Strict action against illegal miners; 5 accused arrested along with 5 machines
ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ‘ਤੇ ਸਖ਼ਤ ਕਾਰਵਾਈ, 5 ਮਸ਼ੀਨਾਂ ਸਣੇ 5 ਮੁਲਜ਼ਮ ਕੀਤੇ ਗ੍ਰਿਫ਼ਤਾਰ
ਜਲੰਧਰ (ਆਵਾਜ਼ਿ ਕੌਮ ਬਿਊਰੋ)-ਪੰਜਾਬ ’ਚ ਗੈਰ-ਕਾਨੂੰਨੀ ਮਾਈਨਿੰਗ ਖਿਲਾਫ਼ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਚਮਕੌਰ ਸਾਹਿਬ ਇਲਾਕੇ ’ਚ ਰਾਤ ਵੇਲੇ ਵਿਸ਼ੇਸ਼ ਮੁਹਿੰਮ ਚਲਾ ਕੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਗੈਰ-ਕਾਨੂੰਨੀ ਮਾਈਨਿੰਗ ’ਚ ਵਰਤੀਆਂ ਜਾ ਰਹੀਆਂ 5 ਮਸ਼ੀਨਾਂ ਅਤੇ ਵਾਹਨਾਂ ਨੂੰ ਵੀ ਜ਼ਬਤ ਕੀਤਾ ਗਿਆ। ਪੰਜਾਬ ਦੇ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸੂਬਾ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਚਮਕੌਰ ਸਾਹਿਬ ਦੇ ਬੇਲਾ ਨਿਵਾਸੀ ਰਵੀ ਕੁਮਾਰ, ਐੱਸ. ਬੀ. ਐੱਸ. ਨਗਰ ਦੇ ਕਾਠਗੜ੍ਹ ਖੇਤਰ ਦੇ ਟੋਂਸਾ ਨਿਵਾਸੀ ਅਸ਼ਵਨੀ ਕੁਮਾਰ, ਐਮਾ ਨਿਵਾਸੀ ਜਸਪਾਲ ਸਿੰਘ, ਚਮਕੌਰ ਸਾਹਿਬ ਦੇ ਬਾਮਾ ਨਿਵਾਸੀ ਅਸ਼ਵਨੀ ਕੁਮਾਰ ਅਤੇ ਚਮਕੌਰ ਸਾਹਿਬ ਦੇ ਲੱਖੋਵਾਲ ਨਿਵਾਸੀ ਹਰਜਿੰਦਰ ਸਿੰਘ ਵਜੋਂ ਹੋਈ ਹੈ। ਇਕ ਜੂਨੀਅਰ ਇੰਜੀਨੀਅਰ-ਕਮ-ਮਾਈਨਿੰਗ ਇੰਸਪੈਕਟਰ ਦੀ ਸ਼ਿਕਾਇਤ ਦੇ ਆਧਾਰ ’ਤੇ ਸ੍ਰੀ ਚਮਕੌਰ ਸਾਹਿਬ ਪੁਲਸ ਥਾਣੇ ’ਚ ਮਾਮਲਾ ਦਰਜ ਕੀਤਾ ਗਿਆ ਹੈ। ਮੰਤਰੀ ਗੋਇਲ ਨੇ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਕਾਰਨ ਸੂਬੇ ਦੇ ਕੁਦਰਤੀ ਸਰੋਤਾਂ ਨੂੰ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਖਜ਼ਾਨੇ ਨੂੰ ਆਰਥਿਕ ਨੁਕਸਾਨ ਪਹੁੰਚਾਉਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

