Three-time MLA Nirmal Singh Samana and Satnam Singh join the Akali Dal
3 ਵਾਰ ਵਿਧਾਇਕ ਰਹੇ ਨਿਰਮਲ ਸਿੰਘ ਸਮਾਣਾ ਤੇ ਸਤਿਨਾਮ ਸਿੰਘ ਅਕਾਲੀ ਦਲ ‘ਚ ਸ਼ਾਮਲ
ਪਾਤੜਾਂ/ਸ਼ੁਤਰਾਣਾ (ਆਵਾਜ਼ਿ ਕੌਮ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਅਤੇ ਮਜ਼ਬੂਤੀ ਮਿਲੀ ਜਦੋਂ ਹਲਕਾ ਸ਼ੁਤਰਾਣਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਨਿਰਮਲ ਸਿੰਘ ਸਮਾਣਾ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਵਾਈਸ ਚੇਅਰਮੈਨ ਸਤਿਨਾਮ ਸਿੰਘ ਨੇ ‘ਪੁਨਰ ਸੁਰਜੀਤ’ ਨੂੰ ਅਲਵਿਦਾ ਕਹਿ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਰਸਮੀ ਤੌਰ ‘ਤੇ ਪਾਰਟੀ ‘ਚ ਸ਼ਮੂਲੀਅਤ ਕੀਤੀ। ਸੁਖਬੀਰ ਸਿੰਘ ਬਾਦਲ ਨੇ ਸਾਰੇ ਆਗੂਆਂ ਦਾ ਪਾਰਟੀ ਵਿਚ ਜੀ ਆਇਆਂ ਨੂੰ ਆਖਿਆ ਤੇ ਕਿਹਾ ਕਿ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਨਵ-ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਪੰਜਾਬ ਦੇ ਭਲੇ ਅਤੇ ਖੇਤਰੀ ਹਿੱਤਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਮੌਕੇ ‘ਤੇ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਕੁਲਦੀਪ ਸਿੰਘ ਨੱਸੂਪੁਰ, ਗੋਪਾਲ ਸ਼ਰਮਾ, ਅਮਰਜੀਤ ਸਿੰਘ ਟੋਡਰਪੁਰ ਸਾਬਕਾ ਚੇਅਰਮੈਨ, ਨਿਸ਼ਾਨ ਸਿੰਘ ਸੰਧੂ ਅਤੇ ਪੱਪੀ ਦਯਾਲਗੜ੍ਹ ਸਮੇਤ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

