰੱਖਣਾ ਰਿਹਾ। ਜੀ. ਆਰ. ਪੀ. ਦੇ ਐੱਸ. ਐੱਚ. ਓ. ਇੰਸਪੈਕਟਰ ਬਲਵੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਕੀਤੀ ਗਈ ਚੈਕਿੰਗ ਦੌਰਾਨ ਪੁਲਸ ਟੀਮ ਨੇ ਪਲੇਟਫਾਰਮਾਂ ’ਤੇ ਮੌਜੂਦ ਯਾਤਰੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਜਾਂਚ ਕੀਤੀ। ਡੌਗ ਸਕੁਐਡ ਦੀ ਮਦਦ ਨਾਲ ਸਟੇਸ਼ਨ ਦੇ ਵੱਖ-ਵੱਖ ਹਿੱਸਿਆਂ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਚੌਕਸੀ ਵਰਤੀ ਗਈ। ਚੈਕਿੰਗ ਮੁਹਿੰਮ ਦੌਰਾਨ ਯਾਤਰੀਆਂ ਨੂੰ ਸੁਰੱਖਿਆ ਸਬੰਧੀ ਹਦਾਇਤਾਂ ਵੀ ਦਿੱਤੀਆਂ ਗਈਆਂ। ਉਨ੍ਹਾਂ ਨੂੰ ਕਿਸੇ ਵੀ ਲਾਵਾਰਿਸ ਵਸਤੂ ਜਾਂ ਸ਼ੱਕੀ ਵਿਅਕਤੀ ਦੇ ਦਿਖਾਈ ਦੇਣ ’ਤੇ ਤੁਰੰਤ ਰੇਲਵੇ ਪੁਲਸ ਨੂੰ ਸੂਚਿਤ ਕਰਨ ਲਈ ਕਿਹਾ ਗਿਆ। ਤਿਉਹਾਰੀ ਸੀਜ਼ਨ ਵਿਚ ਭੀੜ-ਭੜੱਕੇ ਦੇ ਮੱਦੇਨਜ਼ਰ ਯਾਤਰੀਆਂ ਨੂੰ ਆਪਣੇ ਸਾਮਾਨ ਦੀ ਨਿਗਰਾਨੀ ਰੱਖਣ ਅਤੇ ਅਣਜਾਣ ਵਿਅਕਤੀਆਂ ਤੋਂ ਸੁਚੇਤ ਰਹਿਣ ਲਈ ਜਾਗਰੂਕ ਕੀਤਾ ਗਿਆ। ਜੀ. ਆਰ. ਪੀ. ਅਤੇ ਆਰ. ਪੀ. ਐੱਫ. ਵੱਲੋਂ ਸਟੇਸ਼ਨ ਕੰਪਲੈਕਸ ਵਿਚ ਸੁਰੱਖਿਆ ਵਿਵਸਥਾ ’ਤੇ ਨਜ਼ਰ ਰੱਖਣ ਅਤੇ ਯਾਤਰੀਆਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਇਹ ਚੈਕਿੰਗ ਮੁਹਿੰਮ ਚਲਾਈ ਗਈ।

