There should be a CBI probe into the Parvinder Singh Jhota murder case: Kewal Singh Dhillon
ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਹੋਵੇ CBI ਜਾਂਚ: ਕੇਵਲ ਸਿੰਘ ਢਿੱਲੋਂ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)- ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਨਸ਼ਿਆਂ ਖ਼ਿਲਾਫ਼ ਲੜਾਈ ਲੜਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀ ਸੀ. ਬੀ. ਆਈ. ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਉਹ ਪੰਜਾਬ ਦੇ ਰਾਜਪਾਲ ਨੂੰ ਬਾਕਾਇਦਾ ਇਕ ਚਿੱਠੀ ਵੀ ਲਿਖ ਚੁੱਕੇ ਹਨ। ਅੱਜ ਉਨ੍ਹਾਂ ਨੇ ਨਵੀਂ ਦਿੱਲੀ ਵਿਚ ਇਸ ਸਬੰਧੀ ਇਕ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ‘ਚ ਇਸ ਵੇਲੇ ਜੰਗਲ ਰਾਜ ਹੈ। ਬੀਤੇ ਕੱਲ੍ਹ ਨਸ਼ੇ ਖ਼ਿਲਾਫ਼ ਬੋਲਣ ਵਾਲੇ ਪਰਵਿੰਦਰ ਸਿੰਘ ਝੋਟੇ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਢਿੱਲੋਂ ਨੇ ਇਸ ਕਤਲ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਸਰਕਾਰ ‘ਤੇ ਭਰੋਸਾ ਨਹੀਂ ਹੈ, ਇਸ ਲਈ ਮਾਮਲੇ ਦੀ ਸੀ. ਬੀ. ਆਈ. ਜਾਂਚ ਹੋਣੀ ਚਾਹੀਦੀ ਹੈ। ਪੰਜਾਬ ਭਾਜਪਾ ਪ੍ਰਧਾਨ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਸੰਦੀਪ ਨੰਗਲ ਅੰਬੀਆਂ, ਮੈਡ ਸੰਧੂ ਤੇ ਹੋਰ ਕਤਲਕਾਂਡਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਵਿਚ ਹਰ ਰੋਜ਼ ਕਤਲੋਗਾਰਤ ਹੋ ਰਹੀ ਹੈ, ਕਾਨੂੰਨ ਵਿਵਸਥਾ ਢਹਿ-ਢੇਰੀ ਹੋ ਚੁੱਕੀ ਹੈ। ਅੱਜ ਹੀ ਪੰਜਾਬ ਪੁਲਸ ਦਾ ਇਕ ਮੁਲਾਜ਼ਮ 15 ਕਿੱਲੋ ਹੈਰੋਇਨ ਨਾਲ ਫੜਿਆ ਗਿਆ ਹੈ। ਢਿੱਲੋਂ ਨੇ ਕਿਹਾ ਕਿ ਇਸ ਸਭ ਲਈ ਪੰਜਾਬ ਦੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਭਗਵੰਤ ਮਾਨ ਜ਼ਿੰਮੇਵਾਰ ਹਨ ਤੇ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

