District Election Officer held a meeting with officials regarding preparations for the Assembly elections
ਜ਼ਿਲ੍ਹਾ ਚੋਣ ਅਫ਼ਸਰ ਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਿਰੋਜ਼ਪੁਰ (ਆਵਾਜ਼ਿ ਕੌਮ ਬਿਊਰੋ)-ਜ਼ਿਲ੍ਹਾ ਚੋਣ ਅਫ਼ਸਰ, ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਸਬੰਧੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕਈ ਮਹੱਤਵਪੂਰਨ ਮੁੱਦਿਆਂ ’ਤੇ ਚਰਚਾ ਕੀਤੀ ਗਈ, ਜਿਨ੍ਹਾਂ ’ਚ ਚੋਣਾਂ ਲਈ ਪਹਿਲਾਂ ਤੋਂ ਤਿਆਰੀਆਂ, ਸੰਵੇਦਨਸ਼ੀਲ ਅਤੇ ਮਹੱਤਵਪੂਰਨ ਪੋਲਿੰਗ ਸਟੇਸ਼ਨਾਂ ਦੀ ਪਛਾਣ, ਚੋਣ ਖਰਚ ਲਈ ਸੰਵੇਦਨਸ਼ੀਲ ਖੇਤਰਾਂ ਦੀ ਨਿਸ਼ਾਨਦੇਹੀ ਅਤੇ ਸੁਰੱਖਿਆ ਪ੍ਰਬੰਧ ਸ਼ਾਮਲ ਹਨ। ਇਸ ਮੌਕੇ ਐੱਸ. ਐੱਸ. ਪੀ. ਫਿਰੋਜ਼ਪੁਰ, ਭੁਪਿੰਦਰ ਸਿੰਘ ਸਿੱਧੂ ਵੀ ਮੌਜੂਦ ਸਨ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ’ਚ ਪੋਲਿੰਗ ਸਟੇਸ਼ਨਾਂ ਦੇ ਰੈਸ਼ਨੇਲਾਈਜੇਸ਼ਨ ਤੋਂ ਬਾਅਦ ਜ਼ੀਰਾ ’ਚ 243 ਪੋਲਿੰਗ ਸਟੇਸ਼ਨ, ਫਿਰੋਜ਼ਪੁਰ ਸ਼ਹਿਰੀ ’ਚ 214, ਫਿਰੋਜ਼ਪੁਰ ਦਿਹਾਤੀ ’ਚ 250 ਅਤੇ ਗੁਰੂਹਰਸਹਾਏ ’ਚ 225 (ਕੁੱਲ 932 ਪੋਲਿੰਗ ਸਟੇਸ਼ਨ) ਹਨ। ਇਸ ਮੀਟਿੰਗ ’ਚ ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ, ਤਾਲਮੇਲ ਬਣਾਈ ਰੱਖਣ ਅਤੇ ਚੋਣ ਨਾਲ ਸਬੰਧਤ ਕੰਮਾਂ ਦੀ ਨਿਯਮਤ ਤੌਰ ’ਤੇ ਸਮੀਖਿਆ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

