‘Creating a clean and drug-free society is not possible without Khalistan’ – Federation of Sikh Organisations U.K.
‘ਸਾਫ਼-ਸੁਥਰੇ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਖ਼ਾਲਿਸਤਾਨ ਤੋਂ ਬਿਨਾਂ ਸੰਭਵ ਨਹੀਂ’ – ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. *ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਐਫ ਐਸ਼ ਓ ਯੂ.ਕੇ. ਵੱਲੋਂ ਸਖ਼ਤ ਨਿਖੇਧੀ
ਲੰਡਨ (ਸਰਬਜੀਤ ਸਿੰਘ ਬਨੂੜ)- ਪੰਜਾਬ ਅਤੇ ਸਿੱਖ ਕੌਮ ਨੂੰ ਦਰਪੇਸ਼ ਸਮਾਜਿਕ, ਆਰਥਿਕ, ਰਾਜਨੀਤਕ ਅਤੇ ਸੱਭਿਆਚਾਰਕ ਸਮੱਸਿਆਵਾਂ ਦਾ ਸਥਾਈ ਹੱਲ ਆਜ਼ਾਦ ਸਿੱਖ ਰਾਜ ਖ਼ਾਲਿਸਤਾਨ ਦੀ ਸਥਾਪਨਾ ਵਿੱਚ ਹੀ ਹੈ। ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਦੇ ਕੋਆਰਡੀਨੇਟਰ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਨੇ ਇਕ ਸਾਂਝੇ ਬਿਆਨ ਵਿੱਚ ਪਰਮਿੰਦਰ ਸਿੰਘ ਝੋਟੇ ਦੇ ਕਤਲ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।
ਉਨ੍ਹਾਂ ਕਿਹਾ ਕਿ ਸਾਫ਼-ਸੁਥਰੇ, ਨਿਆਂਪੂਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਿੱਖ ਕੌਮ ਨੂੰ ਆਪਣੇ ਕੌਮੀ ਨਿਸ਼ਾਨੇ ਪ੍ਰਤੀ ਸੁਚੇਤ ਅਤੇ ਕਾਰਜਸ਼ੀਲ ਹੋਣਾ ਚਾਹੀਦਾ ਹੈ।
ਜਥੇਬੰਦੀ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਸੰਘਰਸ਼ ਕਰਨ ਵਾਲੇ ਨੌਜਵਾਨ ਦਾ ਦਿਨ-ਦਿਹਾੜੇ ਕਤਲ ਹੋਣਾ ਪੰਜਾਬ ਵਿੱਚ ਮਾਨ ਸਰਕਾਰ ਦੀ ਕਾਨੂੰਨ-ਵਿਵਸਥਾ ਅਤੇ ਸਮਾਜਿਕ ਕਾਰਕੁਨਾਂ ਦੀ ਸੁਰੱਖਿਆ ਉੱਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ।
ਫੈਡਰੇਸ਼ਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਫੈਲਾਅ ਕੇਵਲ ਕਾਨੂੰਨ-ਵਿਵਸਥਾ ਦਾ ਮਸਲਾ ਨਹੀਂ, ਸਗੋਂ ਸਮੁੱਚੇ ਪੰਜਾਬੀ ਸਮਾਜ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨਾਲ ਜੁੜਿਆ ਗੰਭੀਰ ਸੰਕਟ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਹਜ਼ਾਰਾਂ ਪਰਿਵਾਰ ਸਮਾਜਿਕ, ਆਰਥਿਕ ਅਤੇ ਮਾਨਸਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਹਾਲਾਤ ਵਿੱਚ ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜਿਕ ਕਾਰਕੁਨ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਵਿੱਚ ਡਰ ਅਤੇ ਬੇਭਰੋਸਗੀ ਪੈਦਾ ਹੋਣੀ ਸੁਭਾਵਿਕ ਹੈ।
ਆਗੂਆਂ ਨੇ ਭਾਰਤੀ ਰਾਜ ਪ੍ਰਬੰਧ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਸਿੱਖ ਕੌਮ ਨੂੰ ਦਰਪੇਸ਼ ਸਮਾਜਿਕ, ਧਾਰਮਿਕ ਅਤੇ ਰਾਜਨੀਤਕ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੀ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਨੀਤੀਆਂ ਅਤੇ ਪ੍ਰਬੰਧਕੀ ਨਾਕਾਮੀਆਂ ਵਿਰੁੱਧ ਸਿੱਖ ਜਥੇਬੰਦੀਆਂ ਨੂੰ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।
ਫੈਡਰੇਸ਼ਨ ਨੇ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮਾਂ ਚਲਾਉਣ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਤਸਕਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਨੂੰ ਅਪਰਾਧੀ ਸਮਝਣ ਦੀ ਬਜਾਏ ਉਨ੍ਹਾਂ ਲਈ ਢੁਕਵੇਂ ਡਾਕਟਰੀ ਇਲਾਜ, ਕੌਂਸਲਿੰਗ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਮਾਪਿਆਂ, ਅਧਿਆਪਕਾਂ, ਪੰਚਾਇਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਨੌਜਵਾਨ ਕਲੱਬਾਂ ਨੂੰ ਵੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਫੈਡਰੇਸ਼ਨ ਦੇ ਆਗੂਆਂ ਨੇ ਸਿੱਖੀ ਦੇ ਪ੍ਰਚਾਰ ਅਤੇ ਪਸਾਰ ਵਿੱਚ ਤੇਜ਼ੀ ਲਿਆਉਣ ਦੀ ਲੋੜ ਉੱਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਸਿਧਾਂਤਾਂ, ਸਿੱਖ ਇਤਿਹਾਸ, ਨੈਤਿਕ ਕਦਰਾਂ-ਕੀਮਤਾਂ ਅਤੇ ਸੇਵਾ ਦੀ ਭਾਵਨਾ ਨਾਲ ਨੌਜਵਾਨ ਪੀੜ੍ਹੀ ਨੂੰ ਜੋੜਨਾ ਸਮੇਂ ਦੀ ਵੱਡੀ ਲੋੜ ਹੈ।
ਜਥੇਬੰਦੀ ਨੇ ਸਮੂਹ ਪੰਜਾਬੀਆਂ ਅਤੇ ਸਿੱਖ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਇਆ ਜਾ ਸਕੇ।

