Surveillance to be increased at drug hotspots; CCTV cameras to be installed in vacant spaces
ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ. ਵੀ. ਕੈਮਰੇ
ਜਲੰਧਰ (ਆਵਾਜ਼ਿ ਕੌਮ ਬਿਊਰੋ)-ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲੇ ਵਿਚ ਡਰੱਗਜ਼ ਹਾਟਸਪਾਟਸ ’ਤੇ ਲਗਾਤਾਰ ਨਿਗਰਾਨੀ ਰੱਖਣ ਅਤੇ ਨਸ਼ਿਆਂ ਦੀ ਰੋਕਥਾਮ ਲਈ ਚੌਕਸੀ ਵਧਾਉਣ ਦੇ ਨਿਰਦੇਸ਼ ਿਦੱਤੇ ਹਨ। ਜ਼ਿਲਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਆਯੋਜਿਤ ਸਮੀਖਿਆ ਬੈਠਕ ਵਿਚ ਐੱਸ. ਐੱਸ. ਪੀ. ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਸਮੇਤ ਵੱਖ-ਵੱਖ ਅਧਿਕਾਰੀਆਂ ਨੇ ਹਿੱਸਾ ਲਿਆ। ਡਿਪਟੀ ਕਮਿਸ਼ਨਰ ਨੇ ਪੁਲਸ ਅਧਿਕਾਰੀਆਂ ਨੂੰ ਦਵਾਈਆਂ ਦੀਆਂ ਦੁਕਾਨਾਂ, ਖਾਲੀ ਇਮਾਰਤਾਂ ਅਤੇ ਸੁੰਨਸਾਨ ਥਾਵਾਂ ਦੀ ਨਿਯਮਿਤ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਥਾਵਾਂ ’ਤੇ ਰੌਸ਼ਨੀ ਦਾ ਪ੍ਰਬੰਧ ਕਰਨ, ਸੀ. ਸੀ. ਟੀ. ਵੀ. ਕੈਮਰੇ ਲਗਾਉਣ ਅਤੇ ਪੁਲਸ ਗਸ਼ਤ ਵਧਾਉਣ ਦੇ ਨਾਲ ਅਚਾਨਕ ਚੈਕਿੰਗ, ਸਰਚ ਆਪ੍ਰੇਸ਼ਨ ਅਤੇ ਪੱਕੇ ਨਾਕੇ ਲਗਾਏ ਜਾਣ। ਉਨ੍ਹਾਂ ਨੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਵਿਚ ਸਥਾਨਕ ਐੱਨ. ਜੀ. ਓ. ਅਤੇ ਵੱਧ ਤੋਂ ਵੱਧ ਲੋਕਾਂ ਦੀ ਭਾਈਵਾਲੀ ਯਕੀਨੀ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਹਾਂ-ਪੱਖੀ ਦਿਸ਼ਾ ਦੇਣ ਲਈ ਉਨ੍ਹਾਂ ਨੂੰ ਖੇਡ ਗਤੀਵਿਧੀਆਂ ਅਤੇ ਹੁਨਰ ਟ੍ਰੇਨਿੰਗ ਨਾਲ ਜੋੜਿਆ ਜਾਵੇ। ਪਿੰਡਾਂ ਅਤੇ ਕਸਬਿਆਂ ਵਿਚ ਲੋੜ ਅਨੁਸਾਰ ਖੇਡ ਮੈਦਾਨ, ਲਾਇਬ੍ਰੇਰੀ ਅਤੇ ਓਪਨ ਜਿਮ ਵਰਗੀਆਂ ਸਹੂਲਤਾਂ ਵਿਕਸਿਤ ਕਰਨ ਦੇ ਯਤਨ ਕੀਤੇ ਜਾਣ ਤਾਂ ਜੋ ਨੌਜਵਾਨ ਰੋਜ਼ਗਾਰ ਦੇ ਯੋਗ ਬਣ ਸਕਣ ਅਤੇ ਨਸ਼ਿਆਂ ਤੋਂ ਦੂਰ ਰਹਿਣ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਿਵਿਆ ਪੀ. ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਸਹਾਇਕ ਕਮਿਸ਼ਨਰ ਡਾ. ਵਰੁਣ ਕੁਮਾਰ, ਸੀ. ਐੱਮ. ਐੱਫ. ਓ. ਸ਼ਿਵਾਂਸ਼ ਅਸਥਾਨਾ ਅਤੇ ਹੋਰ ਵੀ ਮੌਜੂਦ ਸਨ। ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਦਿਹਾਤੀ ਪੁਲਸ ਨਸ਼ਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ’ਤੇ ਕੰਮ ਕਰ ਰਹੀ ਹੈ। ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸ ਮੁਹਿੰਮ ਨੂੰ ਅੱਗੇ ਹੋਰ ਤੇਜ਼ ਕੀਤਾ ਜਾਵੇਗਾ। ਡੀ. ਸੀ. ਪੀ. ਆਦਿੱਤਿਆ ਵਾਰੀਅਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਨਸ਼ਿਆਂ ਦੀ ਰੋਕਥਾਮ ਲਈ ਕਾਸੋ ਆਪ੍ਰੇਸ਼ਨ ਚਲਾ ਰਹੀ ਹੈ। ਨਸ਼ਿਆਂ ਦੇ ਕਾਰੋਬਾਰ ਨਾਲ ਬਣਾਈਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਕਾਰਵਾਈ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਿਕ ਵਾਰਡ ਡਿਫੈਂਸ ਕਮੇਟੀਆਂ ਨਾਲ ਤਾਲਮੇਲ ਕਰ ਕੇ ਜ਼ਮੀਨੀ ਪੱਧਰ ’ਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ।

