Risk of lightning and storms in Punjab for 3 days; major warning issued for these 3 districts
ਪੰਜਾਬ ‘ਚ 3 ਦਿਨ ਅਸਮਾਨੀ ਬਿਜਲੀ ਤੇ ਤੂਫ਼ਾਨ ਦਾ ਖ਼ਤਰਾ, ਇਨ੍ਹਾਂ 3 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ ਜਾਰੀ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਪੰਜਾਬ ‘ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦੇ ਮੁਤਾਬਕ 10 ਤੋਂ 12 ਅਕਤੂਬਰ ਤੱਕ ਸੂਬੇ ‘ਚ ਹਨ੍ਹੇਰੀ, ਤੂਫ਼ਾਨ ਅਤੇ ਗਰਜ ਨਾਲ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਪੰਜਾਬ ਦੇ 3 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ‘ਚ ਗਰਜ-ਚਮਕ ਨਾਲ ਅਸਮਾਨੀ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ‘ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਬਾਵਜੂਦ ਤਾਪਮਾਨ ਆਮ ਦੇ ਨੇੜੇ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਵੱਧ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 38.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਮੌਸਮ ਵਿੱਚ ਤਬਦੀਲੀ ਆ ਰਹੀ ਹੈ। ਹਰਿਆਣਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਬਣਿਆ ਉੱਪਰੀ ਹਵਾ ਦਾ ਚੱਕਰਵਾਤੀ ਸਿਸਟਮ ਹੁਣ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਵੱਲ ਹੈ। ਇਸ ਤੋਂ ਇਲਾਵਾ ਉੱਤਰੀ ਪਾਕਿਸਤਾਨ ਅਤੇ ਨਾਲ ਲੱਗਦੇ ਜੰਮੂ ਖੇਤਰ ਵਿੱਚ ਵੀ ਚੱਕਰਵਾਤੀ ਹਵਾਵਾਂ ਦਾ ਸਿਸਟਮ ਬਣਿਆ ਹੋਇਆ ਹੈ।

