Amit Shah met Bikramjit Singh’s family in Gurdaspur and assured them of a CBI investigation
ਗੁਰਦਾਸਪੁਰ ‘ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ, CBI ਜਾਂਚ ਦਾ ਦਿੱਤਾ ਭਰੋਸਾ
ਗੁਰਦਾਸਪੁਰ (ਆਵਾਜ਼ਿ ਕੌਮ ਬਿਊਰੋ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੌਰੇ ‘ਤੇ ਗੁਰਦਾਸਪੁਰ ਦੇ ਪਿੰਡ ਮਾੜੀ ਪੰਨੂਆ ਵਿਖੇ ਪਹੁੰਚੇ। ਉੱਥੇ ਉਨ੍ਹਾਂ ਨੇ ਨਸ਼ਿਆਂ ਦਾ ਵਿਰੋਧ ਕਰਨ ਕਾਰਨ ਕਤਲ ਕੀਤੇ ਗਏ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਗ੍ਰਹਿ ਮੰਤਰੀ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਡੂੰਘੀ ਹਮਦਰਦੀ ਪ੍ਰਗਟਾਈ ਅਤੇ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਇਸ ਔਖੀ ਘੜੀ ‘ਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਹਰ ਸੰਭਵ ਇਨਸਾਫ਼ ਦਿਵਾਇਆ ਜਾਵੇਗਾ। ਮੁਲਾਕਾਤ ਦੌਰਾਨ ਪੀੜਤ ਪਰਿਵਾਰ ਨੇ ਗ੍ਰਹਿ ਮੰਤਰੀ ਨੂੰ ਇੱਕ ਲਿਖਤੀ ਮੰਗ ਪੱਤਰ ਵੀ ਸੌਂਪਿਆ। ਮੰਗ ਪੱਤਰ ‘ਚ ਪਰਿਵਾਰ ਨੇ ਮੁੱਖ ਤੌਰ ‘ਤੇ ਪੂਰੇ ਮਾਮਲੇ ਦੀ ਕੇਂਦਰੀ ਜਾਂਚ ਏਜੰਸੀ CBI ਤੋਂ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਅਤੇ ਨਾਲ ਹੀ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣ ਲਈ ਕੇਂਦਰ ਦੇ ਤੁਰੰਤ ਦਖ਼ਲ ਦੀ ਅਪੀਲ ਕੀਤੀ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਸਥਾਨਕ ਪੱਧਰ ‘ਤੇ ਇਨਸਾਫ਼ ਦੀ ਉਮੀਦ ਨਹੀਂ ਹੈ, ਇਸ ਲਈ ਉਹ ਚਾਹੁੰਦੇ ਹਨ ਕਿ ਕੇਂਦਰ ਸਿੱਧਾ ਦਖ਼ਲ ਦੇਵੇ ਤਾਂ ਜੋ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ਼ ਮਿਲ ਸਕੇ। ਇਸ ‘ਤੇ ਅਮਿਤ ਸ਼ਾਹ ਨੇ ਭਰੋਸਾ ਦਿੱਤਾ ਕਿ ਮਾਮਲੇ ਨੂੰ CBI ਹਵਾਲੇ ਕਰਨ ਦੀ ਪ੍ਰਕਿਰਿਆ ਨੂੰ ਤੁਰੰਤ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ‘ਚ ਨਸ਼ੇ ਦੇ ਕਾਰੋਬਾਰ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ। ਗ੍ਰਹਿ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਆਉਣ ਵਾਲੇ ਦਿਨਾਂ ‘ਚ ਹੋਰ ਵੱਡੀਆਂ ਕਾਰਵਾਈਆਂ ਕੀਤੀਆਂ ਜਾਣਗੀਆਂ। ਸਰਕਾਰ ਦਾ ਇੱਕੋ-ਇੱਕ ਟੀਚਾ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ, ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਪਰਿਵਾਰ ਨੂੰ ਅਜਿਹਾ ਦਰਦ ਨਾ ਝੱਲਣਾ ਪਵੇ।

