BJP protests against Congress in Chandigarh; attempt made to march towards Congress Bhawan
ਚੰਡੀਗੜ੍ਹ ‘ਚ ਭਾਜਪਾ ਦਾ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ, ਕਾਂਗਰਸ ਭਵਨ ਵੱਲ ਕੂਚ ਕਰਨ ਦੀ ਕੋਸ਼ਿਸ਼
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਭਾਜਪਾ ਮਹਿਲਾ ਵਿੰਗ ਵੱਲੋਂ ਕਾਂਗਰਸ ਖ਼ਿਲਾਫ਼ ਚੰਡੀਗੜ੍ਹ ‘ਚ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਮਹਿਲਾ ਵਿੰਗ ਦੀ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ‘ਚ ਕੀਤੇ ਗਏ ਇਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ‘ਚ ਮਹਿਲਾ ਵਰਕਰਾਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀ ਵੱਖ-ਵੱਖ ਬੈਨਰ ਲੈ ਕੇ ਕਾਂਗਰਸ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੀਆਂ ਸਨ ਅਤੇ ਕਾਂਗਰਸ ਭਵਨ ਵੱਲ ਜਾਣ ਦੀ ਕੋਸ਼ਿਸ਼ ਕਰ ਰਹੀਆਂ ਸਨ। ਭਾਜਪਾ ਮਹਿਲਾ ਵਿੰਗ ਦੀਆਂ ਵਰਕਰਾਂ ਸੈਕਟਰ-37 ਸਥਿਤ ਭਾਜਪਾ ਦਫ਼ਤਰ ਤੋਂ ਇਕੱਠੀਆਂ ਹੋ ਕੇ ਪ੍ਰਦਰਸ਼ਨ ਲਈ ਨਿਕਲੀਆਂ। ਇਸ ਦੌਰਾਨ ਚੰਡੀਗੜ੍ਹ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਪੁਲਸ ਨੇ ਰਸਤੇ ‘ਚ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਿਆ। ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਮੌਕੇ ’ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਸੀ ਅਤੇ ਵਾਟਰ ਕੈਨਨ ਵੀ ਲਗਾਈ ਗਈ ਸੀ। ਪ੍ਰਦਰਸ਼ਨ ਦੌਰਾਨ ਭਾਜਪਾ ਮਹਿਲਾ ਵਿੰਗ ਦੀਆਂ ਆਗੂਆਂ ਨੇ ਰਾਹੁਲ ਗਾਂਧੀ ਨੂੰ ਨਿਸ਼ਾਨਾ ਬਣਾਇਆ। ਜੈ ਇੰਦਰ ਕੌਰ ਦੀ ਅਗਵਾਈ ਹੇਠ ਪ੍ਰਦਰਸ਼ਨ ਕਰ ਰਹੀਆਂ ਮਹਿਲਾ ਵਰਕਰਾਂ ਨੇ ਦੋਸ਼ ਲਾਇਆ ਕਿ ਕਾਂਗਰਸ ਮਹਿਲਾਵਾਂ ਦੀ ਸੁਰੱਖਿਆ ਦੇ ਮੁੱਦੇ ’ਤੇ ਦੋਹਰਾ ਰਵੱਈਆ ਅਪਣਾ ਰਹੀ ਹੈ। ਆਗੂਆਂ ਨੇ ਦਾਅਵਾ ਕੀਤਾ ਕਿ ਯੂਨੀਵਰਸਿਟੀ ਨਾਲ ਜੁੜੇ ਜਿਣਸੀ ਸ਼ੋਸ਼ਣ ਦੇ ਮਾਮਲੇ ‘ਚ ਮੁਲਜ਼ਮ ਨੂੰ ਸਮਰਥਨ ਦੇਣ ਦੇ ਦੋਸ਼ਾਂ ਨੂੰ ਲੈ ਕੇ ਉਹ ਕਾਂਗਰਸ ਖ਼ਿਲਾਫ਼ ਰੋਸ ਪ੍ਰਗਟ ਕਰ ਰਹੀਆਂ ਹਨ। ਭਾਜਪਾ ਦਾ ਇਹ ਪ੍ਰਦਰਸ਼ਨ ਅਜਿਹੇ ਸਮੇਂ ਹੋਇਆ ਹੈ, ਜਦੋਂ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਵੋਟ ਚੋਰੀ ਦੇ ਦੋਸ਼ ਲਗਾਏ ਜਾ ਰਹੇ ਹਨ। ਅਜਿਹੇ ‘ਚ ਭਾਜਪਾ ਮਹਿਲਾ ਵਿੰਗ ਦੇ ਇਸ ਪ੍ਰਦਰਸ਼ਨ ਨੂੰ ਕਾਂਗਰਸ ਦੇ ਦੋਸ਼ਾਂ ਦੇ ਜਵਾਬ ਵਜੋਂ ਵੀ ਦੇਖਿਆ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਕਾਂਗਰਸ ਭਵਨ ਵੱਲ ਜਾਣ ਲਈ ਅੱਗੇ ਵਧਣਾ ਚਾਹੁੰਦੀਆਂ ਸਨ ਪਰ ਪੁਲਸ ਨੇ ਬੈਰੀਕੇਡਿੰਗ ਕਰਕੇ ਉਨ੍ਹਾਂ ਦਾ ਰਸਤਾ ਰੋਕ ਦਿੱਤਾ। ਇਸ ਕਾਰਨ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਰਹੇ।

