Special events will be organized to commemorate the centenary of the founding of Sri Amritsar Sahib: Advocate Dhami
ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦੀ ਸ਼ਤਾਬਦੀ ਨੂੰ ਮਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ: ਐਡਵੋਕੇਟ ਧਾਮੀ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਬੀਤੇ ਦਿਨ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀਆਂ ਇਕੱਤਰਤਾਵਾਂ ਹੋਈਆਂ। ਇਨ੍ਹਾਂ ਵਿਚ ਸਾਲ 2027 ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦੀ 450 ਸਾਲਾ ਸ਼ਤਾਬਦੀ ਖ਼ਾਲਸਾਈ ਰਵਾਇਤਾਂ ਮੁਤਾਬਕ ਮਨਾਉਣ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਤੇ ਵੱਖ-ਵੱਖ ਥਾਵਾਂ ’ਤੇ ਕੀਰਤਨ ਸਮਾਗਮ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਲ 2027 ਵਿਚ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦਾ 450 ਸਾਲਾ ਦਿਹਾੜਾ ਮਨਾਇਆ ਜਾਣਾ ਹੈ। ਇਸ ਨੂੰ ਯਾਦਗਾਰੀ ਬਣਾਉਣ ਲਈ ਵਿਸ਼ੇਸ਼ ਸਮਾਗਮ ਉਲੀਕੇ ਜਾਣਗੇ। ਉਨ੍ਹਾਂ ਦੱਸਿਆ ਕਿ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਨਾਲ ਸਬੰਧਤ ਖੋਜ ਭਰਪੂਰ ਲੇਖਾਂ ਦੀ ਪੁਸਤਕ ਤਿਆਰ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ ਹੈ। ਇਸ ਮੌਕੇ ਸਕਾਲਰ ਡਾ. ਹਰਪ੍ਰੀਤ ਕੌਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਤਿਆਰ ਕੀਤੀ ਗਈ ਸਚਿੱਤਰ ਪੁਸਤਕ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸੰਗਤ ਨੂੰ ਅਰਪਣ ਕੀਤੀ ਗਈ। ਇਕੱਤਰਤਾਵਾਂ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਪ੍ਰਿਤਪਾਲ ਸਿੰਘ ਪਾਲੀ, ਅਵਤਾਰ ਸਿੰਘ ਵਣਵਾਲਾ, ਮਨਜੀਤ ਸਿੰਘ ਬੱਪੀਆਣਾ, ਤੇਜਿੰਦਰਪਾਲ ਸਿੰਘ ਲਾਂਡਵਾਂ ਅਤੇ ਰਾਮਪਾਲ ਸਿੰਘ ਬਹਿਣੀਵਾਲ ਹਾਜ਼ਰ ਸਨ।

