A major announcement has been made regarding Parvinder Jhota’s two children! Kalgidhar Trust, Baru Sahib, will take on the ‘responsibility’
ਪਰਵਿੰਦਰ ਝੋਟਾ ਦੇ ਦੋਵਾਂ ਜਵਾਕਾਂ ਲਈ ਹੋ ਗਿਆ ਵੱਡਾ ਐਲਾਨ ! ਕਲਗੀਧਰ ਟਰੱਸਟ ਬੜੂ ਸਾਹਿਬ ਚੁੱਕੇਗਾ ‘ਜ਼ਿੰਮੇਵਾਰੀ’
ਸੰਗਰੂਰ/ਚੀਮਾ ਮੰਡੀ (ਆਵਾਜ਼ਿ ਕੌਮ ਬਿਊਰੋ)-ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੀ ਦੁਖਦਾਈ ਘਟਨਾ ਨੇ ਹਰ ਵਿਅਕਤੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਦੁੱਖ ਦੀ ਘੜੀ ‘ਚ ਕਲਗੀਧਰ ਟਰੱਸਟ ਬੜੂ ਸਾਹਿਬ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਵਿੰਦਰ ਦੇ ਦੋਵਾਂ ਬੱਚਿਆਂ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਚੁੱਕਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਉਪ-ਸੇਵਾਦਾਰ ਭਾਈ ਜਗਜੀਤ ਸਿੰਘ ਕਾਕਾ ਵੀਰ ਜੀ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਗਰੋਂ ਉਸ ਦੇ ਪਰਿਵਾਰਕ ਮੈਂਬਰਾਂ ਤੇ ਮਾਪਿਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਦੋਵੇਂ ਬੱਚੇ ਅਕਾਲ ਅਕੈਡਮੀ ਜਵਾਹਰਕੇ ਵਿਖੇ ਪੜ੍ਹਦੇ ਹਨ, ਇਸ ਲਈ ਦੋਵਾਂ ਬੱਚਿਆਂ ਦੀ ਬਾਰ੍ਹਵੀਂ ਜਮਾਤ ਤੱਕ ਦੀ ਪੜ੍ਹਾਈ ਦੀ ਪੂਰੀ ਫ਼ੀਸ ਮੁਆਫ਼ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਸਿੱਖਿਆ ਨੂੰ ਨਿਰਵਿਘਨ ਜਾਰੀ ਰੱਖਣ ਦੀ ਜ਼ਿੰਮੇਵਾਰੀ ਨਿਭਾਈ ਜਾਵੇਗੀ। ਇਸ ਤੋਂ ਇਲਾਵਾ ਬੱਚਿਆਂ ਦੀ ਉਚੇਰੀ ਸਿੱਖਿਆ ਲਈ ਵੀ ਭਵਿੱਖ ‘ਚ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਭਾਈ ਜਗਜੀਤ ਸਿੰਘ ਜੀ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਔਖੀ ਘੜੀ ‘ਚ ਬੱਚਿਆਂ ਦੀ ਪੜ੍ਹਾਈ ਅਤੇ ਭਵਿੱਖ ਨੂੰ ਲੈ ਕੇ ਉਨ੍ਹਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਣ ਲਈ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ, ਤਾਂ ਜੋ ਉਹ ਆਪਣੀ ਪੜ੍ਹਾਈ ਜਾਰੀ ਰੱਖ ਕੇ ਭਵਿੱਖ ਵਿੱਚ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਜ਼ਿਕਰਯੋਗ ਹੈ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਵੱਖ-ਵੱਖ ਸਮਿਆਂ ਦੌਰਾਨ ਪੈਦਾ ਹੋਣ ਵਾਲੇ ਔਖੇ ਹਾਲਾਤ ਵਿੱਚ ਲੋੜਵੰਦਾਂ ਦੀ ਸਹਾਇਤਾ ਲਈ ਸੇਵਾ ਨਿਭਾਈ ਜਾਂਦੀ ਰਹੀ ਹੈ। ਸਿੱਖਿਆ, ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਦੇ ਉਦੇਸ਼ ਨਾਲ ਟਰੱਸਟ ਵੱਲੋਂ ਕੀਤੇ ਜਾਂਦੇ ਅਜਿਹੇ ਉਪਰਾਲੇ ਲੋੜਵੰਦ ਪਰਿਵਾਰਾਂ ਨੂੰ ਮੁਸ਼ਕਿਲ ਸਮੇਂ ਵਿੱਚ ਸਹਾਰਾ ਦੇਣ ਦੇ ਨਾਲ-ਨਾਲ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਵੱਲ ਵੀ ਅਹਿਮ ਕਦਮ ਹਨ।

